Breaking News
Home / ਪੰਜਾਬ / ਅਨਿਲ ਜੋਸ਼ੀ ਦੇ ਹੱਕ ‘ਚ ਆਏ ਭੰਡਾਰੀ

ਅਨਿਲ ਜੋਸ਼ੀ ਦੇ ਹੱਕ ‘ਚ ਆਏ ਭੰਡਾਰੀ

ਕਿਹਾ – ਪੰਜਾਬੀ ਹੋਣ ਦੇ ਨਾਤੇ ਜੋਸ਼ੀ ਨੇ ਆਪਣਾ ਫ਼ਰਜ਼ ਨਿਭਾਇਆ
ਜਲੰਧਰ/ਬਿਊਰੋ ਨਿਊਜ਼ : ਭਾਜਪਾ ਦੇ ਸੀਨੀਅਰ ਆਗੂ ਕੇਡੀ ਭੰਡਾਰੀ ਨੇ ਭਾਜਪਾ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਮੰਤਰੀ ਤੇ ਸੀਨੀਅਰ ਆਗੂ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢਣ ਦੇ ਮਾਮਲੇ ਨੂੰ ਮੁੜ ਵਿਚਾਰਨ। ਉਨ੍ਹਾਂ ਆਖਿਆ ਕਿ ਪੰਜਾਬੀ ਹੋਣ ਦੇ ਨਾਤੇ ਅਨਿਲ ਜੋਸ਼ੀ ਨੇ ਕਿਸਾਨਾਂ ਦੇ ਮੁੱਦੇ ਨੂੰ ਸਭ ਤੋਂ ਪਹਿਲਾਂ ਪਾਰਟੀ ਦੇ ਮੰਚ ‘ਤੇ ਹੀ ਉਠਾਇਆ ਸੀ। ਉਨ੍ਹਾਂ ਨੇ ਇਹੀ ਗੱਲ ਕੀਤੀ ਸੀ ਕਿ ਜੋ ਹਾਲਾਤ ਬਣੇ ਹੋਏ ਹਨ ਉਸ ਨਾਲ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ। ਭੰਡਾਰੀ ਨੇ ਦਾਅਵਾ ਕੀਤਾ ਕਿ ਅਨਿਲ ਜੋਸ਼ੀ ਨੇ ਕਦੇ ਵੀ ਕੇਂਦਰ ਦੀ ਮੋਦੀ ਸਰਕਾਰ ਦੇ ਫੈਸਲਿਆਂ ਵਿਰੁੱਧ ਕੋਈ ਬਿਆਨਬਾਜ਼ੀ ਨਹੀਂ ਕੀਤੀ ਸੀ ਤੇ ਨਾ ਹੀ ਖੇਤੀ ਕਾਨੂੰਨਾਂ ਵਿਰੁੱਧ ਉਹ ਬੋਲੇ ਸਨ।
ਉਨ੍ਹਾਂ ਨੇ ਤਾਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਉਠਾਇਆ ਸੀ ਕਿ ਖੇਤੀ ਕਾਨੂੰਨਾਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤੇ ਜਾਣ ਦਾ ਮਾਮਲਾ ਹੱਲ ਹੋਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਪੰਜਾਬ ਵਿੱਚ ਭਾਜਪਾ ਨੂੰ ਰਾਜਨੀਤਕ ਨੁਕਸਾਨ ਉਠਾਉਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਲੀਡਰਸ਼ਿਪ ਨੇ ਅਨਿਲ ਜੋਸ਼ੀ ਨੂੰ ਪਹਿਲਾਂ ਮੁਅੱਤਲ ਕੀਤਾ ਸੀ ਤੇ ਬਾਅਦ ਵਿੱਚ ਉਨ੍ਹਾਂ ਨੂੰ 6 ਸਾਲ ਲਈ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਪੰਜਾਬੀ ਹੋਣ ਦੇ ਨਾਤੇ ਪੰਜਾਬ ਦੇ ਹੱਕ ਵਿੱਚ ਬੋਲਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਨਿਲ ਜੋਸ਼ੀ ਉਦੋਂ ਹੀ ਜਨਤਕ ਤੌਰ ‘ਤੇ ਬੋਲਣ ਲੱਗੇ ਸਨ ਜਦੋਂ ਉਨ੍ਹਾਂ ਨੇ ਮਹਿਸੂਸ ਕੀਤਾ ਸੀ ਕਿ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਨਹੀਂ ਬਣਨਾ ਚਾਹੀਦਾ ਜਿਸ ਨਾਲ ਹਿੰਦੂ-ਸਿੱਖ ਭਾਈਚਾਰੇ ਦੀ ਸਾਂਝ ਨੂੰ ਸੱਟ ਵੱਜੇ। ਪੰਜਾਬੀ ਹੋਣ ਦੇ ਨਾਤੇ ਅਨਿਲ ਜੋਸ਼ੀ ਨੇ ਬਣਦਾ ਆਪਣਾ ਫ਼ਰਜ਼ ਨਿਭਾਇਆ ਹੈ। ਜ਼ਿਕਰਯੋਗ ਹੈ ਕਿ ਕੇਡੀ ਭੰਡਾਰੀ ਪਹਿਲਾਂ ਵੀ ਇਹ ਬਿਆਨ ਦੇ ਚੁੱਕੇ ਹਨ ਕਿ ਉਹ ਪਹਿਲਾਂ ਪੰਜਾਬੀ ਹਨ ਤੇ ਪੰਜਾਬ ਦੇ ਹੱਕਾਂ ਹਿੱਤਾਂ ਲਈ ਡੱਟ ਕੇ ਖੜ੍ਹਨਗੇ।
ਭੰਡਾਰੀ ਨੇ ਕਿਹਾ ਕਿ ਕਿਸਾਨ ਵੀ ਉਨ੍ਹਾਂ ਦੇ ਭੈਣ-ਭਰਾ ਹਨ ਜੋ ਲੰਮੇ ਸਮੇਂ ਤੋਂ ਸੜਕਾਂ ‘ਤੇ ਧਰਨਾ ਦੇ ਰਹੇ ਹਨ। ਖੇਤੀ ਕਾਨੂੰਨਾਂ ਦਾ ਮਸਲਾ ਹੱਲ ਹੋਣਾ ਚਾਹੀਦਾ ਹੈ।
ਜੋਸ਼ੀ ਦੀ ਰਾਹ ‘ਤੇ ਚੱਲਣ ਵਾਲੇ ਭਾਜਪਾ ਆਗੂ ਮੋਹਿਤ ਗੁਪਤਾ ਨੂੰ ਕਾਰਨ ਦੱਸੋ ਨੋਟਿਸ
ਬਠਿੰਡਾ : ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਅਤੇ ਭਾਜਪਾ ਆਗੂਆਂ ਨੂੰ ਘਰੋਂ ਬਾਹਰ ਨਿਕਲਣ ‘ਤੇ ਕਿਸਾਨ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ਵਿਚ ਨਿੱਤਰਨ ਮਗਰੋਂ ਪਾਰਟੀ ਨੇ ਬਾਹਰ ਦਾ ਰਾਹ ਦਿਖਾ ਦਿੱਤਾ ਸੀ। ਇਸੇ ਤਰ੍ਹਾਂ ਹੁਣ ਬਠਿੰਡਾ ਜ਼ਿਲ੍ਹੇ ਦੇ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਮੋਹਿਤ ਗੁਪਤਾ ਨੂੰ ਵੀ ਅਨਿਲ ਜੋਸ਼ੀ ਦੀ ਰਾਹ ‘ਤੇ ਚੱਲਣਾ ਮਹਿੰਗਾ ਪੈ ਗਿਆ। ਜ਼ਿਕਰਯੋਗ ਹੈ ਕਿ ਮੋਹਿਤ ਗੁਪਤਾ ਨੇ ਅਨਿਲ ਜੋਸ਼ੀ ਖਿਲਾਫ ਹੋਈ ਕਾਰਵਾਈ ਵਾਲੇ ਦਿਨ ਨੂੰ ਭਾਜਪਾ ਲਈ ਕਾਲਾ ਦਿਨ ਦੱਸਿਆ ਸੀ ਅਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਅਸਤੀਫੇ ਦੀ ਮੰਗ ਕੀਤੀ ਸੀ। ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ ਨੇ ਮੋਹਿਤ ਗੁਪਤਾ ਨੂੰ ਕਾਰਨ ਨੋਟਿਸ ਜਾਰੀ ਕਰ ਦਿੱਤਾ। ਦੱਸਣਯੋਗ ਹੈ ਕਿ ਬਠਿੰਡਾ ਅੰਦਰ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਤੋਂ ਇਲਾਵਾ ਪ੍ਰਧਾਨ ਅਸ਼ਵਨੀ ਸ਼ਰਮਾ ਸਣੇ ਭਾਜਪਾ ਦੇ ਵੱਡੇ ਦਿੱਗਜ ਆਗੂਆਂ ਨੂੰ ਕਿਸਾਨੀ ਰੋਹ ਦਾ ਸਾਹਮਣਾ ਕਰਨਾ ਪਿਆ ਸੀ।

Check Also

ਬਾਬੇ ਨਾਨਕ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ

ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦਾ 534ਵਾਂ ਵਿਆਹ ਪੁਰਬ ਸੰਗਤ …