ਕੈਬਨਿਟ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਦੀ ਉਠੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਯੂਥ ਅਕਾਲੀ ਦਲ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐੱਸਓਆਈ) ਦੇ ਕਾਰਕੁਨਾਂ ਨੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦਿਆਂ ਵਜ਼ੀਫ਼ਾ ਘੁਟਾਲੇ ਵਿੱਚ ਮੰਤਰੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਯੂਥ ਅਕਾਲੀ ਦਲ ਦੇ ਸਰਬਜੀਤ ਸਿੰਘ ਝਿੰਜਰ ਤੇ ਐੱਸਓਆਈ ਪ੍ਰਧਾਨ ਰੌਬਿਨ ਬਰਾੜ ਦੀ ਅਗਵਾਈ ਹੇਠ ਕਾਰਕੁਨਾਂ ਨੇ ਸਾਧੂ ਸਿੰਘ ਧਰਮਸੋਤ ਖਿਲਾਫ ਨਾਅਰੇਬਾਜ਼ੀ ਕਰਦਿਆਂ ਗ੍ਰਿਫ਼ਤਾਰੀਆਂ ਵੀ ਦਿੱਤੀਆਂ । ਰੌਬਿਨ ਬਰਾੜ ਨੇ ਕਿਹਾ ਕਿ ਧਰਮਸੋਤ ਨੇ ਐੱਸਸੀ ਸਕਾਲਰਸ਼ਿਪ ਘੁਟਾਲੇ ਤੋਂ ਨਾ ਸਿਰਫ 69 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ, ਬਲਕਿ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਮਸੋਤ ਨੂੰ ਬਰਖ਼ਾਸਤ ਕਰ ਕੇ ਉਸ ਖਿਲਾਫ ਫ਼ੌਜਦਾਰੀ ਕੇਸ ਦਰਜ ਨਾ ਕਰਵਾਇਆ ਤਾਂ ਐੱਸਓਆਈ ਮੁੱਖ ਮੰਤਰੀ ਦਾ ਵੀ ਘਿਰਾਓ ਕਰੇਗੀ।
ਸੀਬੀਆਈ ਕਰ ਰਹੀ ਹੈ ਜਾਂਚ
ਚੰਡੀਗੜ੍ਹ : ਐੱਸਸੀ ਵਿਦਿਆਰਥੀਆਂ ਲਈ ਜਾਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਕਰ ਰਹੀ ਸੀਬੀਆਈ ਨੂੰ ਪੰਜਾਬ ਸਰਕਾਰ ਪੂਰਾ ਸਹਿਯੋਗ ਦੇਵੇਗੀ। ਕਿਉਂਕਿ ਸਕਾਲਰਸ਼ਿਪ ਦਾ ਫੰਡ ਕੇਂਦਰ ਸਰਕਾਰ ਵੱਲੋਂ ਹੀ ਆਉਂਦਾ ਹੈ, ਇਸ ਲਈ ਇਸ ਦੀ ਜਾਂਚ ਸੀਬੀਆਈ ਨੂੰ ਦਿੱਤੇ ਜਾਣ ਨੂੰ ਲੈ ਕੇ ਪੰਜਾਬ ਸਰਕਾਰ ਕੋਈ ਇਤਰਾਜ਼ ਦਰਜ ਨਹੀਂ ਕਰਵਾਏਗੀ। ਜ਼ਿਕਰਯੋਗ ਹੈ ਕਿ ਅਗਸਤ 2020 ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਫੰਡਾਂ ‘ਚ ਹੋਏ 63.91 ਕਰੋੜ ਰੁਪਏ ਦੇ ਘੁਟਾਲੇ ਸਬੰਧੀ ਕੇਂਦਰੀ ਸਮਾਜਿਕ ਅਧਿਕਾਰਤਾ ਤੇ ਨਿਆਂ ਮੰਤਰਾਲਾ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਸੀਬੀਆਈ ਨੇ ਸਬੰਧਤ ਦਸਤਾਵੇਜ਼ ਪੰਜਾਬ ਸਰਕਾਰ ਤੋਂ ਮੰਗ ਲਏ ਹਨ। ਸਰਕਾਰ ਵੀ ਇਸ ਨਾਲ ਜੁੜੇ ਦਸਤਾਵੇਜ਼ ਮੁਹੱਈਆ ਕਰਵਾਏਗੀ। ਹਾਲਾਂਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਵੀ ਬਿੱਲ ਪਾਸ ਕੀਤਾ ਹੈ ਕਿ ਸੀਬੀਆਈ ਬਿਨਾਂ ਸੂਬੇ ਦੀ ਸਹਿਮਤੀ ਦੇ ਪੰਜਾਬ ਵਿਚ ਜਾਂਚ ਨਹੀਂ ਕਰ ਸਕਦੀ। ਧਿਆਨ ਰਹੇ ਕਿ ਕੈਪਟਨ ਸਰਕਾਰ ‘ਚ ਮੰਤਰੀ ਸਾਧੂ ਸਿੰਘ ਧਰਮਸੋਤ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਘਿਰੇ ਹੋਏ ਹਨ।

