ਭਾਰਤ ਦੇ ਗ੍ਰਹਿ ਰਾਜ ਮੰਤਰੀ ਨੇ ਪਾਕਿ ’ਤੇ ਲਗਾਏ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਕਰੋਨਾ ਵਾਇਰਸ ਦੇ ਚੱਲਦਿਆਂ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਸੀ, ਜਿਸ ਨੂੰ ਅਜੇ ਤੱਕ ਵੀ ਨਹੀਂ ਖੋਲ੍ਹਿਆ ਗਿਆ। ਇਸ ਸਬੰਧੀ ਹੁਣ ਭਾਰਤ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਯਾਤਰਾ ਲਈ ਪਾਕਿਸਤਾਨ ਇਜਾਜ਼ਤ ਨਹੀਂ ਦੇ ਰਿਹਾ। ਧਿਆਨ ਰਹੇ ਕਿ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੀਆਂ ਸੰਗਤਾਂ ਦੀ ਯਾਤਰਾ ਪਿਛਲੇ ਸਾਲ ਮਾਰਚ ਤੋਂ ਕਰੋਨਾ ਵਾਇਰਸ ਮਹਾਮਾਰੀ ਕਾਰਨ ਬੰਦ ਹੈ। ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਕਿਸਤਾਨ ਨਾਲ ਹੋਏ ਸਮਝੌਤੇ ’ਤੇ 24 ਅਕਤੂਬਰ 2019 ਨੂੰ ਦਸਤਖਤ ਹੋਏ ਸਨ। ਇਸ ਸਮਝੌਤੇ ਤਹਿਤ ਭਾਰਤ ਦੀਆਂ ਸੰਗਤਾਂ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸਾਹਿਬ ਤੱਕ ਵੀਜ਼ਾ ਮੁਕਤ ਯਾਤਰਾ ਕਰ ਸਕਦੀਆਂ ਸਨ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਆਵਾਜਾਈ ਕਰੋਨਾ ਮਹਾਮਾਰੀ ਦੇ ਚੱਲਦਿਆਂ ਬੰਦ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਕੋਵਿਡ ਦੇ ਮਾਮਲਿਆਂ ਵਿਚ ਹੋਏ ਵਾਧੇ ਤੋਂ ਬਾਅਦ ਪਾਕਿਸਤਾਨ ਦੇ ਰਾਸ਼ਟਰੀ ਕਮਾਂਡ ਅਤੇ ਸੰਚਾਲਨ ਕੇਂਦਰ ਨੇ ਭਾਰਤ ਤੋਂ ਹਰ ਯਾਤਰਾ ’ਤੇ ਪਾਬੰਦੀ ਲਗਾ ਦਿੱਤੀ ਸੀ।