ਕੈਪਟਨ ਅਮਰਿੰਦਰ ਮੁਆਫੀ ਦੀ ਮੰਗ ’ਤੇ ਅੜੇ ਰਹਿ ਗਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਤੋਂ ਬਾਅਦ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਸੂਬਾ ਕਾਂਗਰਸ ਦੀ ਪ੍ਰਧਾਨਗੀ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਅੰਮਿ੍ਰਤਸਰ ਅਤੇ ਪਟਿਆਲਾ ਸਣੇ ਪੰਜਾਬ ਦੇ ਵੱਡੇ ਹਿੱਸੇ ਵਿਚ ਸਿੱਧੂ ਸਮਰਥਕਾਂ ਵਲੋਂ ਜ਼ੋਰ ਸ਼ੋਰ ਨਾਲ ਜਸ਼ਨ ਮਨਾਏ ਜਾ ਰਹੇ ਹਨ। ਅੱਜ ਸੋਮਵਾਰ ਨੂੰ ਦਿਨ ਚੜ੍ਹਦੇ ਹੀ ਨਵਜੋਤ ਸਿੱਧ ਦੀ ਪਟਿਆਲਾ ਰਿਹਾਇਸ਼ ’ਤੇ ਉਨ੍ਹਾਂ ਨੂੰ ਮਿਲਣ ਲਈ ਵਿਧਾਇਕ ਅਮਰਿੰਦਰ ਰਾਜਾ ਵੜਿੰਗ ਅਤੇ ਕੁਲਬੀਰ ਸਿੰਘ ਜ਼ੀਰਾ ਵੀ ਪਹੁੰਚੇ। ਇਨ੍ਹਾਂ ਦੋਵਾਂ ਵਿਧਾਇਕਾਂ ਨੇ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਵਧਾਈਆਂ ਦਿੱਤੀਆਂ ਅਤੇ ਮੌਜੂਦਾ ਰਾਜਨੀਤਕ ਮਾਹੌਲ ’ਤੇ ਚਰਚਾ ਵੀ ਕੀਤੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸਿੱਧੂ ਨੇ ਆਪ ਹੀ ਆਗੂਆਂ ਨਾਲ ਮੁਲਾਕਾਤ ਦਾ ਦੌਰ ਜਾਰੀ ਰੱਖਿਆ ਅਤੇ ਉਨ੍ਹਾਂ ਨੇ ਬਹੁਤ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਖੁਦ ਮੁਲਾਕਾਤ ਕੀਤੀ। :ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੰਗ ਕਰ ਰਹੇ ਸਨ ਸਿੱਧੂ ਉਨ੍ਹਾਂ ਕੋਲੋਂ ਮੁਆਫੀ ਮੰਗੇ। ਕੈਪਟਨ ਦੀ ਇਸ ਮੰਗ ਨੂੰ ਹਾਈਕਮਾਨ ਨੇ ਦਰਕਿਨਾਰ ਕਰਦਿਆਂ ਸਿੱਧੂ ਨੂੰ ਪ੍ਰਧਾਨਗੀ ਦੇ ਦਿੱਤੀ। ਇਸ ਤੋਂ ਪਹਿਲਾਂ ਕੈਪਟਨ ਦੇ 10 ਹਮਾਇਤੀ ਵਿਧਾਇਕਾਂ ਨੇ ਹਾਈਕਮਾਨ ਨੂੰ ਚਿੱਠੀ ਵੀ ਲਿਖੀ ਸੀ ਕਿ ਸਿੱਧੂੁ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੁਆਫੀ ਮੰਗਣ। ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ, ਜਿਨ੍ਹਾਂ ਵਿਚ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਸਿੰਘ ਡੈਨੀ ਅਤੇ ਪਵਨ ਗੋਇਲ ਸ਼ਾਮਲ ਹਨ। ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਪਟਿਆਲਾ ਪਹੁੰਚੇ ਅਤੇ ਰਾਤ ਸਾਢੇ 11 ਵਜੇ ਦੇ ਕਰੀਬ ਉਨ੍ਹਾਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਵੀ ਟੇਕਿਆ। ਇਸ ਮਗਰੋਂ ਉਹ ਅੱਧੀ ਰਾਤ ਤੋਂ ਬਾਅਦ ਆਪਣੀ ਪਟਿਆਲਾ ਸਥਿਤ ਰਿਹਾਇਸ਼ ਵਿਖੇ ਪਹੁੰਚੇ। ਇਹ ਦੇਖਣਾ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਕੀ ਰੁਖ ਅਖਤਿਆਰ ਕਰਦੇ ਹਨ ਅਤੇ ਸਭ ਦੀਆਂ ਨਜ਼ਰਾਂ ਹੁਣ ਕੈਪਟਨ ਅਮਰਿੰਦਰ ਵੱਲ ਟਿਕੀਆਂ ਹੋਈਆਂ ਹਨ।