ਨਵੀਂ ਦਿੱਲੀ : ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਸਿੰਘੂ ਵਿਖੇ ਮੀਟਿੰਗ ਸੀਨੀਅਰ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਪੰਜਾਬ ਵਿੱਚ ਸਿਆਸੀ ਆਗੂਆਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤੇ ਜਾਣ ਉਪਰ ਖ਼ਾਸ ਚਰਚਾ ਕੀਤੀ ਗਈ ਕਿਉਂਕਿ ਭਾਜਪਾ ਤੋਂ ਇਲਾਵਾ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਪਿੰਡਾਂ ਵਿੱਚ ਘੇਰਿਆ ਜਾਣ ਲੱਗਾ ਹੈ। ਮੀਟਿੰਗ ਵਿੱਚ ਮਤਾ ਪੇਸ਼ ਕੀਤਾ ਗਿਆ ਕਿ ਜੋ ਭਾਜਪਾ ਆਗੂ, ਕਿਸਾਨਾਂ ਨੂੰ ਭੱਦੀ ਸ਼ਬਦਾਵਲੀ ਵਰਤ ਕੇ ਉਕਸਾ ਰਹੇ ਹਨ, ਉਨ੍ਹਾਂ ਭਾਜਪਾਈਆਂ ਖ਼ਿਲਾਫ਼ ਮਾਮਲੇ ਦਰਜ ਹੋਣੇ ਚਾਹੀਦੇ ਹਨ। ਜਿਹੜੀਆਂ ਸਿਆਸੀ ਪਾਰਟੀਆਂ ਕਿਸਾਨ ਜਥੇਬੰਦੀਆਂ ਦੇ ਝੰਡੇ ਵਰਤ ਕੇ ਵਿਰੋਧ ਕਰ ਰਹੀਆਂ ਹਨ, ਸੂਬੇ ਦੇ ਕਿਸਾਨ ਉਨ੍ਹਾਂ ਨੂੰ ਧਿਆਨ ਨਾਲ ਵਾਚਣ ਤਾਂ ਜੋ ਕਿਸਾਨ ਮੋਰਚੇ ਦਾ ਨੁਕਸਾਨ ਨਾ ਹੋਵੇ। ਬੈਠਕ ਤੋਂ ਬਾਅਦ ਦੱਸਿਆ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ ਫ਼ੈਸਲਾ ਕੀਤਾ ਹੋਇਆ ਹੈ ਕਿ ਸਿਰਫ਼ ਭਾਜਪਾ ਦੇ ਆਗੂਆਂ ਦਾ ਵਿਰੋਧ ਹੀ ਕੀਤਾ ਜਾਵੇ ਤੇ ਹੋਰ ਸਿਆਸੀ ਪਾਰਟੀਆਂ ਦਾ ਨਹੀਂ। ਬੈਠਕ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਨ੍ਹਾਂ ਨੂੰ ਆਗੂਆਂ ਨਾਲ ਹੱਥੋਪਾਈ ਨਹੀਂ ਹੋਣਾ ਚਾਹੀਦਾ। ਇਨ੍ਹਾਂ ਜੱਥੇਬੰਦੀਆਂ ਨੇ ਪਿੰਡਾਂ ਵਿੱਚ ਵਸਦੇ ਹਰ ਵਰਗ ਨੂੰ ਅਪੀਲ ਕੀਤੀ ਹੈ ਕਿ ਪਿੰਡਾਂ ਵਿੱਚ ਅਫ਼ਵਾਹਾਂ ਤੋਂ ਸੁਚੇਤ ਰਿਹਾ ਜਾਵੇ। ਬੈਠਕ ਵਿੱਚ 32 ਕਿਸਾਨ ਜੱਥੇਬੰਦੀਆਂ ਦੇ ਪ੍ਰਮੁੱਖ ਆਗੂ ਸ਼ਾਮਲ ਹੋਏ।