Breaking News
Home / ਪੰਜਾਬ / 220 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ ਨੌਕਰੀ

220 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ ਨੌਕਰੀ

ਕੈਪਟਨ ਅਮਰਿੰਦਰ ਕਿਸਾਨਾਂ ਨਾਲ ਖੜ੍ਹੇ : ਰਾਜ ਕੁਮਾਰ ਵੇਰਕਾ
ਚੰਡੀਗੜ੍ਹ/ਬਿਊਰੋ ਨਿਊਜ਼
ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 220 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਨੌਕਰੀ ਦੇਣ ਜਾ ਰਹੀ ਹੈ। ਇਸ ਗੱਲ ਦਾ ਖੁਲਾਸਾ ਕਾਂਗਰਸ ਦੇ ਸੀਨੀਅਰ ਆਗੂ ਤੇ ਬੁਲਾਰੇ ਰਾਜ ਕੁਮਾਰ ਵੇਰਕਾ ਨੇ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਦਿੱਲੀ ਤੇ ਹਰਿਆਣਾ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਸੂਚੀ ਤਿਆਰ ਹੋ ਰਹੀ ਹੈ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਪਰਿਵਾਰਾਂ ਦੀ ਭਾਲ ਕਰਕੇ ਨੌਕਰੀ ਲਈ ਸੂਚੀ ਤਿਆਰ ਕਰਨ ਨੂੰ ਕਿਹਾ ਗਿਆ ਹੈ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਈ ਕਿਸਾਨ ਦਿੱਲੀ ਤੇ ਹਰਿਆਣਾ ਦੀ ਧਰਤੀ ’ਤੇ ਸ਼ਹੀਦ ਹੋਏ ਅਤੇ ਹਰਿਆਣਾ ਸਰਕਾਰ ਨੇ ਪੀੜਤ ਕਿਸਾਨ ਪਰਿਵਾਰਾਂ ਨਾਲ ਹਮਦਰਦੀ ਨਹੀਂ ਕੀਤੀ ਅਤੇ ਨਾ ਹੀ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ। ਵੇਰਕਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਮੇਸ਼ਾਂ ਕਿਸਾਨਾਂ ਦੇ ਨਾਲ ਖੜੇ੍ਹ ਰਹੇ ਹਨ। ਧਿਆਨ ਰਹੇ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਪੰਜ-ਪੰਜ ਲੱਖ ਰੁਪਏ ਦੀ ਮੱਦਦ ਵੀ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਵੱਡਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਬਣਦੀ ਹੈ ਤਾਂ ਖੇਤੀ ਕਾਨੂੰਨਾਂ ਖਿਲਾਫ ਚੱਲ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਵੇਗੀ। ਸੁਖਬੀਰ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਵਿਚ ਇਸ ਫੈਸਲੇ ’ਤੇ ਮੋਹਰ ਲਗਾ ਦਿੱਤੀ ਜਾਵੇਗੀ।

Check Also

ਆਮ ਆਦਮੀ ਪਾਰਟੀ ਪੰਜਾਬ ’ਚ ਬਦਲ ਸਕਦੀ ਹੈ ਆਪਣੇ ਉਮੀਦਵਾਰ : ਸੁਨੀਲ ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ …