Breaking News
Home / ਪੰਜਾਬ / ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਲਈ ਅਕਾਲੀਆਂ ਨੇ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਘੇਰੀ

ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਲਈ ਅਕਾਲੀਆਂ ਨੇ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਘੇਰੀ

ਕਈ ਘੰਟਿਆਂ ਦੇ ਪ੍ਰਦਰਸ਼ਨ ਮਗਰੋਂ ਪੁਲਿਸ ਨੇ ਅਕਾਲੀ ਆਗੂਆਂ ਨੂੰ ਕੀਤਾ ਗ੍ਰਿਫਤਾਰ
ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜਨਾਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਦੀ ਮੰਗ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਘਿਰਾਓ ਕੀਤਾ। ਪੁਲਿਸ ਨੇ ਪ੍ਰਦਰਸ਼ਨ ਤੋਂ ਪਹਿਲਾਂ ਹੀ ਮੰਤਰੀ ਆਸ਼ੂ ਦੇ ਘਰ ਅਤੇ ਦਫ਼ਤਰ ਦੇ ਚਾਰੇ ਪਾਸੇ ਸਖ਼ਤ ਸੁਰੱਖਿਆ ਪ੍ਰਬੰਧ ਕਰਦਿਆਂ ਬੈਰੀਕੇਡ ਲਾ ਦਿੱਤੇ ਸਨ। ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਫਾਇਰ ਬ੍ਰਿਗੇਡ ਅਤੇ ਜਲ ਤੋਪਾਂ ਦੀਆਂ ਗੱਡੀਆਂ ਵੀ ਮੌਕੇ ‘ਤੇ ਤਾਇਨਾਤ ਸਨ।
ਜਦੋਂ ਅਕਾਲੀ ਆਗੂਆਂ ਨੇ ਆਸ਼ੂ ਦੇ ਘਰ ਵੱਲ ਜਾਣ ਦਾ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ। ਇਸ ਦੌਰਾਨ ਪੁਲਿਸ ਤੇ ਅਕਾਲੀਆਂ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਮਾਮਲਾ ਵਧਦਾ ਦੇਖ ਕੇ ਪੁਲਿਸ ਨੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਮਹੇਸ਼ ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਦਰਸ਼ਨ ਸਿੰਘ ਸ਼ਿਵਾਲਿਕ ਤੇ ਰਣਜੀਤ ਸਿੰਘ ਢਿੱਲੋਂ ਆਦਿ ਨੂੰ ਹਿਰਾਸਤ ‘ਚ ਲੈ ਲਿਆ।ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਇੱਕ ਮਹਿਲਾ ਨੇ ਕੁੱਝ ਮਹੀਨੇ ਪਹਿਲਾਂ ਵਿਧਾਇਕ ਬੈਂਸ ‘ਤੇ ਜਬਰ-ਜਨਾਹ ਦਾ ਦੋਸ਼ ਲਾਇਆ ਸੀ। ਪੀੜਤਾ ਨੇ ਇਨਸਾਫ਼ ਲਈ ਲਗਪਗ ਪੰਜ ਮਹੀਨੇ ਤੱਕ ਜੱਦੋ-ਜਹਿਦ ਕੀਤੀ। ਜਦੋਂ ਉਹ ਪੁਲਿਸ ਦੀ ਕਾਰਵਾਈ ਤੋਂ ਸੰਤੁਸ਼ਟ ਨਾ ਹੋਈ ਤਾਂ ਉਸ ਨੇ ਸਥਾਨਕ ਅਦਾਲਤ ਦਾ ਦਰਵਾਜ਼ਾ ਖੜਕਾਇਆ ਅਤੇ ਅਦਾਲਤ ਨੇ ਸੱਤ ਜੁਲਾਈ ਨੂੰ ਵਿਧਾਇਕ ਬੈਂਸ ਸਮੇਤ ਹੋਰਨਾਂ ਖਿਲਾਫ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ। ਅਦਾਲਤ ਦਾ ਫ਼ੈਸਲਾ ਆਉਣ ਤੋਂ ਬਾਅਦ ਪੁਲਿਸ ਕੁਝ ਦਿਨ ਸ਼ਾਂਤ ਰਹੀ ਪਰ ਅਕਾਲੀਆਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਕੁਝ ਸਮੇਂ ਬਾਅਦ ਹੀ ਵਿਧਾਇਕ ਬੈਂਸ ਸਣੇ ਸੱਤ ਵਿਅਕਤੀਆਂ ‘ਤੇ ਕੇਸ ਦਰਜ ਕਰ ਦਿੱਤਾ ਗਿਆ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …