ਕਿਹਾ, ਹਾਈਕਮਾਂਡ ਦਾ 18 ਸੂਤਰੀ ਫਾਰਮੂਲਾ ਹੋਵੇ ਲਾਗੂ
ਜਲੰਧਰ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਪਈਆਂ ਦੂਰੀਆਂ ਘਟਦੀਆਂ ਨਹੀਂ ਦਿਸ ਰਹੀਆਂ। ਇਸੇ ਦੌਰਾਨ ਜਲੰਧਰ ਪਹੁੰਚੇ ਸਿੱਧੂ ਨੇ ਕਿਹਾ ਕਿ ਹਾਈਕਮਾਨ ਦਾ 18 ਸੂਤਰੀ ਫਾਰਮੂਲਾ ਹਮੇਸ਼ਾ ਲਾਗੂ ਹੋਣਾ ਚਾਹੀਦਾ ਹੈ ਅਤੇ ਇਸ ਵਿਚ ਅੜਿੱਕਾ ਬਣਨ ਵਾਲੇ ਨੂੰ ਬਰਦਾਸ਼ਤ ਨਹੀਂ ਕਰਾਂਗੇ। ਇਸ ਮੌਕੇ ਨਵਜੋਤ ਸਿੱਧੂ ਨਾਲ ਪਰਗਟ ਸਿੰਘ ਅਤੇ ਸੰਗਤ ਸਿੰਘ ਗਿਲਜ਼ੀਆਂ ਵੀ ਸਨ। ਵਿਵਾਦਤ ਖੇਤੀ ਕਾਨੂੰਨਾਂ ਬਾਰੇ ਗੱਲ ਕਰਦਿਆਂ ਸਿੱਧੂ ਨੇ ਕਿਹਾ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹਿਣਗੇ। ਨਵਜੋਤ ਸਿੱਧੂ ਨੇ ਕਿਹਾ ਕੈਪਟਨ ਅਮਰਿੰਦਰ ਨੂੰ ਐਸ.ਵਾਈ.ਐਲ. ਵਾਂਗ ਹੀ ਖੇਤੀ ਕਾਨੂੰਨਾਂ ਬਾਰੇ ਵੀ ਪੱਕਾ ਸਟੈਂਡ ਲੈਣਾ ਚਾਹੀਦੈ। ਸਿੱਧੂ ਨੇ ਇਹ ਵੀ ਕਿਹਾ ਕਿ ਨੁਕਸਾਨ ਵਾਲੇ ਕੀਤੇ ਗਏ ਬਿਜਲੀ ਸਮਝੌਤੇ ਵੀ ਤੁਰੰਤ ਰੱਦ ਹੋਣੇ ਚਾਹੀਦੇ ਨੇ। ਨਸ਼ਿਆਂ ਸਬੰਧੀ ਗੱਲ ਕਰਦਿਆਂ ਸਿੱਧੂ ਨੇ ਕਿਹਾ ਕਿ ਵੱਡੇ ਮਗਰਮੱਛਾਂ ਨੂੰ ਫੜਨ ਦੀ ਲੋੜ ਹੈ ਅਤੇ ਉਨ੍ਹਾਂ ਬਾਦਲਾਂ ਅਤੇ ਮਜੀਠੀਆ ਨੂੰ ਲੰਮੇ ਹੱਥੀਂ ਲਿਆ। ਇਸ ਮੌਕੇ ਸੰਗਤ ਸਿੰਘ ਗਿਲਜ਼ੀਆਂ ਨੇ ਕਿਹਾ ਕਿ 2022 ਵਿਚ ਨਵਜੋਤ ਸਿੱਧੂ ਦੀ ਅਗਵਾਈ ਹੇਠ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਦਿੱਲੀ ਵਿਚ ਰਾਹੁਲ ਅਤੇ ਪਿ੍ਰਅੰਕਾ ਗਾਂਧੀ ਨਾਲ ਵੀ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੇ ਕਾਂਗਰਸ ਹਾਈਕਮਾਨ ਨਾਲ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿਚ ਫੇਰਬਦਲ ਨੂੰ ਲੈ ਕੇ ਵੀ ਗੱਲ ਕੀਤੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …