Breaking News
Home / ਪੰਜਾਬ / ਅਨਿਲ ਜੋਸ਼ੀ ਨੂੰ ਕਿਸਾਨਾਂ ਦਾ ਪੱਖ ਪੂਰਨਾ ਪਿਆ ਮਹਿੰਗਾ, ਭਾਜਪਾ ਨੇ ਜਾਰੀ ਕੀਤਾ ਨੋਟਿਸ

ਅਨਿਲ ਜੋਸ਼ੀ ਨੂੰ ਕਿਸਾਨਾਂ ਦਾ ਪੱਖ ਪੂਰਨਾ ਪਿਆ ਮਹਿੰਗਾ, ਭਾਜਪਾ ਨੇ ਜਾਰੀ ਕੀਤਾ ਨੋਟਿਸ

ਚੰਡੀਗੜ੍ਹ : ਭਾਜਪਾ ਨੇ ਆਪਣੇ ਬਾਗ਼ੀ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਜੋਸ਼ੀ ਵੱਲੋਂ ਪਿਛਲੇ ਦਿਨਾਂ ਤੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੇ ਪਾਰਟੀ ਦਾ ਨੁਕਸਾਨ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਵੱਲੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਨੂੰ ਦੁਹਰਾਇਆ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਇਸ ਕਾਰਵਾਈ ਨਾਲ ਭਾਜਪਾ ਦਾ ਨਵਾਂ ਅੰਦਰੂਨੀ ਸੰਕਟ ਸ਼ੁਰੂ ਹੋਣ ਦੇ ਆਸਾਰ ਹਨ ਕਿਉਂਕਿ ਅਨਿਲ ਜੋਸ਼ੀ ਸਮੇਤ ਹੋਰਨਾਂ ਕਈ ਆਗੂਆਂ ਨੇ ਵੀ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਸੂਬਾਈ ਅਤੇ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾਉਣ ਦੇ ਯਤਨ ਕੀਤੇ ਸਨ। ਸੰਸਦ ਵੱਲੋਂ ਖੇਤੀ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਭਾਜਪਾ ਨੂੰ ਪੰਜਾਬ ਵਿੱਚ ਲਗਾਤਾਰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਹੀ ਨਹੀਂ ਕੀਤਾ ਹੋਇਆ ਸਗੋਂ ਭਾਜਪਾ ਨੂੰ ਸਿਆਸੀ ਗਤੀਵਿਧੀਆਂ ਕਰਨੀਆਂ ਵੀ ਦੁੱਭਰ ਹੋਈਆਂ ਪਈਆਂ ਹਨ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਿਰ ‘ਤੇ ਹੋਣ ਕਾਰਨ ਭਾਜਪਾ ਦੀ ਸਥਿਤੀ ਬੇਹੱਦ ਨਾਜ਼ੁਕ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਵੱਲੋਂ ਪਿਛਲੇ ਇੱਕ ਮਹੀਨੇ ਦੇ ਵੀ ਵੱਧ ਸਮੇਂ ਤੋਂ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਪਾਰਟੀ ਆਗੂਆਂ ਦੇ ਵਿਵਹਾਰ ਦੀ ਨਿੰਦਾ ਕੀਤੀ ਜਾ ਰਹੀ ਸੀ ਤੇ ਕਿਸਾਨ ਅੰਦੋਲਨ ਦੇ ਹੱਲ ਲਈ ਕਿਸਾਨਾਂ ਦੀ ਗੱਲ ਸੁਣਨ ਦੀ ਵਕਾਲਤ ਕੀਤੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪਾਰਟੀ ਦੀ ਕੌਮੀ ਲੀਡਰਸ਼ਿਪ ਜ਼ਮੀਨੀ ਹਾਲਤ ਸਮਝ ਨਹੀਂ ਰਹੀ। ਉਨ੍ਹਾਂ ਤਾਂ ਇੱਥੋਂ ਤੱਕ ਆਖ ਦਿੱਤਾ ਸੀ ਕਿ ਲੋਕ ਸਾਨੂੰ ਬਾਹਰ ਨਹੀਂ ਨਿਕਲਣ ਦੇ ਰਹੇ ਤੇ ਅਸੀਂ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੇ ਹਾਂ। ਜ਼ਿਕਰਯੋਗ ਹੈ ਕਿ ਭਾਜਪਾ ਦੇ ਇੱਕ ਹੋਰ ਆਗੂ ਕੇ ਡੀ ਭੰਡਾਰੀ ਨੇ ਵੀ ਅਨਿਲ ਜੋਸ਼ੀ ਦੀ ਸੁਰ ‘ਚ ਸੁਰ ਮਿਲਾਉਂਦਿਆਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦਾ ਸਾਰਥਕ ਹੱਲ ਕੱਢਣ ਦਾ ਮਸ਼ਵਰਾ ਦਿੱਤਾ ਸੀ। ਜੋਸ਼ੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਮੰਤਰੀ ਰਹੇ ਹਨ ਤੇ ਅੰਮ੍ਰਿਤਸਰ ਸ਼ਹਿਰ ਦੇ ਇੱਕ ਹਲਕੇ ਦੀ ਨੁਮਾਇੰਦਗੀ ਕਰਦੇ ਸਨ ਜਦਕਿ ਭੰਡਾਰੀ ਜਲੰਧਰ ਉੱਤਰੀ ਹਲਕੇ ਤੋਂ ਦੋ ਵਾਰ ਵਿਧਾਇਕ ਰਹੇ ਹਨ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …