20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਦਿੱਤੇ ਜਾਣਗੇ ਚੈਕ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਲਈ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਕਰੇਗੀ, ਜਿਸ ਵਿਚ ਕਰਜ਼ਾ ਮੁਆਫੀ ਦੇ ਚੈੱਕ ਜਾਰੀ ਕੀਤੇ ਜਾਣਗੇ। ਕਰਜ਼ਾ ਮੁਆਫ਼ੀ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ 18 ਨੁਕਾਤੀ ਏਜੰਡੇ ਵਿੱਚ ਵੀ ਸ਼ਾਮਲ ਸੀ। ਖੇਤ ਮਜ਼ਦੂਰ ਪਿਛਲੇ ਕਈ ਸਾਲਾਂ ਤੋਂ ਕਰਜ਼ਾ ਮੁਆਫੀ ਲਈ ਲੜ ਰਹੇ ਸਨ ਤੇ ਉਨ੍ਹਾਂ ਨੂੰ ਹੁਣ ਆਸ ਬੱਝੀ ਹੈ।
ਜਾਣਕਾਰੀ ਅਨੁਸਾਰ ਪੰਜਾਬ ਮੰਡੀ ਬੋਰਡ ਨੇ ਕਰਜ਼ਾ ਮੁਆਫੀ ਰਾਹਤ ਲਈ ਕਰੀਬ 700 ਕਰੋੜ ਰੁਪਏ ਮਾਰਚ 2020 ਵਿਚ ਹੀ ਪੰਜਾਬ ਸਰਕਾਰ ਨੂੰ ਦੇ ਦਿੱਤੇ ਸਨ, ਪਰ ਸਰਕਾਰ ਨੇ ਇਸ ਰਾਹਤ ਨੂੰ ਲਟਕਾਈ ਰੱਖਿਆ। ਸੂਤਰਾਂ ਅਨੁਸਾਰ ਕਰਜ਼ਾ ਮੁਆਫੀ ਲਈ ਪੰਜਾਬ ਮੰਡੀ ਬੋਰਡ ਅਤੇ ਦਿਹਾਤੀ ਵਿਕਾਸ ਬੋਰਡ ਨੇ ਵੱਖੋ-ਵੱਖਰੇ ਅਦਾਰਿਆਂ ਤੋਂ ਕਰਜ਼ਾ ਚੁੱਕਿਆ ਹੈ।
ਪੰਜਾਬ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸ਼ਿਵਾ ਪ੍ਰਸਾਦ ਹਾਜ਼ਰ ਸਨ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਇਸ ਨਾਲ ਪ੍ਰਤੀ ਮੈਂਬਰ 20,000 ਰੁਪਏ ਦੀ ਰਾਹਤ ਮੁਹੱਈਆ ਹੋਵੇਗੀ। ਉਨ੍ਹਾਂ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉੱਤੇ ਕਾਰਗਰ ਢੰਗ ਨਾਲ ਅਮਲ ਵਿਚ ਲਿਆਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰ ਮੈਂਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚ ਐੱਸਸੀ ਕਾਰਪੋਰੇਸ਼ਨ ਵੱਲੋਂ 6405 ਲਾਭਪਾਤਰੀਆਂ ਦੇ 58.39 ਕਰੋੜ ਰੁਪਏ ਜਦਕਿ ਬੀਸੀ ਕਾਰਪੋਰੇਸ਼ਨ ਵੱਲੋਂ 1225 ਲਾਭਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਿੱਤੀ ਗਈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …