2017 ਵਿਚ ਲੰਬੀ ‘ਚ ਸਨ ਕੈਪਟਨ ਦੇ ਕਵਰਿੰਗ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਲੋਕ ਸਭਾ ਮੈਂਬਰ ਜਗਦੇਵ ਸਿੰਘ ਖੁੱਡੀਆ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਜਿਨ੍ਹਾਂ ‘ਚ ਲੰਬੀ ਹਲਕੇ ਨਾਲ ਸਬੰਧਤ ਸਰਪੰਚ, ਪੰਚ, ਸਮਿਤੀ ਮੈਂਬਰ ਵੀ ਸ਼ਾਮਿਲ ਹਨ।
ਕਾਂਗਰਸੀ ਆਗੂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਵਿਧਾਇਕ ਮੀਤ ਹੇਅਰ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਚੰਡੀਗੜ੍ਹ ਵਿਖੇ ਇਕ ਸਮਾਗਮ ਦੌਰਾਨ ਰਸਮੀ ਤੌਰ ‘ਤੇ ਸਵਾਗਤ ਕੀਤਾ। ਭਗਵੰਤ ਮਾਨ ਨੇ ਗੁਰਮੀਤ ਸਿੰਘ ਖੁੱਡੀਆ ਅਤੇ ਹੋਰ ਆਗੂਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਦਾ ਦਰਦ ਰੱਖਣ ਵਾਲੀਆਂ ਸ਼ਖ਼ਸੀਅਤਾਂ ਹੁਣ ਅੱਗੇ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੀਆਂ ਹਨ।
ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਕੀਤੇ ਕੰਮਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਜ਼ਿਕਰਯੋਗ ਹੈ ਕਿ ਖੁੱਡੀਆ ਵਿਧਾਨ ਸਭਾ ਹਲਕਾ ਲੰਬੀ ‘ਚ ਕਾਂਗਰਸ ਦੇ ਸਰਗਰਮ ਆਗੂ ਅਤੇ ਜ਼ਿਲ੍ਹਾ ਮੁਕਤਸਰ ਦੇ ਜ਼ਿਲ੍ਹਾ ਪ੍ਰਧਾਨ ਰਹੇ ਹਨ।
2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹ ਲੰਬੀ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਕਵਰਿੰਗ ਉਮੀਦਵਾਰ ਸਨ।