ਬਿਨਾਂ ਮਾਸਕ ਤੋਂ ਘੁੰਮਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਮਹਾਮਾਰੀ ਦੇ ਚਲਦਿਆਂ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਸ਼ਹਿਰ ਦੇ ਕਾਲਜ, ਯੂਨੀਵਰਸਿਟੀ ਅਤੇ ਉੱਚ ਸਿੱਖਿਆ ਅਦਾਰਿਆਂ ਨੂੰ ਯੂਟੀ ਪ੍ਰਸ਼ਾਸਨ ਨੇ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਦਾਰੇ ਅਗਲੇ ਅਕਾਦਮਿਕ ਸੈਸ਼ਨ ਤੋਂ ਅਗਸਤ ਮਹੀਨੇ ਤੋਂ ਸ਼ੁਰੂ ਕੀਤੇ ਜਾਣਗੇ। ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਅਗਵਾਈ ਹੇਠ ਹੋਈ ਸਮੀਖਿਆ ਮੀਟਿੰਗ ਦੌਰਾਨ ਲਿਆ ਗਿਆ। ਪ੍ਰਸ਼ਾਸਕ ਨੇ ਕਿਹਾ ਕਿ ਕਾਲਜ ਅਤੇ ਯੂਟੀਵਰਸਿਟੀ ਵਿੱਚ ਆਉਣ ਵਾਲੇ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦੇ ਕਰੋਨਾ ਰੋਕੂ ਦਵਾਈ ਦੀ ਇਕ ਖੁਰਾਕ ਦੋ ਹਫ਼ਤੇ ਪਹਿਲਾਂ ਲੱਗੀ ਹੋਣੀ ਚਾਹੀਦੀ ਹੈ।
ਯੂਟੀ ਪ੍ਰਸ਼ਾਸਨ ਨੇ ਕਰੋਨਾਵਾਇਰਸ ਦੀ ਦੂਜੀ ਲਹਿਰ ਆਉਣ ਕਰਕੇ ਕਾਲਜ, ਯੂਨੀਵਰਸਿਟੀ ਅਤੇ ਹੋਰ ਉੱਚ ਸਿੱਖਿਆ ਅਦਾਰਿਆਂ ਨੂੰ ਬੰਦ ਕਰ ਦਿੱਤਾ ਸੀ। ਹੁਣ ਕਰੋਨਾ ਦੇ ਕੇਸ ਘੱਟਣ ਕਰਕੇ ਪੰਜ ਮਹੀਨੇ ਬਾਅਦ ਸਿੱਖਿਆ ਅਦਾਰੇ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਹਿਰ ਵਿੱਚ ਵਪਾਰਕ ਪ੍ਰਦਰਸ਼ਨੀਆਂ ਅਤੇ ਸ਼ੋਅ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧ ਵਿੱਚ ਐੱਸਡੀਐੱਮ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਇਨ੍ਹਾਂ ਸਮਾਗਮਾਂ ਵਿੱਚ 200 ਜਣੇ ਜਾਂ ਸਮਾਗਮ ਵਾਲੀ ਥਾਂ ਦੀ ਸਮਰੱਥਾ ਤੋਂ 50 ਫ਼ੀਸਦ ਲੋਕ ਹੀ ਸ਼ਾਮਲ ਹੋ ਸਕਣਗੇ। ਯੂਟੀ ਦੇ ਪ੍ਰਸ਼ਾਸਕ ਨੇ ਚੰਡੀਗੜ੍ਹ ਪੁਲਿਸ ਨੂੰ ਆਦੇਸ਼ ਦਿੱਤੇ ਕਿ ਸੁਖਨਾ ਝੀਲ ‘ਤੇ ਬਿਨਾਂ ਮਾਸਕ ਤੋਂ ਫਿਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।