Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕੈਪਟਨ ਅਮਰਿੰਦਰ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਫੌਜ ਵਿਚ ਭਰਤੀ ਹੋਣ ਦਾ ਸੱਦਾ ਦਿੱਤਾ ਹੈ। ਕਾਰਗਿਲ ਜੰਗ ਨੂੰ 22 ਸਾਲ ਹੋ ਚੁੱਕੇ ਨੇ ਅਤੇ ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ’ਚ ਸਥਿਤ ਜੰਗੀ ਯਾਦਗਾਰ ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕਾਰਗਿਲ ਵਿਜੈ ਦਿਵਸ ’ਤੇ ਜੰਗੀ ਨਾਇਕਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਜੁਲਾਈ, 1999 ਵਿਚ ਔਖੇ ਮੌਸਮੀ ਹਾਲਾਤ ਦੌਰਾਨ ਸੂਰਮਗਤੀ ਨਾਲ ਕਾਰਗਿਲ, ਦਰਾਸ ਅਤੇ ਬਟਾਲਿਕ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀਆਂ ਪਾਕਿਸਤਾਨੀ ਫੌਜਾਂ ਨੂੰ ਭਾਰਤੀ ਜਵਾਨਾਂ ਨੇ ਮੂੰਹ ਤੋੜਵਾਂ ਜਵਾਬ ਦਿੱਤਾ ਸੀ। ਇਸ ਮੌਕੇ ਮੁਹਾਲੀ ਦੀਆਂ ਮਹਿਲਾ ਕੈਡਿਟਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ।

 

Check Also

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਪੁਣਛ

  ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਗਈ ਮਾਲੀ ਮਦਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚ ਬਣੇ ਤਣਾਅ …