Breaking News
Home / ਪੰਜਾਬ / ਸੁਮੇਧ ਸੈਣੀ ਦੇ ਘਰ ਵਿਜੀਲੈਂਸ ਦਾ ਛਾਪਾ

ਸੁਮੇਧ ਸੈਣੀ ਦੇ ਘਰ ਵਿਜੀਲੈਂਸ ਦਾ ਛਾਪਾ

ਗਲਤ ਤਰੀਕੇ ਨਾਲ ਕੋਠੀ ਖਰੀਦਣ ਦੇ ਲੱਗੇ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਚੰਡੀਗੜ੍ਹ ਸਥਿਤ ਘਰ ’ਤੇ ਛਾਪਾ ਮਾਰਿਆ। ਵਿਜੀਲੈਂਸ ਬਿਊਰੋ ਨੇ ਸਾਬਕਾ ਡੀਜੀਪੀ ਦੇ ਖਿਲਾਫ ਅਸਾਧਾਰਨ ਸੰਪਤੀ ਦਾ ਮਾਮਲਾ ਦਰਜ ਕੀਤਾ ਹੈ, ਜਿਸ ਦੇ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਸੁਮੇਧ ਸੈਣੀ ਦੇ ਘਰ ਪਹੁੰਚੀ। ਇਸ ਮਾਮਲੇ ਸਬੰਧੀ ਸੀਨੀਅਰ ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਸੁਮੇਧ ਸੈਣੀ ਦੇ ਖਿਲਾਫ ਵਿਜੀਲੈਂਸ ਵਿਭਾਗ ਵੱਲੋਂ ਅਸਾਧਾਰਣ ਸੰਪਤੀ ਦੇ ਨਵੇਂ ਸਬੂਤ ਇਕੱਠੇ ਕਰਨ ਦੇ ਲਈ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ -ਵੱਖ ਧਾਰਾਵਾਂ ਤਹਿਤ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਕਰਕੇ ਵਿਜੀਲੈਂਸ ਦੀ ਟੀਮ ਨੇ ਸੈਣੀ ਦੀ ਗਿ੍ਰਫਤਾਰੀ ਦੇ ਲਈ ਉਸਦੇ ਘਰ ’ਚ ਛਾਪਾ ਮਾਰਿਆ ਹੈ। ਧਿਆਨ ਰਹੇ ਕਿ ਸੁਮੇਧ ਸੈਣੀ ਦੀ ਚੰਡੀਗੜ੍ਹ ਵਾਲੀ ਇਸ ਕੋਠੀ ਬਾਰੇ ਪਿਛਲੇ ਦਿਨੀਂ ਵੀ ਕਾਫ਼ੀ ਵਿਵਾਦ ਛਿੜਿਆ ਸੀ। ਕਿਹਾ ਜਾ ਰਿਹਾ ਹੈ ਕਿ ਸੁਮੈਧ ਸੈਣੀ ਵੱਲੋਂ ਇਹ ਕੋਠੀ ਗ਼ਲਤ ਤਰੀਕੇ ਨਾਲ ਖ਼ਰੀਦੀ ਗਈ ਹੈ। ਕੋਠੀ ਦੀ ਰੈਂਟ ਡੀਡ ਅਤੇ ਖ਼ਰੀਦ ਸਬੰਧੀ ਦਸਤਾਵੇਜ਼ਾਂ ਅਤੇ ਪੈਸਿਆਂ ਦਾ ਲੈਣ ਦੇਣ ਆਪਸ ਵਿੱਚ ਮੇਲ ਨਹੀਂ ਖਾਂਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੁਣ ਹੋਰ ਵਧ ਸਕਦੀਆਂ ਹਨ। ਮੁਹਾਲੀ ਦੇ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰਨ ਦੇ ਗੰਭੀਰ ਦੋਸ਼ ਉਸਦਾ ਪਿੱਛਾ ਨਹੀਂ ਛੱਡ ਰਹੇ ਸੀ ਕਿ ਹੁਣ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦਾ ਨਵਾਂ ਕੇਸ ਮੁਹਾਲੀ ਦੇ ਵਿਜੀਲੈਂਸ ਥਾਣੇ ’ਚ ਦਰਜ ਕੀਤਾ ਗਿਆ ਹੈ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …