ਕਰੋਨਾ ਕਰਕੇ ਸਕੂਲ ਕੀਤੇ ਗਏ ਸਨ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅੱਜ 2 ਅਗਸਤ ਸੋਮਵਾਰ ਤੋਂ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਖੁੱਲ੍ਹ ਗਏ ਅਤੇ ਪੜ੍ਹਾਈ ਵੀ ਸ਼ੁਰੂ ਹੋ ਗਈ ਹੈ। ਧਿਆਨ ਰਹੇ ਕਿ 10ਵੀਂ, 11ਵੀਂ ਅਤੇ 12ਵੀਂ ਜਮਾਤ ਲਈ ਸਕੂਲ ਪਹਿਲਾਂ ਹੀ ਖੁੱਲ੍ਹ ਚੁੱਕੇ ਸਨ। ਇਸ ਦੇ ਚੱਲਦਿਆਂ ਐਲੀਮੈਂਟਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ ਦੇਖੀ ਗਈ। ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਕਹਿਣਾ ਸੀ ਕਿ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਤੱਕ ਦੀਆਂ ਸਾਰੀਆਂ ਜਮਾਤਾਂ ਹੁਣ ਪਹਿਲਾਂ ਵਾਂਗ ਹੀ ਚਲਾਈਆਂ ਜਾਣਗੀਆਂ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਲਿਖਤੀ ਸਹਿਮਤੀ ਦੇਣੀ ਜ਼ਰੂਰੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਉਨ੍ਹਾਂ ਅਧਿਆਪਕਾਂ ਅਤੋ ਹੋਰ ਸਟਾਫ ਨੂੰ ਸਕੂਲ ਪਹੁੰਚਣ ਲਈ ਕਿਹਾ ਗਿਆ ਹੈ, ਜਿਨ੍ਹਾਂ ਦੇ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗ ਚੁੱਕੀਆਂ ਹੋਣ। ਇਸੇ ਤਰ੍ਹਾਂ ਬੱਚਿਆਂ ਨੂੰ ਵੀ ਤਾਪਮਾਨ ਚੈਕ ਕਰਕੇ ਹੀ ਜਮਾਤਾਂ ਵਿਚ ਭੇਜਿਆ ਜਾ ਰਿਹਾ ਹੈ। ਧਿਆਨ ਰਹੇ ਕਿ ਕਰੋਨਾਂ ਦੇ ਚੱਲਦਿਆਂ ਪਿਛਲੇ ਲੰਬੇ ਸਮੇਂ ਤੋਂ ਸਕੂਲ ਬੰਦ ਸਨ ਅਤੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਸੀ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਫ਼ੈਸਲੇ ਬਾਰੇ ਪੈਦਾ ਹੋਏ ਤੌਖਲਿਆਂ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਥਿਤੀ ਸਪਸ਼ਟ ਕਰਨ ਦੀ ਅਪੀਲ ਕੀਤੀ ਹੈ। ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਕਰਨ ਕਿ ਕੀ ਸੂਬਾ ਕਰੋਨਾ ਤੋਂ ਮੁਕਤ ਹੋ ਗਿਆ ਹੈ। ਚੀਮਾ ਨੇ ਮੁੱਖ ਮੰਤਰੀ ਨੂੰ ਇਹ ਸਵਾਲ ਵੀ ਕੀਤਾ ਕਿ ਕੀ ਕਰੋਨਾ ਦੀ ਤੀਜੀ ਲਹਿਰ ਤੋਂ ਸੂਬਾ ਸੁਰੱਖਿਅਤ ਹੈ।