ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ। ਢੀਂਡਸਾ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਮੁਲਾਜ਼ਮਾਂ ਦੇ ਪੇ-ਕਮਿਸ਼ਨ ਵਿਚ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਾਂਗੇ। ਇਸ ਦੌਰਾਨ ਢੀਂਡਸਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਚੋਣ ਨਹੀਂ ਲੜਨਗੇ। ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਵੱਡੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਬਾਦਲਾਂ ਕੋਲੋਂ ਪੂਰੀ ਤਰ੍ਹਾਂ ਪ੍ਰੇਸ਼ਾਨ ਹੋ ਚੁੱਕੇ ਹਨ। ਢੀਂਡਸਾ ਨੇ ਕਿਹਾ ਕਿ ਸੁਖਬੀਰ ਨੇ ਰਾਜਨੀਤੀ ਨੂੰ ਧਰਮ ਉਪਰ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਐਸਜੀਪੀਸੀ ਦੀਆਂ ਚੋਣਾਂ ਵਿਚ ਬਾਦਲਾਂ ਨੂੰ ਹਰਾ ਕੇ ਰਹਾਂਗੇ। ਢੀਂਡਸਾ ਨੇ ਦੱਸਿਆ ਕਿ ਸਾਡੀ ਪਾਰਟੀ ਦਾ ਜਿਹੜਾ ਵੀ ਵਿਅਕਤੀ ਐਸਜੀਪੀਸੀ ਦੀ ਚੋਣ ਲੜੇਗਾ, ਉਹ ਵਿਧਾਨ ਸਭਾ ਚੋਣਾਂ ਵਿਚ ਹਿੱਸਾ ਨਹੀਂ ਲਵੇਗਾ। ਇਸੇ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਵਲੋਂ 590 ਕਰੋੜ ਰੁਪਏ ਦੇ ਕਿਸਾਨਾਂ ਦੇ ਕਰਜ਼ ਮੁਆਫ ਨੂੰ ਮਜ਼ਾਕ ਦੱਸਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਵਲੋਂ 2017 ਦੀਆਂ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਕਿਸਾਨਾਂ ਦੇ ਸਿਰ ਜੋ ਬੈਂਕਾਂ ਅਤੇ ਆੜ੍ਹਤੀਆਂ ਦਾ ਕਰਜ਼ਾ ਹੈ, ਉਸ ਨੂੰ ਕਾਂਗਰਸ ਦੀ ਸਰਕਾਰ ਆਉਣ ‘ਤੇ ਮੁਆਫ ਕੀਤਾ ਜਾਵੇਗਾ, ਪਰ ਸਿਰਫ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਕੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਇਆ ਜਾ ਰਿਹਾ ਹੈ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …