Breaking News
Home / ਹਫ਼ਤਾਵਾਰੀ ਫੇਰੀ / ਸਿੱਧੂ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ!

ਸਿੱਧੂ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ!

ਨਵਜੋਤ ਸਿੱਧੂ ਦੀ ਪ੍ਰਧਾਨਗੀ ਸਬੰਧੀ ਐਲਾਨ ਕਿਸੇ ਸਮੇਂ ਵੀ ਸੰਭਵ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਵਾਗਡੋਰ ਨਵਜੋਤ ਸਿੱਧੂ ਦੇ ਹੱਥਾਂ ਵਿਚ ਦੇਣ ਦਾ ਫੈਸਲਾ ਲੈ ਲਿਆ ਹੈ ਅਤੇ ਇਸ ਦਾ ਐਲਾਨ ਕਿਸੇ ਸਮੇਂ ਵੀ ਸੰਭਵ ਹੋ ਸਕਦਾ ਹੈ। ਸਿੱਧੂ ਦੇ ਨਾਮ ‘ਤੇ ਮੋਹਰ ਲਾਉਣ ਅਤੇ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਖਤਮ ਕਰਨ ਸਬੰਧੀ ਅੰਤਮ ਫੈਸਲੇ ਲੈਣ ਤੋਂ ਪਹਿਲਾਂ ਹਰੀਸ਼ ਰਾਵਤ ਅਤੇ ਰਾਹੁਲ ਗਾਂਧੀ ਵਿਚਾਲੇ ਮੀਟਿੰਗ ਵੀ ਹੋਈ। ਜਾਣਕਾਰੀ ਮਿਲੀ ਹੈ ਕਿ ਨਵਜੋਤ ਸਿੱਧੂ ਨੂੰ ਇਸ ਸਬੰਧੀ ਇਸ਼ਾਰਾ ਵੀ ਮਿਲ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਲੋਂ ਸਿੱਧੂ ਦੀ ਜ਼ੋਰਦਾਰ ਵਕਾਲਤ ਕੀਤੀ ਜਾ ਰਹੀ ਹੈ। ਜੇਕਰ ਗੱਲ ਕੈਪਟਨ ਅਮਰਿੰਦਰ ਸਿੰਘ ਹੋਰਾਂ ਦੀ ਕੀਤੀ ਜਾਵੇ ਤਾਂ ਉਹ ਸਿੱਧੂ ਨੂੰ ਕੋਈ ਵੱਡਾ ਅਹੁਦਾ ਦੇਣ ਲਈ ਰਾਜ਼ੀ ਨਹੀਂ ਸਨ। ਪਰ ਪਿਛਲੇ ਦਿਨੀਂ ਕੈਪਟਨ ਅਤੇ ਸੋਨੀਆ ਗਾਂਧੀ ਦੀ ਹੋਈ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਦੇ ਸੁਰ ਕੁਝ ਨਰਮ ਪੈ ਗਏ ਸਨ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਪਿਛਲੇ ਲੰਮੇਂ ਸਮੇਂ ਤੋਂ ਸਿਆਸੀ ਕਲੇਸ਼ ਹੀ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਨਵਜੋਤ ਸਿੱਧੂ ਨੇ ਮੰਤਰੀ ਦਾ ਅਹੁਦਾ ਵੀ ਛੱਡ ਦਿੱਤਾ ਸੀ ਅਤੇ ਸਿੱਧੂ ਕੈਪਟਨ ਅਮਰਿੰਦਰ ‘ਤੇ ਵੱਡੇ ਸਿਆਸੀ ਹਮਲੇ ਵੀ ਕਰਦੇ ਰਹੇ। ਜੇਕਰ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਮਿਲਦੀ ਹੈ ਤਾਂ ਕਾਂਗਰਸ ਵਿਚਾਲਾ ਕਲੇਸ਼ ਖਤਮ ਹੋਵੇਗਾ ਜਾਂ ਹੋਰ ਵਧੇਗਾ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਕੈਪਟਨ ਅਤੇ ਸਿੱਧੂ ਧੜਿਆਂ ਵਲੋਂ ਮੀਟਿੰਗਾਂ
ਚੰਡੀਗੜ੍ਹ : ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਸਬੰਧੀ ਲਏ ਗਏ ਵੱਡੇ ਫੈਸਲੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਹਲਚਲ ਤੇਜ਼ ਹੋ ਚੁੱਕੀ ਹੈ। ਇਸੇ ਦੌਰਾਨ ਸਿੱਧੂ ਅਤੇ ਕੈਪਟਨ ਧੜੇ ਵਲੋਂ ਵੱਖੋ ਵੱਖ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਵੀਰਵਾਰ ਨੂੰ ਚੰਡੀਗੜ੍ਹ ਵਿਖੇ ਸੁਖਜਿੰਦਰ ਸਿੰਘ ਰੰਧਾਵਾ ਦੇ ਸਰਕਾਰੀ ਘਰ ਸੈਕਟਰ-39 ਵਿੱਚ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਪਰਗਟ ਸਿੰਘ, ਸੁੱਖ ਸਰਕਾਰੀਆ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਇਕੱਠੇ ਹੋਏ। ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੀ ਇਨ੍ਹਾਂ ਦੇ ਨਾਲ ਸਨ। ਮੰਨਿਆ ਜਾ ਰਿਹਾ ਹੈ ਕਿ ਇਹਨਾਂ ਸਾਰਿਆਂ ਨੇ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਸਬੰਧੀ ਵਧਾਈ ਦਿੱਤੀ ਹੈ ਅਤੇ ਪੰਜਾਬ ਕਾਂਗਰਸ ਦੀ ਨਵੀਂ ਟੀਮ ਬਾਰੇ ਵੀ ਚਰਚਾ ਹੋਈ ਹੈ।
ਉੱਥੇ ਦੂਜੇ ਪਾਸੇ ਮੁੱਖ ਮੰਤਰੀ ਵੱਲੋਂ ਵੀ ਇਕ ਮੀਟਿੰਗ ਸੱਦੀ ਗਈ ਜਿਸ ਵਿਚ ਉਨ੍ਹਾਂ ਨੇ ਆਪਣੇ ਖੇਮੇ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸੱਦਾ ਦਿੱਤਾ। ਇਹ ਬੈਠਕ ਮੁੱਖ ਮੰਤਰੀ ਦੀ ਸਿਸਵਾਂ ਰਿਹਾਇਸ਼ ‘ਤੇ ਹੋਈ ਹੈ। ਇਸ ਬੈਠਕ ਵਿੱਚ ਮੰਤਰੀ ਸੁੰਦਰ ਸ਼ਾਮ ਅਰੋੜਾ, ਅਰੁਨਾ ਚੌਧਰੀ, ਗੁਰਜੀਤ ਔਜਲਾ, ਫਤਹਿਜੰਗ ਬਾਜਵਾ ਸਣੇ ਪੱਚੀ ਵਿਧਾਇਕ ਮੌਜੂਦ ਸਨ। ਕੈਪਟਨ ਨੇ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਉਣ ਲਈ ਸਾਫ਼ ਤੌਰ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।

 

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …