ਜੰਤਰ-ਮੰਤਰ ’ਤੇ ਦਿਸੀ ਬੀਬੀਆਂ ਦੀ ਸ਼ਕਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੋਮਵਾਰ ਨੂੰ ਕਿਸਾਨ ਬੀਬੀਆਂ ਵੱਲੋਂ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਦੀ ਕਾਰਵਾਈ ਚਲਾਈ ਗਈ। ਕਿਸਾਨ ਸੰਸਦ ’ਚ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ 200 ਮਹਿਲਾਵਾਂ ਸ਼ਾਮਲ ਹੋਈਆਂ। ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਵੱਲੋਂ ਪਿਛਲੇ ਵਰ੍ਹੇ ਬਣਾਏ ਗਏ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਅੱਜ ਦੀ ‘ਕਿਸਾਨ ਸੰਸਦ’ ਜ਼ਰੂਰੀ ਵਸਤਾਂ (ਸੋਧ) ਕਾਨੂੰਨ ’ਤੇ ਕੇਂਦਰਤ ਕੀਤੀ ਗਈ ਸੀ। ਕਿਸਾਨਾਂ ਨੇ ਅਜਿਹਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਜੋ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਿੰਦਾ ਹੋਵੇ। ਬੀਬੀਆਂ ਦੀ ਕਿਸਾਨ ਸੰਸਦ ਦਾ ਕਾਰਵਾਈ ਸੂਬਾ ਆਗੂ ਅਤੇ ਬੁਲਾਰਾ ਸੁਭਾਸ਼ਿਨੀ ਅਲੀ ਨੇ ਚਲਾਈ। ਇਸ ਮੌਕੇ ਪਿਛਲੇ ਅੱਠ ਮਹੀਨਿਆਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੁਭਾਸ਼ਿਨੀ ਅਲੀ ਨੇ ਕਿਹਾ ਕਿ ਅੱਜ ਦੀ ‘ਸੰਸਦ’ ਵਿੱਚ ਬੀਬੀਆਂ ਦੀ ਸ਼ਕਤੀ ਦੇਖੀ ਗਈ ਅਤੇ ਉਨ੍ਹਾਂ ਕਿਹਾ ਕਿ ਬੀਬੀਆਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਜਾਰੀ ਰਹੇਗੀ। ਕਿਸਾਨ ਸੰਸਦ ’ਚ ਹਾਜ਼ਰ ਹੋਰ ਕਿਸਾਨ ਬੀਬੀਆਂ ਨੇ ਇੱਕੋ ਸੁਰ ’ਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੁਹਰਾਈ। ਧਿਆਨ ਰਹੇ ਕੇਂਦਰ ਸਰਕਾਰ ਵਲੋਂ ਮਾਨਸੂਨ ਸੈਸ਼ਨ ਚਲਾਇਆ ਜਾ ਰਿਹਾ ਹੈ ਅਤੇ ਇਸਦੇ ਬਰਾਬਰ ਕਿਸਾਨਾਂ ਨੇ ਆਪਣੀ ‘ਕਿਸਾਨ ਸੰਸਦ’ ਚਲਾਈ ਹੋਈ ਹੈ। ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੋਇਆ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਦਾ ਸੈਸ਼ਨ ਚੱਲੇਗਾ, ਉਦੋਂ ਕਿਸਾਨ ਸੰਸਦ ਵੀ ਚਲਾਈ ਜਾਵੇਗੀ। ਕਿਸਾਨ ਆਗੂਆਂ ਨੇ ਇਹ ਵੀ ਸਪੱਸ਼ਟ ਕੀਤਾ ਹੋਇਆ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …