ਗਿਆਨੀ ਹਰਪ੍ਰੀਤ ਸਿੰਘ ਨੇ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ
ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਤਰਾਖੰਡ ਦੇ ਨਵੇਂ ਬਣੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕ ਮਤਾ ਵਿਖੇ ਨਤਮਸਤਕ ਹੋਏ। ਉਸ ਮੌਕੇ ਗੁਰਦੁਆਰੇ ਵਿਚ ਮਰਿਆਦਾ ਦੀ ਹੋਈ ਕਥਿਤ ਉਲੰਘਣਾ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ।
ਉਨ੍ਹਾਂ ਇਸ ਮਾਮਲੇ ਦੀ ਜਾਂਚ ਵਾਸਤੇ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਹੈ, ਜੋ ਉਥੋਂ ਦਾ ਦੌਰਾ ਕਰਕੇ ਸਾਰੇ ਮਾਮਲੇ ਦੀ ਜਾਂਚ ਮਗਰੋਂ ਆਪਣੀ ਰਿਪੋਰਟ ਸੌਂਪੇਗੀ। ਇਸਦਾ ਖੁਲਾਸਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਵਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਹੈੱਡ ਪ੍ਰਚਾਰਕ ਸਰਬਜੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਤੋਂ ਅਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਉੱਤਰਾਖੰਡ ਦੇ ਨਵੇਂ ਬਣੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕ ਮੱਤਾ ਵਿਖੇ ਮੱਥਾ ਟੇਕਣ ਲਈ ਗਏ ਸਨ। ਉਨ੍ਹਾਂ ਦੇ ਸਵਾਗਤ ਵਿਚ ਗੁਰੂ ਘਰ ਦੀ ਮਰਿਆਦਾ ਦੀ ਵੱਡੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਦਾ ਸਵਾਗਤ ਕਰਨ ਲਈ ਗੁਰਦੁਆਰਾ ਕੈਂਪਸ ਅੰਦਰ ਕੁੜੀਆਂ ਤੋਂ ਰਵਾਇਤੀ ਪਹਾੜੀ ਪੁਸ਼ਾਕ ਵਿਚ ਨ੍ਰਿਤ ਕਰਵਾਇਆ ਗਿਆ। ਇਸ ਵੇਲੇ ਗੁਰਦੁਆਰੇ ਵਿਚ ਚੱਲ ਰਹੀ ਗੁਰਬਾਣੀ ਨੂੰ ਵੀ ਰੋਕ ਦਿੱਤਾ ਗਿਆ ਸੀ। ਗੁਰਦੁਆਰਾ ਕੈਂਪਸ ਵਿਚ ਹੀ ਭਾਜਪਾ ਜ਼ਿੰਦਾਬਾਦ ਦੇ ਨਾਅਰੇ ਵੀ ਲੱਗੇ ਸਨ। ਇਸ ਸਬੰਧ ਵਿਚ ਦਸਤਾਵੇਜ਼ੀ ਸਬੂਤ ਵਜੋਂ ਕੁਝ ਵੀਡੀਓ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਵੇਰਵਿਆਂ ਮੁਤਾਬਕ ਗੁਰਦੁਆਰੇ ਵਿਚ ਮੱਥਾ ਟੇਕਣ ਵੇਲੇ ਮੁੱਖ ਮੰਤਰੀ ਨੂੰ ਸਿਰੋਪਾ ਤੇ ਸ੍ਰੀ ਸਾਹਿਬ ਦੇ ਨਾਲ ਚਾਂਦੀ ਦਾ ਮੁਕਟ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰੇ ਵਿਚ ਮਰਿਆਦਾ ਦੀ ਹੋਈ ਇਸ ਉਲੰਘਣਾ ਦੀ ਸਿੱਖਾਂ ਵਲੋਂ ਵੀ ਨਿੰਦਾ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਸ ਸਬੰਧ ‘ਚ ਕੁਝ ਸਿੱਖਾਂ ਵਲੋਂ ਮਰਿਆਦਾ ਦੀ ਉਲੰਘਣਾ ਬਾਰੇ ਪ੍ਰਬੰਧਕਾਂ ਕੋਲੋਂ ਪੁੱਛਗਿੱਛ ਕਰਨ ਬਾਰੇ ਵੀ ਆਖਿਆ ਜਾ ਰਿਹਾ ਹੈ।
ਗੁਰਦੁਆਰਾ ਨਾਨਕ ਮਤਾ ਦੀ ਪ੍ਰਬੰਧਕ ਕਮੇਟੀ ਵੱਲੋਂ ਅਸਤੀਫ਼ਾ
ਅੰਮ੍ਰਿਤਸਰ: ਉਤਰਾਖੰਡ ਦੇ ਇਤਿਹਾਸਕ ਗੁਰਦੁਆਰਾ ਨਾਨਕ ਮਤਾ ਸਾਹਿਬ ਦੀ ਮਰਿਆਦਾ ਭੰਗ ਹੋਣ ਦੇ ਮਾਮਲੇ ਵਿੱਚ ਪ੍ਰਬੰਧਕ ਕਮੇਟੀ ਨੇ ਅਸਤੀਫਾ ਦੇ ਦਿੱਤਾ ਹੈ। ਇਸ ਮਗਰੋਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਗੁਰਦੁਆਰੇ ਦਾ ਪ੍ਰਬੰਧ ਚਲਾਉਣ ਲਈ ਪੰਜ ਮੈਂਬਰੀ ਆਰਜ਼ੀ ਕਮੇਟੀ ਬਣਾਈ ਹੈ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਨਾਨਕ ਮਤਾ ਵਿੱਚ ਉੱਤਰਾਖੰਡ ਦੇ ਨਵੇਂ ਬਣੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਸਵਾਗਤ ਦੌਰਾਨ ਲੜਕੀਆਂ ਕੋਲੋਂ ਨ੍ਰਿਤ ਕਰਵਾਇਆ ਗਿਆ ਸੀ। ਮੁੱਖ ਮੰਤਰੀ ਨੂੰ ਸਿਰੋਪਾ ਅਤੇ ਸ੍ਰੀ ਸਾਹਿਬ ਦੇ ਨਾਲ ਚਾਂਦੀ ਦਾ ਮੁਕਟ ਵੀ ਦਿੱਤਾ ਗਿਆ। ਇਸ ਮਾਮਲੇ ਦਾ ਸਿੱਖ ਸੰਗਤ ਵੱਲੋਂ ਸਖ਼ਤ ਇਤਰਾਜ਼ ਕੀਤਾ ਗਿਆ ਸੀ ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸ਼ਿਕਾਇਤ ਕੀਤੀ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …