Breaking News
Home / Special Story / ਮਾਨਸੂਨ ਸੈਸ਼ਨ ਦੌਰਾਨ ਕਿਸਾਨੀ ਪ੍ਰਦਰਸ਼ਨਾਂ ‘ਚ ਸ਼ਮੂਲੀਅਤ ਦਾ ਸੱਦਾ

ਮਾਨਸੂਨ ਸੈਸ਼ਨ ਦੌਰਾਨ ਕਿਸਾਨੀ ਪ੍ਰਦਰਸ਼ਨਾਂ ‘ਚ ਸ਼ਮੂਲੀਅਤ ਦਾ ਸੱਦਾ

ਭਾਜਪਾ ਆਗੂ ਕਿਸਾਨਾਂ ਦੇ ਗੁੱਸੇ ਦਾ ਹੋ ਰਹੇ ਹਨ ਸ਼ਿਕਾਰ
ਚੰਡੀਗੜ੍ਹ : ਕਿਸਾਨ ਆਗੂਆਂ ਨੇ 22 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਵਿਰੋਧ ਪ੍ਰਦਰਸ਼ਨ ਲਈ ਤਿਆਰੀ ਖਿੱਚਣ ਦਾ ਸੱਦਾ ਦਿੱਤਾ ਹੈ। ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੈਸ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਉਨ੍ਹਾਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਲੁਧਿਆਣਾ, ਸੰਗਰੂਰ, ਮਾਨਸਾ, ਬਠਿੰਡਾ, ਬਰਨਾਲਾ, ਰੋਪੜ, ਫਾਜ਼ਿਲਕਾ ਅਤੇ ਫਰੀਦਕੋਟ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਦਰਜਨਾਂ ਕਾਫਲੇ ਸਿੰਘੂ ਅਤੇ ਟਿਕਰੀ ਹੱਦ ਲਈ ਰਵਾਨਾ ਹੋਏ।
ਇਸੇ ਤਰ੍ਹਾਂ ਪੰਜਾਬ ਭਰ ‘ਚ ਭਾਜਪਾ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਭਾਜਪਾ ਸਮੇਤ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਵੀ ਕਿਸਾਨਾਂ ਦੇ ਰੋਹ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਰਾਜਪੁਰਾ ਦੀ ਘਟਨਾ ਨੇ ਕਿਸਾਨਾਂ ਦਾ ਰੋਹ ਹੋਰ ਭਖਾਇਆ ਹੈ।
ਜਾਣਕਾਰੀ ਅਨੁਸਾਰ ਫਾਜ਼ਿਲਕਾ ਅਤੇ ਖਡੂਰ ਸਾਹਿਬ ਵਿੱਚ ਸਿਆਸੀ ਆਗੂਆਂ ਤੇ ਕਿਸਾਨਾਂ ਵਿਚਾਲੇ ਟਕਰਾਅ ਹੋਇਆ। ਇਸੇ ਤਰ੍ਹਾਂ ਕਿਸਾਨਾਂ ਨੇ ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਵਿੱਚ ਭਾਜਪਾ ਆਗੂ ਹਰਜੀਤ ਗਰੇਵਾਲ ਖਿਲਾਫ ਧਰਨਾ ਲਾਇਆ। ਮੁਜ਼ਾਹਰੇ ਤੋਂ ਬਾਅਦ ਰੈਲੀ ਕਰ ਕੇ ਕਿਸਾਨ ਬੁਲਾਰਿਆਂ ਨੇ ਹਰਜੀਤ ਗਰੇਵਾਲ ਨੂੰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ।ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਜਥੇਬੰਦਕ ਏਕੇ ਨਾਲ ਮੋਦੀ ਹਕੂਮਤ ਦੀ ਹਰ ਸਾਜਿਸ਼ ਦਾ ਜਵਾਬ ਦਿੱਤਾ ਜਾਵੇਗਾ। ਕਿਸਾਨ ਖੇਤੀ ਕਾਨੂੰਨ ਰੱਦ ਕਰਵਾ ਕੇ ਅਤੇ ਐੱਮਐੱਸਪੀ ਦੀ ਗਾਰੰਟੀ ਵਾਲਾ ਨਵਾਂ ਕਾਨੂੰਨ ਬਣਵਾ ਕੇ ਹੀ ਮੁੜਨਗੇ। ਕਿਸਾਨ ਬੁਲਾਰਿਆਂ ਨੇ ਦਿੱਲੀ ਹੱਦ ‘ਤੇ ਸ਼ਹੀਦ ਹੋ ਰਹੇ ਕਿਸਾਨਾਂ-ਮਜਦੂਰ ਦੀ ਸ਼ਹਾਦਤ ਲਈ ਜ਼ਿੰਮੇਵਾਰ ਮੋਦੀ ਸਰਕਾਰ ਵਿਰੁੱਧ ਕਤਲ ਦੇ ਕੇਸ ਦਰਜ ਕਰਨ ਦੀ ਮੰਗ ਕੀਤੀ।
ਸੰਸਦ ਭਵਨ ਬਾਹਰ ਕਿਸਾਨ ਚਲਾਉਣਗੇ ਆਪਣੀ ਸੰਸਦ
ਖੇਤੀ ਕਾਨੂੰਨਾਂ ਵਿਰੁੱਧ ਲੰਮੇ ਸਮੇਂ ਤੋਂ ਦਿੱਲੀ ਦੀਆਂ ਹੱਦਾਂ ‘ਤੇ ਬੈਠੇ ਕਿਸਾਨ ਹੁਣ ਲੋਕ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਆਪਣੀ ਸੰਸਦ ਵੀ ਚਲਾਉਣਗੇ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਸਿੰਘੂ ਬਾਰਡਰ ਤੋਂ ਰੋਜ਼ਾਨਾ 200 ਕਿਸਾਨਾਂ ਦਾ ਜਥਾ ਸੰਸਦ ਭਵਨ ਦੇ ਬਾਹਰ ਜਾਏਗਾ ਤੇ ਉਥੇ ਆਪਣਾ ਸੈਸ਼ਨ ਚਲਾਏਗਾ। ਹਰ ਜਥੇਬੰਦੀ ਰੋਜ਼ਾਨਾ ਪੰਜ ਮੈਂਬਰ ਭੇਜੇਗੀ। ਇਹ ਵਿਰੋਧ ਸ਼ਾਂਤਮਈ ਤਰੀਕੇ ਨਾਲ ਕੀਤਾ ਜਾਵੇਗਾ। ਜੇ ਕਿਸਾਨਾਂ ਦੀ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਅਗਲੇ ਦਿਨ ਅਗਲੀ ਟੀਮ ਪਾਰਲੀਮੈਂਟ ਚਲਾਏਗੀ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਕਿਸਾਨਾਂ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ।
ਕਿਸਾਨਾਂ ਵੱਲੋਂ ਤੋਮਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਸਲਾਹ
ਚੰਡੀਗੜ੍ਹ : ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਦੀ ਹੈਂਕੜ ਭੰਨਣ ਲਈ ਸੂਬੇ ਵਿੱਚ 9 ਮਹੀਨਿਆਂ ਤੋਂ ਅਤੇ ਦਿੱਲੀ ਵਿੱਚ 7 ਮਹੀਨਿਆਂ ਤੋਂ ਚੱਲ ਰਹੇ ਮੋਰਚੇ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕੰਮਾਂ ਤੋਂ ਵਿਹਲੇ ਹੋਣ ਵਾਲੇ ਕਿਸਾਨ ਕਾਫ਼ਲਿਆਂ ਦੇ ਰੂਪ ਵਿੱਚ ਪੰਜਾਬ ਤੋਂ ਦਿੱਲੀ ਵੱਲ ਕੂਚ ਕਰਨ। ਟੌਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਕਿਸਾਨ ਆਗੂਆਂ ਨੇ ਖੇਤੀਬਾੜੀ ਢਾਂਚਾਗਤ ਵਿਕਾਸ ਫੰਡ ਨੂੰ ਨਵਾਂ ਮਜ਼ਾਕ ਕਰਾਰ ਦਿੱਤਾ। ਮੰਡੀ ਪ੍ਰਬੰਧ ਦੀ ਮਜ਼ਬੂਤੀ ਦਾ ਪ੍ਰਚਾਰ ਤਾਂ ਲੋਕਾਂ ਨੂੰ ਗੁਮਰਾਹ ਕਰਨ ਮਾਤਰ ਹੈ। ਬੁਲਾਰਿਆਂ ਨੇ ਮੋਦੀ ਸਰਕਾਰ ਵੱਲੋਂ ਏਪੀਐੱਮਸੀ ਮੰਡੀਆਂ ਨੂੰ ਇੱਕ ਲੱਖ ਕਰੋੜ ਰੁਪਏ ਦੇਣ ਦੇ ਦਾਅਵਿਆਂ ਨੂੰ ਡਰਾਮਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਤਾਂ ਮੋਦੀ ਸਰਕਾਰ ਨੇ ਇੱਕ ਰੁਪਿਆ ਵੀ ਨਹੀਂ ਰੱਖਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ‘ਸਰਕਾਰ ਗੱਲਬਾਤ ਲਈ ਤਿਆਰ’ ਵਾਲਾ ਪੁਰਾਣਾ ਰਾਗ ਤਿਆਗ ਕੇ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।
ਕਿਸਾਨ ਅੰਦੋਲਨ ਨੇ ਸਾਹਿਤ ਅਤੇ ਸਭਿਆਚਾਰ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ
ਦੇਸ਼ ਭਗਤ ਯਾਦਗਾਰ ਹਾਲ ਵਿੱਚ ਕਿਸਾਨੀ ਸੰਘਰਸ਼ ਦੇ ਪ੍ਰਭਾਵ ਬਾਰੇ ਹੋਈ ਗੱਲਬਾਤ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦਾ ਸਮਾਜ, ਸਭਿਆਚਾਰ ਅਤੇ ਜ਼ਿੰਦਗੀ ‘ਤੇ ਪ੍ਰਭਾਵ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਦੀ ਸ਼ੁਰੂਆਤ ਬੁੱਧੀਜੀਵੀ ਸਟੈਨ ਸਵਾਮੀ ਅਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਕੀਤੀ ਗਈ।
ਇਸ ਦੌਰਾਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਸਹਾਇਕ ਸਕੱਤਰ ਡਾ.ਪਰਮਿੰਦਰ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਸੁਰਜੀਤ ਜੱਜ, ਡਾ. ਸਾਹਿਬ ਸਿੰਘ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ। ਮੁੱਖ ਬੁਲਾਰੇ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੇ ਸਾਹਿਤ ਅਤੇ ਸਭਿਆਚਾਰ ਨੂੰ ਨਵੀਂ ਊਰਜਾ ਅਤੇ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਮਲਕ ਭਾਗੋਆਂ ਅਤੇ ਭਾਈ ਲਾਲੋਆਂ ਵਿਚਾਲੇ ਟਕਰਾਅ ਦਾ ਵਰਤਾਰਾ ਬਾਬੇ ਨਾਨਕ ਦੇ ਸਮਿਆਂ ਨਾਲੋਂ ਵੀ ਕਿਤੇ ਜਟਿਲ ਅਤੇ ਟੇਢਾ-ਮੇਢਾ ਬਣ ਚੁੱਕਿਆ ਹੈ। ਕਿਸਾਨ ਅੰਦੋਲਨ ਅਸਲ ‘ਚ ਦੱਬੇ ਕੁਚਲੇ ਸਮਾਜ ਅਤੇ ਪੂਰੇ ਮੁਲਕ ਦੀ ਲੜਾਈ ਲੜ ਰਿਹਾ ਹੈ। ਇਹ ਯੁੱਧ ਚੇਤਨਾ ਦੀ ਤਾਕਤ ਨਾਲ ਲੜਿਆ ਅਤੇ ਜਿੱਤਿਆ ਜਾਵੇਗਾ।
ਪ੍ਰੋ. ਸੁਰਜੀਤ ਜੱਜ ਨੇ ਕਿਹਾ ਕਿ ਕਿਸਾਨ ਅੰਦੋਲਨ ਨੇ ਨਵੀਆਂ, ਨਰੋਈਆਂ ਕਦਰਾਂ ਕੀਮਤਾਂ ਸਿਰਜੀਆਂ ਹਨ ਪਰ ਇਸ ਨੇ ਹਾਲੇ ਸਭਿਆਚਾਰਕ ਸਿਫ਼ਤੀ ਤਬਦੀਲੀ ਦਾ ਰੂਪ ਧਾਰਨਾ ਹੈ। ਇਸ ਦਾ ਪ੍ਰਮਾਣ ਆਉਣ ਵਾਲਾ ਕੱਲ੍ਹ ਦੇਵੇਗਾ। ਅਜੇ ਪਤਲੇ ਜਿਹੇ ਰੰਗ ਨੂੰ ਹੋਰ ਗੂੜ੍ਹਾ ਕਰਨ ਲਈ ਲੰਮੀਆਂ ਵਾਟਾਂ ਤੈਅ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਕਵੀਆਂ, ਸਾਹਿਤਕਾਰਾਂ ਤੇ ਲੇਖਕਾਂ ਵਿਚਾਲੇ ਹਮੇਸ਼ਾ ਤੋਂ ਰਹਿੰਦੀ ਵਿੱਥ ਕਿਸਾਨ ਅੰਦੋਲਨ ਨੇ ਦੂਰ ਕਰਨ ਵਿੱਚ ਅਹਿਮ ਪੁਲਾਂਘ ਪੁੱਟੀ ਹੈ। ਰੰਗ ਕਰਮੀਆਂ ਨੂੰ ਲੋਕਾਂ ਨਾਲ ਮੱਛੀ ਤੇ ਪਾਣੀ ਵਾਂਗ ਨਾਤਾ ਸਿਰਜਣਾ ਚਾਹੀਦਾ ਹੈ।
ਇਸ ਦੌਰਾਨ ਦੇਸ ਰਾਜ ਕਾਲੀ, ਹਰਵਿੰਦਰ ਭੰਡਾਲ, ਮੰਗਤ ਰਾਮ ਪਾਸਲਾ, ਸਤਨਾਮ ਸਿੰਘ ਮਾਣਕ, ਗੁਲਜ਼ਾਰ ਸਿੰਘ ਪੰਧੇਰ ਅਤੇ ਮੰਗਲਜੀਤ ਨੇ ਵੀ ਵਿਚਾਰ-ਚਰਚਾ ‘ਚ ਹਿੱਸਾ ਲੈਂਦਿਆਂ ਕੁਝ ਨੁਕਤੇ ਉਠਾਏ, ਜਿਨ੍ਹਾਂ ਬਾਰੇ ਡਾ. ਸਿਰਸਾ ਅਤੇ ਪ੍ਰੋ. ਜੱਜ ਨੇ ਆਪਣੇ ਪੱਖ ਰੱਖੇ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ। ਬੁਲਾਰਿਆਂ ਨੂੰ ਕਿਤਾਬਾਂ ਦੇ ਸੈੱਟ ਭੇਟ ਕਰਕੇ ਸਨਮਾਨਿਆ ਗਿਆ।
ਮੇਰਾ ਪੰਜਾਬ ‘ਚ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ: ਚਡੂਨੀ
ਡੇਰਾ ਬਾਬਾ ਨਾਨਕ ਤੋਂ ਦਿੱਲੀ ਦੇ ਕੁੰਡਲੀ ਬਾਰਡਰ ਤੱਕ ‘ਜਾਗੋ’ ਰੈਲੀ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਮਾਝਾ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫਲਾ ਡੇਰਾ ਬਾਬਾ ਨਾਨਕ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਕੱਢੀ ਗਈ ਜਾਗੋ ਰੈਲੀ ਤਹਿਤ ਦਿੱਲੀ ਦੇ ਕੁੰਡਲੀ ਬਾਰਡਰ ਲਈ ਰਵਾਨਾ ਹੋਇਆ। ਇਸ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਵੱਡੀ ਗਿਣਤੀ ਨੌਜਵਾਨਾਂ ਤੇ ਕਿਸਾਨਾਂ ਨੇ ਆਪਣੇ ਵਾਹਨਾਂ ਰਾਹੀਂ ਚੜੂਨੀ ਦੀ ਅਗਵਾਈ ਹੇਠ ਦਿੱਲੀ ਵੱਲ ਚਾਲੇ ਪਾਏ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਚੜੂਨੀ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਵਿੱਚ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਹੈ, ਸਗੋਂ ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਆਖਿਆ ਕਿ ਉਹ ਅੱਗੇ ਲੱਗਣ ਕਿਉਂਕਿ ਪੰਜਾਬ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਵਸਥਾ ਬਦਲਣ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਕੀਤਾ, ”ਨਾ ਤਾਂ ਮੈਂ ਕੋਈ ਸਿਆਸੀ ਪਾਰਟੀ ਬਣਾ ਰਿਹਾ ਹਾਂ ਤੇ ਨਾ ਹੀ ਚੋਣ ਲੜ ਰਿਹਾ ਹਾਂ।
ਪਿਛਲੇ ਦਿਨੀਂ ਮੈਂ ਜੋ ਵੀ ਕਿਹਾ ਉਹ ਸਿਰਫ ਮੇਰੇ ਵਿਚਾਰ ਸਨ ਨਾ ਕਿ ਫੈਸਲਾ।” ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਸਿਰਫ ਇਹ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨੂੰ ਮਿਲ ਕੇ ਸੋਚਣਾ ਚਾਹੀਦਾ ਹੈ ਕਿ ਕੀ ਉਨ੍ਹਾਂ ਕੋਲ ਕੋਈ ਹੋਰ ਬਦਲ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਕੱਠਾ ਹੋ ਕੇ ਮੌਜੂਦਾ ਹਾਲਾਤ ਨੂੰ ਬਦਲਣਾ ਚਾਹੀਦਾ ਹੈ।
ਇਸ ਮੌਕੇ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਚੜੂਨੀ ਨੂੰ ਗੁਰਦੁਆਰਾ ਡੇਰਾ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ। ਚੜੂਨੀ ਨੇ ਆਖਿਆ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਮਾਨਸਿਕ ਤੇ ਆਰਥਿਕ ਤੌਰ ‘ਤੇ ਜਿੰਨਾ ਮਰਜੀ ਤਸ਼ੱਦਦ ਕਰ ਲਵੇ ਪਰ ਕਿਸਾਨ ਤਿੰਨੋਂ ਨਵੇਂ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਪਰਤਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ਤੋਂ ਕਾਫ਼ਲੇ ਲਿਜਾਣ ਦਾ ਮਕਸਦ ਕੇਂਦਰ ਸਰਕਾਰ ਨੂੰ ਇਹ ਦੱਸਣਾ ਹੈ ਕਿ ਕਿਸਾਨ ਅੰਦੋਲਨ ਵਿੱਚ ਕੋਈ ਕਮੀ ਨਹੀਂ ਆਈ ਹੈ ਤੇ ਨਾ ਹੀ ਕਿਸਾਨਾਂ ਦਾ ਜੋਸ਼ ਘਟਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਕਿਸਾਨ, ਮਜ਼ਦੂਰ, ਵਪਾਰੀ ਤੇ ਮੁਲਾਜ਼ਮ ਵਰਗ ਸਾਰੇ ਦੁੱਖੀ ਹਨ। ਉਨ੍ਹਾਂ ਦੱਸਿਆ ਕਿ ਆਉਂਦੇ ਸਮੇਂ ਵਿੱਚ ਭਾਜਪਾ ਨੂੰ ਸ਼ੀਸ਼ਾ ਜ਼ਰੂਰ ਦਿਖਾਇਆ ਜਾਵੇਗਾ।
‘ਤੁਸੀਂ ਆਪਣੇ ‘ਚੋਂ ਚੰਗੇ, ਸਾਫ਼-ਸੁਥਰੇ ਉਮੀਦਵਾਰ ਚੁਣੋ’
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਹਰਿਆਣਾ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦਾ ਟੌਲ ਪਲਾਜ਼ਾ ਮਾਨਸਰ ਪਹੁੰਚਣ ‘ਤੇ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਹੀਦ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿੱਬਾ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਚੜੂਨੀ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਦੇਸ਼ ਦੀ ਜਨਤਾ ਦਾ ਸ਼ੋਸ਼ਣ ਕਰ ਰਿਹਾ ਹੈ ਤੇ ਜਲਦੀ ਹੀ ਉਸ ਦੇ ਹੰਕਾਰ ਦਾ ਘੜਾ ਫੁੱਟੇਗਾ। ਉਨ੍ਹਾਂ ਕਿਹਾ ਕਿ ਜੋ ਹਾਲ ਭਾਜਪਾ ਦਾ ਪੱਛਮੀ ਬੰਗਾਲ ਵਿੱਚ ਹੋਇਆ ਹੈ ਉਹੀ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਸੂਬਿਆਂ ‘ਚ ਹੋਵੇਗਾ। ਕਿਸਾਨ ਦੇਸ਼ ਨੂੰ ਭੁੱਖਮਰੀ ਤੋਂ ਬਚਾਉਣ ਲਈ ਲੜ ਰਹੇ ਹਨ। ਉਨ੍ਹਾਂ ਕਿਹਾ, ”ਤੁਸੀਂ ਆਪਣੇ ਵਿੱਚੋਂ ਚੰਗੇ, ਸਾਫ਼-ਸੁਥਰੇ ਉਮੀਦਵਾਰ ਚੁਣੋ ਜੋ ਤੁਹਾਡੇ ਲਈ ਲੜ ਰਹੇ ਹਨ ਤਾਂ ਜੋ ਪੰਜਾਬ ਨੂੰ ਇੱਕ ਮਾਡਲ ਵਜੋਂ ਪੇਸ਼ ਕੀਤਾ ਜਾ ਸਕੇ।”
ਪੰਜਾਬ ਤੇ ਯੂਪੀ ਦੀਆਂ ਅਗਾਮੀ ਚੋਣਾਂ ‘ਚ ਕਿਸਾਨ ਵੀ ਲੈ ਸਕਦੇ ਨੇ ਹਿੱਸਾ : ਟਿਕੈਤ
ਕਿਹਾ : ਮੁਜੱਫਰਨਗਰ ‘ਚ ਸਤੰਬਰ ਮਹੀਨੇ ਹੋਵੇਗੀ ਮਹਾਪੰਚਾਇਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਆਗੂ ਪੰਜਾਬ ਤੇ ਉੱਤਰ ਪ੍ਰਦੇਸ਼ ਦੀਆਂ ਅਗਾਮੀ ਅਸੈਂਬਲੀ ਚੋਣਾਂ ਵਿੱਚ ਹਿੱਸਾ ਲੈ ਸਕਦੇ ਹਨ। ਹਾਲਾਂਕਿ ਉਨ੍ਹਾਂ ਨਾਲ ਹੀ ਸਪਸ਼ਟ ਕਰ ਦਿੱਤਾ ਕਿ ਉਹ ਖੁਦ ਚੋਣਾਂ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਕੌਮੀ ਰਾਜਧਾਨੀ ਵਿੱਚ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਹਨ। ਉਨ੍ਹਾਂ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਮੁਜ਼ੱਫ਼ਰਨਗਰ ਵਿੱਚ ਸਤੰਬਰ ਮਹੀਨੇ ਮਹਾਪੰਚਾਇਤ ਹੋਵੇਗੀ, ਜਿਸ ਵਿੱਚ ਭਵਿੱਖੀ ਰਣਨੀਤੀ ਉਲੀਕੀ ਜਾਵੇਗੀ। ਇਸ ਮਹਾਪੰਚਾਇਤ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਕਿਸਾਨ ਸ਼ਾਮਲ ਹੋਣਗੇ।
ਟਿਕੈਤ ਨੇ ਸਵਾਲ ਕੀਤਾ ਕਿ ਕੀ ਚੋਣ ਲੜਨਾ ਗ਼ਲਤ ਹੈ?ਵੋਟ ਪਾਉਣ ਵਾਲੇ ਵੀ ਚੋਣ ਲੜਨ ਦਾ ਫ਼ੈਸਲਾ ਕਰ ਸਕਦੇ ਹਨ! ਜਿਸ ਨੇ ਚੋਣਾਂ ਲੜਨੀਆਂ ਹੋਣ ਉਹ ਲੜ ਸਕਦਾ ਹੈ ਉਸ ਨੂੰ ਰੋਕ ਨਹੀਂ ਸਕਦੇ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਪੰਜਾਬ ਅਸੈਂਬਲੀ ਦੀਆਂ ਚੋਣਾਂ ਲੜਨੀਆਂ ਚਾਹੀਦੀਆਂ ਹਨ। ਹਾਲਾਂਕਿ ਸੰਯੁਕਤ ਕਿਸਾਨ ਮੋਰਚਾ ਸਪਸ਼ਟ ਕਰ ਚੁੱਕਾ ਹੈ ਕਿ ਉਹ ਕਿਸਾਨ ਆਗੂ ਦੇ ਇਸ ਬਿਆਨ ਨਾਲ ਇਤਫ਼ਾਕ ਨਹੀਂ ਰੱਖਦਾ।
ਗੁਰਨਾਮ ਸਿੰਘ ਚਡੂਨੀ ਹਫ਼ਤੇ ਲਈ ਸੰਯੁਕਤ ਕਿਸਾਨ ਮੋਰਚੇ ‘ਚੋਂ ਮੁਅੱਤਲ
ਚਡੂਨੀ ਨੇ ਕਿਸਾਨਾਂ ਨੂੰ ਚੋਣ ਲੜਨ ਲਈ ਉਕਸਾਇਆ : ਰਾਜੇਵਾਲ
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਨੇ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੂੰ ਉਨ੍ਹਾਂ ਦੇ ‘ਪੰਜਾਬ ਮਿਸ਼ਨ’ ਵਾਲੇ ਬਿਆਨ ਦੇ ਆਧਾਰ ‘ਤੇ ਮੋਰਚੇ ਵਿੱਚੋਂ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਹੈ। ਚਡੂਨੀ ਨੇ ‘ਪੰਜਾਬ ਮਿਸ਼ਨ’ ਤਹਿਤ ਸੁਝਾਅ ਦਿੱਤਾ ਸੀ ਕਿ ‘ਸਿਸਟਮ ਵਿੱਚ ਬਦਲਾਅ’ ਲਈ ਕਿਸਾਨ ਯੂਨੀਅਨਾਂ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨੀਆਂ ਚਾਹੀਦੀਆਂ ਹਨ। ਮੋਰਚੇ ਨੇ ਹਾਲਾਂਕਿ ਚਡੂਨੀ ਦੇ ਇਸ ਬਿਆਨ ਤੋਂ ਖੁਦ ਨੂੰ ਵੱਖ ਕਰਦਿਆਂ ਇਸ ਨੂੰ ਕਿਸਾਨ ਆਗੂ ਦੀ ਨਿੱਜੀ ਰਾਇ ਦੱਸਿਆ ਸੀ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਇੱਥੇ ਖੇਤੀ ਕਾਨੂੰਨਾਂ ਖਿਲਾਫ ਵਿੱਢੇ ਘੋਲ ਨੂੰ ਜਿੱਤਣ ਲਈ ਆਏ ਹਨ ਨਾ ਕਿ ਚੋਣਾਂ ਲੜਨ। ਉਨ੍ਹਾਂ ਕਿਹਾ ਕਿ ਚਡੂਨੀ ਪੰਜਾਬ ਦੇ ਕਿਸਾਨਾਂ ਨੂੰ ਚੋਣ ਮੈਦਾਨ ਵਿੱਚ ਨਿੱਤਰਨ ਲਈ ਉਕਸਾ ਰਹੇ ਸਨ ਤੇ ਬੀਤੇ ਦਿਨ ਕਿਸਾਨਾਂ ਦੀ ਬੈਠਕ ‘ਚ ਉਕਤ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਰਚੇ ਨੇ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ ਸੀ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਚਡੂਨੀ ਸਿਆਸੀ ਬਿਆਨ ਦੇ ਰਹੇ ਸਨ।
ਉਧਰ ਦੂਜੇ ਪਾਸੇ ਗੁਰਨਾਮ ਸਿੰਘ ਚਡੂਨੀ ਨੇ ਇਕ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਚੋਣ ਮੈਦਾਨ ‘ਚ ਨਿੱਤਰਨ ਦਾ ਫ਼ੈਸਲਾ ਸਰਬਸੰਮਤੀ ਨਾਲ ਨਹੀਂ ਲਿਆ ਗਿਆ, ਪਰ ਉਹ ਸੱਤਾ ਤਬਦੀਲੀ ਦੀ ਥਾਂ ‘ਵਿਵਸਥਾ ਤਬਦੀਲੀ’ ਦੀ ਗੱਲ ਕਰਦੇ ਹਨ ਤੇ ਅੱਗੋਂ ਵੀ ਆਪਣੇ ਸਟੈਂਡ ਉਪਰ ਕਾਇਮ ਹਨ। ਉਨ੍ਹਾਂ ਕਿਹਾ ਕਿ ਸਰਕਾਰ ਭੁੱਲ ਜਾਵੇ ਕਿ ਸੰਯੁਕਤ ਕਿਸਾਨ ਮੋਰਚੇ ‘ਚ ਕੋਈ ਫੁੱਟ ਪਏਗੀ ਬਲਕਿ ਉਹ ਪਹਿਲਾਂ ਨਾਲੋਂ ਵੀ ਵੱਧ ਸਰਗਰਮ ਹੋਣਗੇ।
ਕਿਸਾਨਾਂ ਦੇ ਹੱਕ ‘ਚ ਬੋਲਣ ਵਾਲੇ ਅਨਿਲ ਜੋਸ਼ੀ ਦੀ ਭਾਜਪਾ ‘ਚੋਂ ਛੁੱਟੀ
ਅਨੁਸ਼ਾਸਨਹੀਣਤਾ ਕਾਰਨ ਲਿਆ ਫ਼ੈਸਲਾ: ਅਸ਼ਵਨੀ ਕੁਮਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ 6 ਸਾਲਾਂ ਲਈ ਕੱਢਣ ਦਾ ਐਲਾਨ ਕੀਤਾ ਹੈ। ਜੋਸ਼ੀ ਅਕਾਲੀ-ਭਾਜਪਾ ਸਰਕਾਰ ਸਮੇਂ ਸਾਲ 2012 ਤੋਂ 2017 ਤੱਕ ਕੈਬਨਿਟ ਮੰਤਰੀ ਰਹੇ ਅਤੇ ਉਹ ਅੰਮ੍ਰਿਤਸਰ ਸ਼ਹਿਰ ਦੇ ਇੱਕ ਹਲਕੇ ਦੀ ਨੁਮਾਇੰਦਗੀ ਕਰਦੇ ਸਨ।
ਸੂਬਾ ਪ੍ਰਧਾਨ ਨੇ 7 ਜੁਲਾਈ ਨੂੰ ਜੋਸ਼ੀ ਨੂੰ ਨੋਟਿਸ ਜਾਰੀ ਕਰਦਿਆਂ ਦੋ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਸੀ। ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਉਸ ਦੀਆਂ ਨੀਤੀਆਂ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜੋਸ਼ੀ ਨੇ ਨੋਟਿਸ ਮਿਲਣ ਤੋਂ ਬਾਅਦ ਵੀ ਭਾਜਪਾ ਖਿਲਾਫ ਚੱਲਣ ਦਾ ਆਪਣਾ ਅੜੀਅਲ ਰਵੱਈਆ ਨਹੀਂ ਛੱਡਿਆ। ਪਾਰਟੀ ਨੇ ਕਿਹਾ ਕਿ ਸਾਬਕਾ ਮੰਤਰੀ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਹੀ ਅਨੁਸ਼ਾਸਨੀ ਕਮੇਟੀ ਦੀ ਸਿਫਾਰਿਸ਼ ‘ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸਵਨੀ ਸ਼ਰਮਾ ਨੇ ਜੋਸ਼ੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਹੈ। ਸੂਤਰਾਂ ਮੁਤਾਬਕ ਭਾਜਪਾ ਅੰਦਰ ਬਗ਼ਾਵਤੀ ਸੁਰਾਂ ਵਧਣ ਕਰਕੇ ਅਨਿਲ ਜੋਸ਼ੀ ਖਿਲਾਫ ਕਾਰਵਾਈ ਕੀਤੀ ਗਈ ਹੈ। ਵਿਧਾਨ ਸਭਾ ਚੋਣਾਂ ਨਜ਼ਦੀਕ ਹੋਣ ਕਾਰਨ ਭਗਵਾਂ ਪਾਰਟੀ ਦੀ ਸਥਿਤੀ ਕਸੂਤੀ ਬਣੀ ਪਈ ਸੀ। ਪਾਰਟੀ ਆਗੂਆਂ ਦਾ ਇਹ ਵੀ ਮੰਨਣਾ ਹੈ ਕਿ ਸੂਬਾ ਪ੍ਰਧਾਨ ਵੱਲੋਂ ਕੀਤੀ ਗਈ ਇਸ ਕਾਰਵਾਈ ਨਾਲ ਭਾਜਪਾ ਦਾ ਅੰਦਰੂਨੀ ਸੰਕਟ ਹੱਲ ਹੋਣ ਦੀ ਥਾਂ ਹੋਰ ਡੂੰਘਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਸਮੇਤ ਹੋਰ ਕਈ ਆਗੂਆਂ ਨੇ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਸੂਬਾਈ ਅਤੇ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾਉਣ ਦੇ ਯਤਨ ਕੀਤੇ ਸਨ। ਬੀਤੇ ਸਾਲ ਸੰਸਦ ਵੱਲੋਂ ਖੇਤੀ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਭਾਜਪਾ ਆਗੂਆਂ ਨੂੰ ਪੰਜਾਬ ਵਿੱਚ ਲਗਾਤਾਰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਹੀ ਨਹੀਂ ਕੀਤਾ ਹੋਇਆ ਹੈ ਸਗੋਂ ਸਿਆਸੀ ਗਤੀਵਿਧੀਆਂ ਕਰਨੀਆਂ ਵੀ ਮੁਸ਼ਕਲ ਹੋਈਆਂ ਪਈਆਂ ਹਨ। ਇਸੇ ਰੋਹ ਦੇ ਚਲਦਿਆਂ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੇ ਮਲੋਟ ‘ਚ ਕੱਪੜੇ ਤੱਕ ਪਾੜ ਦਿੱਤੇ ਗਏ ਸਨ। ਇੱਕ ਹੋਰ ਆਗੂ ਹਰਜੀਤ ਸਿੰਘ ਗਰੇਵਾਲ ਦੇ ਖੇਤ ਵਿੱਚ ਲਾਇਆ ਝੋਨਾ ਵੀ ਕਿਸਾਨਾਂ ਨੇ ਪੁੱਟ ਦਿੱਤਾ ਸੀ। ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਵੱਲੋਂ ਪਿਛਲੇ ਇਕ ਮਹੀਨੇ ਤੋਂ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਪਾਰਟੀ ਆਗੂਆਂ ਦੇ ਵਿਵਹਾਰ ਦੀ ਨਿੰਦਾ ਕੀਤੀ ਜਾ ਰਹੀ ਸੀ। ਉਹ ਕਿਸਾਨਾਂ ਦੀ ਗੱਲ ਸੁਣਨ ਦੀ ਵਕਾਲਤ ਕਰਦੇ ਆ ਰਹੇ ਸਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪਾਰਟੀ ਦੀ ਕੌਮੀ ਲੀਡਰਸ਼ਿਪ ਜ਼ਮੀਨੀ ਹਾਲਾਤ ਸਮਝਣ ‘ਚ ਨਾਕਾਮ ਰਹੀ ਹੈ। ਜੋਸ਼ੀ ਨੇ ਤਾਂ ਇੱਥੋਂ ਤੱਕ ਆਖ ਦਿੱਤਾ ਸੀ ਕਿ ਲੋਕ ਭਾਜਪਾ ਆਗੂਆਂ ਨੂੰ ਬਾਹਰ ਨਹੀਂ ਨਿਕਲਣ ਦੇ ਰਹੇ ਅਤੇ ਪਾਰਟੀ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੀ ਹੈ। ਭਾਜਪਾ ਦੇ ਇੱਕ ਹੋਰ ਆਗੂ ਕੇ ਡੀ ਭੰਡਾਰੀ ਨੇ ਵੀ ਅਨਿਲ ਜੋਸ਼ੀ ਦੀ ਸੁਰ ਨਾਲ ਸੁਰ ਮਿਲਾਉਂਦਿਆਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦਾ ਸਾਰਥਕ ਹੱਲ ਕੱਢਣ ਦਾ ਮਸ਼ਵਰਾ ਦਿੱਤਾ ਸੀ।
ਜੋਸ਼ੀ ਨੇ ਅਸ਼ਵਨੀ ਸ਼ਰਮਾ ਦਾ ਅਸਤੀਫ਼ਾ ਮੰਗਿਆ
ਪਠਾਨਕੋਟ : ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਖਿਲਾਫ ਵਿੱਢੀ ਮੁਹਿੰਮ ਤਹਿਤ ਸੁਜਾਨਪੁਰ ਅਤੇ ਪਠਾਨਕੋਟ ਦਾ ਦੌਰਾ ਕੀਤਾ। ਉਹ ਸੁਜਾਨਪੁਰ ਵਿੱਚ ਭਾਜਪਾ ਨੂੰ ਅਲਵਿਦਾ ਆਖਣ ਵਾਲੇ ਸਾਬਕਾ ਨਗਰ ਕੌਂਸਲ ਪ੍ਰਧਾਨ ਰਾਜ ਕੁਮਾਰ ਗੁਪਤਾ ਦੇ ਘਰ ਗਏ। ਰਾਜ ਕੁਮਾਰ ਗੁਪਤਾ ਨੇ ਜੋਸ਼ੀ ਦੀ ਮੌਜੂਦਗੀ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਅਸ਼ਵਨੀ ਸ਼ਰਮਾ ਨੂੰ ਸੂਬਾ ਪ੍ਰਧਾਨਗੀ ਤੋਂ ਤਿਆਗ ਪੱਤਰ ਦੇਣ ਲਈ ਕਿਹਾ। ਬਾਅਦ ਵਿੱਚ ਉਹ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਦੇ ਪਠਾਨਕੋਟ ਵਿੱਚ ਸਥਿਤ ਘਰ ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਤਰ੍ਹਾਂ ਭਾਜਪਾ ਦੇ ਅਸੰਤੁਸ਼ਟ ਆਗੂਆਂ ਨੇ ਸਰਗਰਮੀਆਂ ਵਿੱਢ ਦਿੱਤੀਆਂ ਹਨ। ਉਧਰ, ਰਾਜ ਕੁਮਾਰ ਗੁਪਤਾ ਨੇ ਸੁਜਾਨਪੁਰ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ।
ਕਿਸਾਨਾਂ ਦੀ ਗੱਲ ਕਰਕੇ ਕੋਈ ਗੁਨਾਹ ਨਹੀਂ ਕੀਤਾ: ਅਨਿਲ ਜੋਸ਼ੀ
ਅੰਮ੍ਰਿਤਸਰ : ਅਨਿਲ ਜੋਸ਼ੀ ਹੁਣ ਆਪਣੇ ਸਿਆਸੀ ਭਵਿੱਖ ਬਾਰੇ ਕੋਈ ਵੀ ਫੈਸਲਾ ਇਕ ਮਹੀਨੇ ਬਾਅਦ ਸਵੈ-ਮੰਥਨ ਅਤੇ ਸਥਿਤੀਆਂ ਦਾ ਜਾਇਜ਼ਾ ਲੈਣ ਮਗਰੋਂ ਲੈਣਗੇ। ਉਨ੍ਹਾਂ ਨੂੰ ਪੰਜਾਬ ਭਾਜਪਾ ਵਲੋਂ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਪਾਰਟੀ ਵਿਚੋਂ ਛੇ ਸਾਲਾਂ ਲਈ ਬਾਹਰ ਕੱਢ ਦਿੱਤਾ ਗਿਆ ਹੈ। ਪੰਜਾਬ ਭਾਜਪਾ ਦੀ ਇਸ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ‘ਚ ਮੀਡੀਆ ਨਾਲ ਗੱਲ ਕਰਦਿਆਂ ਜੋਸ਼ੀ ਨੇ ਆਖਿਆ ਕਿ ਉਨ੍ਹਾਂ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕਰਕੇ ਕੋਈ ਗੁਨਾਹ ਨਹੀਂ ਕੀਤਾ ਹੈ, ਜਿਸ ਲਈ ਪਾਰਟੀ ਦੇ ਇਸ ਫੈਸਲੇ ਕਾਰਨ ਸ਼ਰਮਿੰਦਗੀ ਮਹਿਸੂਸ ਹੋਵੇ। ਉਨ੍ਹਾਂ ਸਿਰਫ ਪਾਰਟੀ ਦੀ ਸਾਖ ਨੂੰ ਬਚਾਉਣ ਲਈ ਸਭ ਕੁਝ ਕੀਤਾ ਹੈ, ਇਸ ਲਈ ਪਾਰਟੀ ਵਲੋਂ ਕੀਤਾ ਫੈਸਲਾ ਕੋਈ ਸਜ਼ਾ ਨਹੀਂ, ਸਗੋਂ ਉਨ੍ਹਾਂ ਲਈ ਗੋਲਡ ਮੈਡਲ ਹੈ। ਉਨ੍ਹਾਂ ਕਿਹਾ ਕਿ ਅੱਜ ਪੈਦਾ ਹੋਈ ਸਮੁੱਚੀ ਸਥਿਤੀ ਲਈ ਪੰਜਾਬ ਭਾਜਪਾ ਦੀ ਟੀਮ ਜਿੰਮੇਵਾਰ ਹੈ, ਜੋ ਨਾ ਤਾਂ ਕਿਸਾਨਾਂ ਦੀ ਗੱਲ ਸਹੀ ਸਮੇਂ ‘ਤੇ ਸਹੀ ਢੰਗ ਨਾਲ ਕੇਂਦਰ ਕੋਲ ਰੱਖ ਸਕੀ ਅਤੇ ਨਾ ਹੀ ਭਾਜਪਾ ਵਰਕਰਾਂ ਦੇ ਮਾਣ ਸਨਮਾਨ ਦੀ ਰਾਖੀ ਕਰ ਸਕੀ। ਇਸ ਲਈ ਪੰਜਾਬ ਭਾਜਪਾ ਦੀ ਸਾਖ ਨੂੰ ਵੱਡੀ ਸੱਟ ਲੱਗੀ ਹੈ ਅਤੇ ਇਸ ਵਾਸਤੇ ਨੈਤਿਕ ਆਧਾਰ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਆਪਣੇ ਆਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।
ਕਿਸਾਨਾਂ ਦੀ ਪ੍ਰਵਾਨਗੀ ਨਾਲ ਉਨ੍ਹਾਂ ਨੂੰ ਨਮਸਕਾਰ ਕਰਨ ਜਾਵਾਂਗਾ
ਦਿੱਲੀ ਵਿਖੇ ਮੋਰਚੇ ‘ਤੇ ਬੈਠੇ ਕਿਸਾਨਾਂ ਨੂੰ ਮਿਲਣ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਪ੍ਰਵਾਨਗੀ ਨਾਲ ਉਨ੍ਹਾਂ ਨੂੰ ਨਮਸਕਾਰ ਕਰਨ ਲਈ ਜਾਣਗੇ। ਉਹ ਇਸ ਵੇਲੇ ਕਿਸੇ ਸਿਆਸੀ ਪਾਰਟੀ ਨਾਲ ਜੁੜੇ ਹੋਏ ਨਹੀਂ ਹਨ ਅਤੇ ਇਕ ਆਮ ਵਿਅਕਤੀ ਹਨ। ਇਸ ਲਈ ਪਿਛਲੇ ਇਕ ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਿਲਣ ਜਾਣਗੇ।

Check Also

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ਾਂ ‘ਚ ਭੁੱਖ ਹੜਤਾਲ

ਭਾਰਤ ਦੀ ਆਜ਼ਾਦੀ ਅਤੇ ਸੰਵਿਧਾਨ ਖ਼ਤਰੇ ‘ਚ : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ : ਪੰਜਾਬ …