Breaking News
Home / ਪੰਜਾਬ / ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਲਿਖੀ ਚਿੱਠੀ

ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਲਿਖੀ ਚਿੱਠੀ

ਕਿਹਾ, ਸੰਸਦ ’ਚ ਕਿਸਾਨਾਂ ਦੇ ਹੱਕ ਵਿਚ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰੋ
ਚੰਡੀਗੜ੍ਹ/ਬਿਊਰੋ ਨਿਊਜ਼
ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ ਕਰ ਰਹੇ ਕਿਸਾਨਾਂ ਵੱਲੋਂ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ‘ਪੀਪਲਜ ਵ੍ਹਿੱਪ’ ਦਾ ਆਮ ਆਦਮੀ ਪਾਰਟੀ ਨੇ ਸਮਰਥਨ ਕੀਤਾ। ਇਸੇ ਦੌਰਾਨ ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਇੱਕ ਚਿੱਠੀ ਲਿਖ ਕੇ ਕਿਸਾਨਾਂ ਦੀ ਆਵਾਜ ਬਣਨ ਦੀ ਅਪੀਲ ਕੀਤੀ ਹੈ। ਚਿੱਠੀ ਰਾਹੀਂ ਭਗਵੰਤ ਮਾਨ ਨੇ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨ ਕੇਂਦਰ ਵੱਲੋਂ ਥੋਪੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਹਨ, ਪ੍ਰੰਤੂ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਦੇ ਕੰਨਾਂ ਉਤੇ ਜੂੰ ਤੱਕ ਨਹੀਂ ਸਰਕੀ। ਭਗਵੰਤ ਮਾਨ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ 400 ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਕਿ ਕੇਂਦਰ ਸਰਕਾਰ ਇਸ ਸਬੰਧੀ ਠੋਸ ਫੈਸਲਾ ਲੈਂਦੇ ਹੋਏ ਕਿਸਾਨਾਂ ਦੀ ਮੰਗ ਅਨੁਸਾਰ ਇਹ ਕਾਲੇ ਕਾਨੂੰਨ ਵਾਪਸ ਲਵੇ। ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਮਸਲੇ ਇਕਜੁੱਟ ਹੋ ਕੇ ਉਠਾਉਣ। ਭਗਵੰਤ ਮਾਨ ਨੇ ਕਿਹਾ ਕਿ ਸੰਸਦ ਦਾ ਮਾਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਉਹ ਆਪਣੇ ਤੌਰ ’ਤੇ ਵੀ ਕਿਸਾਨੀ ਕਾਨੂੰਨਾਂ ਸਬੰਧੀ ਕਈ ਪ੍ਰਸ਼ਨ ਸਪੀਕਰ ਸਾਹਿਬ ਦੀ ਆਗਿਆ ਨਾਲ ਲੋਕ ਸਭਾ ਵਿੱਚ ਰੱਖਣਗੇ। ਉਨ੍ਹਾਂ ਸੰਸਦ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਸੈਸ਼ਨ ਦੌਰਾਨ ਬਾਈਕਾਟ ਜਾਂ ਵਾਕਆਊਟ ਤੋਂ ਗੁਰੇਜ਼ ਕੀਤਾ ਜਾਵੇ ਅਤੇ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਸਦ ਦੇ ਅੰਦਰ ਰਹਿ ਕੇ ਹੀ ਆਪਣੀ ਆਵਾਜ ਬੁਲੰਦ ਕੀਤੀ ਜਾਵੇ।

 

Check Also

ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ

ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …