Breaking News
Home / ਪੰਜਾਬ / ਕਾਲੇ ਖੇਤੀ ਕਾਨੂੰਨ ਰੱਦ ਕਰਾਂਗੇ : ਨਵਜੋਤ ਸਿੱਧੂ

ਕਾਲੇ ਖੇਤੀ ਕਾਨੂੰਨ ਰੱਦ ਕਰਾਂਗੇ : ਨਵਜੋਤ ਸਿੱਧੂ

ਮਦਨ ਲਾਲ ਜਲਾਲਪੁਰ ਦੇ ਘਰ ਪਹੁੰਚੇ ਸਿੱਧੂ
ਪਟਿਆਲਾ/ਬਿਊਰੋ ਨਿਊਜ਼
ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਾਂਗਰਸ ਦੇ ਵਿਧਾਇਕਾਂ ਅਤੇ ਹੋਰ ਲੀਡਰਾਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ ਹੈ। ਇਸਦੇ ਚੱਲਦਿਆਂ ਨਵਜੋਤ ਸਿੱਧੂ ਅੱਜ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਪਹੁੰਚੇ। ਸਿੱਧੂ ਨੇ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਪਿੱਠ ਥਾਪੜਦਿਆਂ ਹੱਲਾਸ਼ੇਰੀ ਵੀ ਦਿੱਤੀ। ਇਸ ਮੌਕੇ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਾਡੀ ਪਹਿਲੀ ਤਰਜੀਹ ਹੈ। ਉਨ੍ਹਾਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਵੀ ਕਹੀ। ਇਸ ਮੌਕੇ ਸਿੱਧੂ ਨਾਲ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ਰਹੇ। ਨਵਜੋਤ ਸਿੱਧੂ ਨੇ ਖੇਤੀ ਕਾਨੂੰਨਾਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ’ਚ ਖੇਤੀ ਕਾਨੂੰਨਾਂ ਦੀ ਸੋਧ ਨਹੀਂ ਸਗੋਂ ਇਨ੍ਹਾਂ ਨੂੰ ਮੁੱਢੋਂ ਰੱਦ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਰਾਂ ਨਾਲ ਵੀ ਇਸ ਮੁੱਦੇ ’ਤੇ ਚਰਚਾ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਤੇ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਪੰਜਾਬ ਆਪਣੇ ਕਾਨੂੰਨ ਬਣਾਏਗਾ। ਇਸੇ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਕੀਤੇ ਗਏ ਪੀਪੀਏ ਗ਼ਲਤ ਹਨ ਤੇ ਇਨ੍ਹਾਂ ਪੀਪੀਏ ’ਤੇ ਦਸਤਖ਼ਤ ਕਰਨ ਵਾਲੇ ਬਾਬੂਆਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਹਮੇਸ਼ਾ ਹੀ ਗਾਜ ਸਿਆਸੀ ਆਗੂਆਂ ’ਤੇ ਡਿੱਗਦੀ ਆ ਰਹੀ ਹੈ ਪਰ ਮਲਾਈ ਖਾਣ ਵਾਲੇ ਬਾਬੂ ਬਚ ਜਾਂਦੇ ਹਨ। ਇਸ ਕਰਕੇ ਹੁਣ ਜਲਦ ਹੀ ਮਲਾਈ ਖਾਣ ਵਾਲੇ ਇਨ੍ਹਾਂ ਬਾਬੂਆਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਕੱਚੇ ਅਧਿਆਪਕਾਂ ਨੇ ਨਵਜੋਤ ਸਿੱਧੂ ਦੇ ਪਟਿਆਲਾ ਸਥਿਤ ਘਰ ਦੇ ਬਾਹਰ ਧਰਨਾ ਲਗਾ ਦਿੱਤਾ। ਕੱਚੇ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਨੇ ਕਿਹਾ ਕਿ ਪੰਜਾਬ ਵਿਚ ਸਰਕਾਰਾਂ ਬਦਲਦੀਆਂ ਰਹੀਆਂ ਹਨ, ਪਰ ਕੱਚੇ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ ਅਤੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਵੀ ਬੰਦ ਕੀਤਾ ਜਾਵੇ।

 

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …