ਕਿਹਾ – ਰਵਾਇਤੀ ਪਾਰਟੀਆਂ ਤੋਂ ਖਹਿੜਾ ਛੁਡਾਉਣਾ ਜ਼ਰੂਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਹਫ਼ਤੇ ਲਈ ਮੁਅੱਤਲ ਕੀਤੇ ਗਏ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਚਾਹੇ ਮੋਰਚਾ ਉਨ੍ਹਾਂ ਨੂੰ ਬਰਖ਼ਾਸਤ ਵੀ ਕਰ ਦੇਵੇ ਤਾਂ ਵੀ ਉਹ ਪੰਜਾਬ ਦੇ ਲੋਕਾਂ ਤੇ ਕਿਸਾਨੀ ਲਈ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੁਹਾਰ ਬਦਲਣ ਲਈ ਰਵਾਇਤੀ ਪਾਰਟੀਆਂ ਤੋਂ ਖਹਿੜਾ ਛੁਡਾਉਣਾ ਬਹੁਤ ਜ਼ਰੂਰੀ ਹੈ।
ਪੰਜਾਬੀਆਂ ਨੇ ਕੇਂਦਰ ਸਰਕਾਰ ਵਿਰੁੱਧ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਉਹ ਆਪਣੇ ਫ਼ੈਸਲੇ ਆਪ ਲੈ ਸਕਦੇ ਹਨ। ਚਡੂਨੀ ਨੇ ਮਜ਼ਦੂਰ-ਕਿਸਾਨ ਦਲਿਤ ਫਰੰਟ ਤੇ ਨਰੇਗਾ ਵਰਕਰ ਫਰੰਟ ਵੱਲੋਂ ਚੰਡੀਗੜ੍ਹ ਦੇ ਸੈਕਟਰ-29 ਵਿੱਚ ਕਰਵਾਏ ਗਏ ਸੈਮੀਨਾਰ ਦੌਰਾਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਚਡੂਨੀ ਨੇ ਕਿਹਾ ਕਿ ਕੇਂਦਰ ਤੇ ਸੂਬਿਆਂ ਵਿੱਚ ਕਾਬਜ਼ ਸਰਕਾਰਾਂ ਲੋਕਾਂ ਦੇ ਉਲਟ ਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਫ਼ੈਸਲੇ ਲੈ ਰਹੀਆਂ ਹਨ। ਇਸੇ ਕਾਰਨ ਦੇਸ਼ ਵਿੱਚ 97 ਫ਼ੀਸਦ ਲੋਕਾਂ ਦੀ ਆਮਦਨ ਘਟਦੀ ਜਾ ਰਹੀ ਹੈ ਅਤੇ ਸਿਰਫ਼ 3 ਫ਼ੀਸਦ ਲੋਕਾਂ ਦੀ ਆਮਦਨ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਤਿੰਨੋਂ ਕਾਨੂੰਨ ਭਾਵੇਂ ਰੱਦ ਵੀ ਕਰ ਦੇਵੇ ਤਾਂ ਵੀ ਆਮ ਲੋਕਾਂ ਦੇ ਜੀਵਨ ਵਿੱਚ ਕੋਈ ਸੁਧਾਰ ਨਹੀਂ ਹੋ ਸਕੇਗਾ।
ਉਨ੍ਹਾਂ ਕਿਹਾ ਪੰਜਾਬ ਵਿਚ ਚੰਗੇ ਇਰਾਦਿਆਂ ਵਾਲੇ ਤੇ ਦਬੇ-ਕੁਚਲੇ ਲੋਕਾਂ ਨੂੰ ਆਪਣੇ ਹੱਕਾਂ ਲਈ ਇਕੱਠੇ ਹੋ ਕੇ ਅੱਗੇ ਆਉਣਾ ਪਵੇਗਾ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਸਪੱਸ਼ਟ ਕੀਤਾ ਕਿ ਅੰਦੋਲਨ ਇਸੇ ਤਰ੍ਹਾਂ ਚਲਦਾ ਰਹੇਗਾ। ਸੰਯੁਕਤ ਕਿਸਾਨ ਮੋਰਚਾ ਵੱਲੋਂ ਬਰਖਾਸਤ ਕੀਤੇ ਜਾਣ ਦੇ ਬਾਵਜੂਦ ਉਹ ਕਿਸਾਨੀ ਲਈ ਲੜਾਈ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਹਰਿਆਣਾ ਵਿੱਚ ਤਿੰਨ ਵੱਡੇ ਅੰਦੋਲਨ ਚਲਾ ਕੇ ਕਿਸਾਨ ਸਰਕਾਰਾਂ ਬਦਲਦੇ ਆ ਰਹੇ ਹਨ। ਅੱਜ ਵੀ ਉਹੀ ਕਿਸਾਨ ਆਪਣੇ ਹੱਕਾਂ ਲਈ ਸਾਢੇ ਸੱਤ ਮਹੀਨੇ ਤੋਂ ਲੜ ਰਿਹਾ ਹੈ ਤੇ ਰਵਾਇਤੀ ਸਿਆਸੀ ਧਿਰਾਂ ਦਾ ਡੱਟ ਕੇ ਸਾਹਮਣਾ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ ਤੇ ਇਸ ਦੇ ਨਾਲ ਹੀ ਹੋਰਨਾਂ ਰਾਜਸੀ ਪਾਰਟੀਆਂ ਦਾ ਬਦਲ ਤਲਾਸ਼ਣ ਦੀ ਵੀ ਲੋੜ ਹੈ। ਚੋਣਾਂ ਲੜਨ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਚਾਹੁਣਗੇ ਤਾਂ ਉਹ ਪਿੱਛੇ ਨਹੀਂ ਹਟਣਗੇ।