Breaking News
Home / ਪੰਜਾਬ / ਭਾਜਪਾ ਨੂੰ ਹਰਾਉਣ ਲਈ ਖੇਤਰੀ ਪਾਰਟੀਆਂ ਕੌਮੀ ਮੋਰਚਾ ਬਣਾਉਣ : ਸ਼੍ਰੋਮਣੀ ਅਕਾਲੀ ਦਲ

ਭਾਜਪਾ ਨੂੰ ਹਰਾਉਣ ਲਈ ਖੇਤਰੀ ਪਾਰਟੀਆਂ ਕੌਮੀ ਮੋਰਚਾ ਬਣਾਉਣ : ਸ਼੍ਰੋਮਣੀ ਅਕਾਲੀ ਦਲ

ਅਕਾਲੀ ਦਲ ਦੀ ਭਾਜਪਾ ਨਾਲ ਕਹਾਣੀ ਖਤਮ : ਸੁਖਬੀਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਟੱਕਰ ਦੇਣ ਲਈ ਖੇਤਰੀ ਪਾਰਟੀਆਂ ਨੂੰ ਇਕ ਮੰਚ ‘ਤੇ ਆਉਣਾ ਚਾਹੀਦਾ ਹੈ ਅਤੇ ਰਾਸ਼ਟਰੀ ਮੋਰਚਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਭਾਜਪਾ ਨਾਲ ਕਹਾਣੀ ਖ਼ਤਮ ਹੋ ਗਈ ਹੈ।
ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਕਿਸਾਨਾਂ ਦੇ ਮੁੱਦੇ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਦਾ ਮੂਲ ਹਨ, ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ‘ਤੇ ਕਦੇ ਸਮਝੌਤਾ ਨਹੀਂ ਕਰੇਗੀ ਅਤੇ ਇਸੇ ਲਈ 3 ਵਿਵਾਦਿਤ ਖੇਤੀ ਕਾਨੂੰਨਾਂ ‘ਤੇ ਭਾਜਪਾ ਨਾਲ ਦਹਾਕਿਆਂ ਪੁਰਾਣਾ ਗੱਠਜੋੜ ਤੋੜ ਦਿੱਤਾ ਅਤੇ ਕੇਂਦਰ ਦੀ ਸਰਕਾਰ ਤੋਂ ਬਾਹਰ ਆ ਗਏ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਉਨ੍ਹਾਂ ਦੇ ਮੁੱਦੇ ਸਾਡੀ ਵਿਚਾਰਧਾਰਾ ਦੇ ਮੂਲ ‘ਚ ਹਨ।
ਉਨ੍ਹਾਂ ਕਿਹਾ ਕਿ ਕੁਝ ਵੀ ਹੋਵੇ, ਸਾਨੂੰ ਕੋਈ ਵੀ ਕੀਮਤ ਚੁਕਾਉਣੀ ਪਵੇ, ਅਸੀਂ ਪੰਜਾਬ ‘ਚ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦਿਆਂਗੇ।
ਕੇਂਦਰ ਦੇ ਇਨ੍ਹਾਂ ਤਿੰਨਾਂ ਕਾਨੂੰਨਾਂ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ‘ਚ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ‘ਚ ਕੇਂਦਰ ‘ਚੋਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਮਾਇਆਵਤੀ ਦੀ ਅਗਵਾਈ ਵਾਲੀ ਬਹੁਜਨ ਸਮਾਜ ਪਾਰਟੀ ਨਾਲ ਨਵੇਂ ਗੱਠਜੋੜ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ‘ਚ ਗੱਠਜੋੜ ਸਥਾਈ ਹੈ ਅਤੇ ਭਾਜਪਾ ਨਾਲ ਅਕਾਲੀ ਦਲ ਦੀ ਕਹਾਣੀ ਖ਼ਤਮ ਹੋ ਗਈ ਹੈ। ਪਾਰਟੀ ਦੀ ਭਵਿੱਖ ਦੀ ਰਣਨੀਤੀ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਖ-ਵੱਖ ਖੇਤਰੀ ਪਾਰਟੀਆਂ ਨਾਲ ਗੱਲ ਕਰ ਰਿਹਾ ਹੈ ਤਾਂ ਜੋ ਉਹ ਸਾਰੀਆਂ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਇਕ ਮੰਚ ‘ਤੇ ਇਕੱਠੀਆਂ ਹੋ ਸਕਣ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਦੇ ਇਕੱਠਿਆਂ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਨੂੰ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਇਕੱਠੀਆਂ ਹੋ ਕੇ ਇਕ ਮੋਰਚਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ 2024 ਤੋਂ ਪਹਿਲਾਂ ਇਹ ਮੋਰਚਾ ਇਕ ਮਜ਼ਬੂਤ ਤਾਕਤ ਵਜੋਂ ਉੱਭਰੇਗਾ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …