ਅੰਮ੍ਰਿਤਸਰ : ਕਿਸਾਨਾਂ ਦੀ ਹਮਾਇਤ ਕਰਨ ਦੇ ਮਾਮਲੇ ਵਿਚ ਸਾਬਕਾ ਭਾਜਪਾ ਮੰਤਰੀ ਅਨਿਲ ਜੋਸ਼ੀ ਜਿਨ੍ਹਾਂ ਨੂੰ ਪਾਰਟੀ ਨੇ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਪਾਰਟੀ ਤੋਂ ਫਾਰਗ ਕਰ ਦਿੱਤਾ ਹੈ, ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਜੋਸ਼ੀ ਨੇ ਆਖਿਆ ਕਿ ਗੁਰੂ ਘਰ ਨਤਮਸਤਕ ਹੋ ਕੇ ਅਰਦਾਸ ਕੀਤੀ ਹੈ ਕਿ ਹੱਕ ਸੱਚ ਦੇ ਰਸਤੇ ‘ਤੇ ਚੱਲਣ ਲਈ ਪ੍ਰਮਾਤਮਾ ਬਲ ਬਖਸ਼ੇ ਤਾਂ ਜੋ ਉਹ ਲੋਕਾਂ ਦੇ ਹੱਕਾਂ ਲਈ ਲੜਾਈ ਲੜ ਸਕਣ। ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਵੀ ਹਾਜ਼ਰ ਸਨ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਕਿਸੇ ਵੀ ਸਿਆਸੀ ਪਾਰਟੀ ਨਾਲ ਜੁੜਨ ਬਾਰੇ ਕੋਈ ਫ਼ੈਸਲਾ ਨਹੀਂ ਕੀਤਾ ਹੈ। ਇਸ ਬਾਰੇ ਸਿਆਸੀ ਹਲਕਿਆਂ ਵਿੱਚ ਚੱਲ ਰਹੀ ਚਰਚਾ ਨੂੰ ਉਨ੍ਹਾਂ ਅਫਵਾਹਾਂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਫਿਲਹਾਲ ਵਿਧਾਨ ਸਭਾ ਚੋਣਾਂ ਵਿਚ 6-7 ਮਹੀਨੇ ਦਾ ਸਮਾਂ ਹੈ ਅਤੇ ਚੋਣਾਂ ਨੇੜੇ ਆਉਣ ‘ਤੇ ਇਸ ਬਾਰੇ ਫ਼ੈਸਲਾ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਵਿਚ ਤਿੰਨ ਦਹਾਕੇ ਤੋਂ ਵੱਧ ਤਨਦੇਹੀ ਨਾਲ ਇਕ ਇਮਾਨਦਾਰ ਵਰਕਰ ਵਜੋਂ ਸੇਵਾ ਕੀਤੀ ਹੈ। ਪਾਰਟੀ ਵਿਚੋਂ ਫਾਰਗ ਕੀਤੇ ਜਾਣ ਦੀ ਕਾਰਵਾਈ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਦਾ ਇਹ ਫ਼ੈਸਲਾ ਉਨ੍ਹਾਂ ਲਈ ਗੋਲਡ ਮੈਡਲ ਬਰਾਬਰ ਹੈ।