Breaking News
Home / ਪੰਜਾਬ / ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਪਾਰਟੀ ਦੇ ਅੰਦਰੂਨੀ ਕਾਟੋ-ਕਲੇਸ਼ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕਾਂਗਰਸ ਨੂੰ ਭੁਲੱਥ ਤੋਂ ਵੱਡਾ ਝਟਕਾ ਲੱਗਿਆ ਹੈ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਰਹੇ ਰਣਜੀਤ ਸਿੰਘ ਰਾਣਾ ਅਤੇ ਭੁਲੱਥ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਸਿਮਰਨ ਸਿੰਘ ਘੁੰਮਣ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਾਂਗਰਸੀ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਦੇ ਬਹੁ-ਗਿਣਤੀ ਲੋਕਾਂ ਵਾਂਗ ਉਹ ਵੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਦਿੱਲੀ ਦੀ ਤਰਜ਼ ‘ਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਹਿਤੈਸ਼ੀ ਸਰਕਾਰ ਬਣਾਉਣ ਲਈ ਯਤਨਸ਼ੀਲ ਹਨ। ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਆਲੋਚਨਾ ਕਰਦਿਆਂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ‘ਆਪ’ ਵੱਲੋਂ ਜਿੱਤ ਪ੍ਰਾਪਤ ਕਰਕੇ ਵਿਧਾਇਕ ਖਹਿਰਾ ਨੇ ਲੋਕਾਂ ਦੇ ਫ਼ਤਵੇ ਨਾਲ ਧੋਖਾ ਕੀਤਾ ਹੈ। ਪੰਜਾਬ ਦੇ ਲੋਕ ਹੁਣ ਸੁਖਪਾਲ ਖਹਿਰਾ ‘ਤੇ ਭਰੋਸਾ ਨਹੀਂ ਕਰਨਗੇ। ਇਸ ਮੌਕੇ ਰਾਣਾ ਦੇ ਸਮਰਥਨ ‘ਚ ਪੰਚ-ਸਰਪੰਚ, ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਵੀ ‘ਆਪ’ ਵਿੱਚ ਸ਼ਾਮਲ ਹੋਏ।
ਕਾਂਗਰਸੀ ਸਿਰਫ਼ ਕੁਰਸੀ ਲਈ ਲੜਦੇ ਹਨ : ਰਾਘਵ ਚੱਢਾ
ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਪੰਜਾਬ ਅਤੇ ਲੋਕ ਮੁੱਦਿਆਂ ਦਾ ਨਹੀਂ, ਸਿਰਫ਼ ਆਪਣੀ ਕੁਰਸੀ ਦਾ ਫ਼ਿਕਰ ਹੈ। ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਕੁਝ ਨਹੀਂ ਕੀਤਾ। ਹੁਣ ਦੇਖਣ ਵਾਲੀ ਗੱਲ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਕੁਰਸੀ ‘ਤੇ ਬੈਠ ਕੇ ਸਿੱਧੂ ਪੰਜਾਬ ਦੇ ਸਾਰੇ ਭਖਵੇਂ ਮੁੱਦਿਆਂ, ਭ੍ਰਿਸ਼ਟਾਚਾਰ, ਬੇਅਦਬੀ ਅਤੇ ਮਾਫ਼ੀਆ ਨਾਲ ਕਿੰਝ ਨਜਿੱਠਣਗੇ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਵੇਂ ਬਾਦਲਾਂ ਦਾ ਮੁਖੌਟਾ ਉਤਰਿਆ ਸੀ, ਉਸੇ ਤਰ੍ਹਾਂ ਕੁਰਸੀ ਲਈ ਲੜਦਿਆਂ ਕਾਂਗਰਸੀਆਂ ਦਾ ਮੁਖੌਟਾ ਵੀ ਉਤਰ ਚੁੱਕਿਆ ਹੈ, ਜਿਸ ਦਾ ਪੰਜਾਬ ਦੇ ਲੋਕ ਮੂੰਹ ਤੋੜਵਾਂ ਜਵਾਬ ਦੇਣਗੇ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …