Breaking News
Home / ਪੰਜਾਬ / ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਇੱਕਜੁਟ ਹੋਣ

ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਇੱਕਜੁਟ ਹੋਣ

ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ‘ਤੇ ਸਿਆਸਤ ਨਾ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਹਾਲ ਵਿੱਚ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ, ਬੇਅਦਬੀ ਦੀਆਂ ਘਟਨਾਵਾਂ ਰੋਕਣ ਅਤੇ ਧਰਮ ਪਰਿਵਰਤਨ ਨੂੰ ਠੱਲ੍ਹ ਪਾਉਣ ਲਈ ਸਮੁੱਚੇ ਸਿੱਖ ਪੰਥ ਨੂੰ ਇੱਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਬੇਅਦਬੀ ਮਾਮਲਿਆਂ ‘ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਾ ਕਰਨ ਦੀ ਅਪੀਲ ਕੀਤੀ। ਜਥੇਦਾਰ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਰਨ ਹਰ ਸਿੱਖ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਸਰਕਾਰ ਅਤੇ ਹੋਰ ਸੰਸਥਾਵਾਂ ਨੇ ਇਸ ਸਬੰਧੀ ਜਾਂਚ ਕੀਤੀ, ਮੁਲਜ਼ਮਾਂ ਵੱਲੋਂ ਇਨ੍ਹਾਂ ਘਟਨਾਵਾਂ ਦੀ ਜ਼ਿੰਮੇਵਾਰੀ ਲੈਣ ਦੇ ਬਿਆਨ ਵੀ ਸਾਹਮਣੇ ਆਏ ਪਰ ਮੁਲਜ਼ਮਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਦੱਸਿਆ ਕਿ ਸਾਰੀਆਂ ਸਿੱਖ ਜਥੇਬੰਦੀਆ ਨੇ ਭਰੋਸਾ ਦਿੱਤਾ ਹੈ ਕਿ ਉਹ ਭਵਿੱਖ ਵਿੱਚ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਸਿੱਖ ਧਰਮ ਦਾ ਪ੍ਰਚਾਰ ਤੇ ਪਸਾਰ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸਭ ਤੋਂ ਲਚਕੀਲਾ ਧਰਮ ਸੀ ਪਰ ਅੱਜ ਇਸ ਦੀਆਂ ਭਾਵਨਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ, ਜਿਸ ਕਾਰਨ ਅੱਜ ਕੋਈ ਵੀ ਸਿੱਖ ਆਪਣੇ ਘਰ ਵਿੱਚ ਪਾਵਨ ਸਰੂਪ ਰੱਖਣ ਤੋਂ ਵੀ ਡਰਦਾ ਹੈ। ਪੁਰਾਤਨ ਪ੍ਰਚਾਰ ਦੀ ਮਰਿਆਦਾ ਨੂੰ ਬਦਲ ਦਿੱਤਾ ਗਿਆ ਹੈ, ਇਸੇ ਕਰਕੇ ਅੱਜ ਧਰਮ ਤਬਦੀਲੀ ਦੀ ਸਮੱਸਿਆ ਪੇਸ਼ ਆ ਰਹੀ ਹੈ। ਇਸ ਮੌਕੇ ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੇ ਪੰਜਾਬ ਪੁਲਿਸ ਦੇ ਸਾਬਕਾ ਆਈਜੀ ਰਣਬੀਰ ਸਿੰਘ ਖਟੜਾ ਨੇ ਵੀ ਜਾਂਚ ਬਾਰੇ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦਰਜ ਇੱਕ ਐੱਫਆਈਆਰ ਵਿੱਚ ਡੇਰਾ ਸਿਰਸਾ ਦੇ ਮੁਖੀ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਰਵਿੰਦਰ ਸਿੰਘ ਆਦਿ ਕੋਲੋਂ ਪਾਵਨ ਸਰੂਪ ਦੇ ਅੰਗ ਬਰਾਮਦ ਕੀਤੇ ਗਏ ਸਨ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਜਥੇਬੰਦੀਆਂ ਨੂੰ ਆਖਿਆ ਕਿ ਉਹ ਸੁਚੇਤ ਹੋਣ ਅਤੇ ਪੰਥ ਦੋਖੀਆਂ ਦੀ ਸ਼ਨਾਖਤ ਕਰਨ। ਇਸ ਦੌਰਾਨ ਪ੍ਰਿੰਸੀਪਲ ਰਾਮ ਸਿੰਘ, ਬਾਬਾ ਤੇਜਾ ਸਿੰਘ ਖੁੱਡਾ ਕਲਾਂ, ਭਾਈ ਹਰਸਿਮਰਨ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਭਾਈ ਰਾਮ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਸੇਵਾਪੰਥੀ ਸੰਪਰਦਾ ਦੇ ਮਹੰਤ ਕਰਮਜੀਤ ਸਿੰਘ ਤੇ ਹੋਰਨਾਂ ਨੇ ਸੰਬੋਧਨ ਕੀਤਾ।

Check Also

ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …