22 ਜੁਲਾਈ ਨੂੰ ਰਾਜ ਭਵਨਾਂ ਵੱਲ ਕੀਤਾ ਜਾਵੇਗਾ ਰੋਸ ਮਾਰਚ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਨਵਜੋਤ ਸਿੱਧੂ ਵੱਲੋਂ ਰਸਮੀ ਤੌਰ ’ਤੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਪਰਖ ਦੀ ਘੜੀ ਆ ਗਈ ਹੈ। ਕਾਂਗਰਸ ਨੇ ਸਿਆਸੀ ਆਗੂਆਂ, ਪੱਤਰਕਾਰਾਂ ਸਮੇਤ ਅਹਿਮ ਵਿਅਕਤੀਆਂ ਦੀ ਜਾਸੂਸੀ ਕਰਨ ਦੇ ਮੁੱਦੇ ’ਤੇ 22 ਜੁਲਾਈ ਨੂੰ ਦੇਸ਼ ਵਿਆਪੀ ਅੰਦੋਲਨ ਕਰਨ ਦਾ ਫੈਸਲਾ ਕੀਤਾ ਹੈ। ਇਸ ਅੰਦੋਲਨ ਵਿਚ ਜਿੱਥੇ ਸਮੂਹ ਰਾਜਾਂ ਦੇ ਕਾਂਗਰਸ ਪ੍ਰਧਾਨਾਂ ਨੂੰ ਰਾਜ ਭਵਨ ਵੱਲ ਰੋਸ ਮਾਰਚ ਕਰਨ ਦੇ ਹੁਕਮ ਦਿੱਤੇ ਹਨ, ਉਥੇ ਪਾਰਟੀ ਦੇ ਵਿਧਾਇਕਾਂ ਤੇ ਆਗੂਆਂ ਨੂੰ ਹਰ ਹਾਲਤ ਵਿਚ ਹਾਜ਼ਰੀ ਭਰਨ ਲਈ ਕਿਹਾ ਗਿਆ ਹੈ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਸਮੂਹ ਰਾਜਾਂ ਦੇ ਕਾਂਗਰਸ ਪ੍ਰਧਾਨਾਂ ਨੂੰ ਜਾਰੀ ਕੀਤੇ ਪੱਤਰ ਵਿਚ ਸਪੱਸ਼ਟ ਕੀਤਾ ਕਿ ਪਾਰਟੀ ਹਾਈਕਮਾਨ ਨੇ ਜਾਸੂਸੀ ਮਾਮਲੇ ਨੂੰ ਗੰਭੀਰਤਾ ਨਾਲ ਲਿਆ। ਉਨ੍ਹਾਂ ਦੱਸਿਆ ਕਿ ਰਾਜਸੀ ਆਗੂਆਂ, ਪੱਤਰਕਾਰਾਂ ਅਤੇ ਹੋਰ ਮਾਣਮੱਤੀਆਂ ਸ਼ਖ਼ਸੀਅਤਾਂ ਦੇ ਫੋਨ ਰਿਕਾਡਿੰਗ ਦੇ ਮਾਮਲੇ ਦੀ ਸੁਪਰੀਮ ਕੋਰਟ ਤੋਂ ਨਿਆਂਇਕ ਜਾਂਚ ਕਰਵਾਉਣ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਹੈ। ਧਿਆਨ ਰਹੇ ਕਿ ਜਾਸੂਸੀ ਦਾ ਮਾਮਲਾ ਦੁਨੀਆ ਭਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿਚ ਧਾਰਾ 144 ਲਗਾ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਧਰਨੇ, ਮੁਜ਼ਾਹਰੇ ਕਰਨ ਲਈ ਸੈਕਟਰ 25 ਦੇ ਮੈਦਾਨ ਵਿਚ ਆਗਿਆ ਦਿੱਤੀ ਗਈ ਹੈ। ਇਸ ਤਰ੍ਹਾਂ ਪ੍ਰਦਰਸ਼ਨਕਾਰੀਆਂ ਦਾ ਰਾਜ ਭਵਨ ਤਕ ਪੁੱਜਣਾ ਸੌਖਾ ਨਹੀਂ ਹੋਵੇਗਾ। ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਨਵਜੋਤ ਸਿੱਧੂ ਲਈ ਪਹਿਲੀ ਸਿਆਸੀ ਪ੍ਰੀਖਿਆ ਕਿਸ ਤਰ੍ਹਾਂ ਦੀ ਹੋਵੇਗੀ।
Check Also
ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …