Breaking News
Home / ਪੰਜਾਬ / ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾ ਰਹੇ ਵਿਜੈ ਸਾਂਪਲਾ ਦਾ ਸਖਤ ਵਿਰੋਧ

ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾ ਰਹੇ ਵਿਜੈ ਸਾਂਪਲਾ ਦਾ ਸਖਤ ਵਿਰੋਧ

ਕਿਸਾਨਾਂ ਨੇ ਭਾਜਪਾ ਅਤੇ ਖੱਟਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਕਾਲਾਂਵਾਲੀ : ਕਾਲਾਂਵਾਲੀ ਨੇੜਲੇ ਪਿੰਡ ਦਾਦੂ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਮਿਲਣ ਲਈ ਜਾਣਾ ਸੀ ਪਰ ਜਿਉਂ ਹੀ ਇਸ ਦੀ ਭਿਣਕ ਇਲਾਕੇ ਦੇ ਕਿਸਾਨਾਂ ਨੂੰ ਲੱਗੀ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਪਿੰਡ ਦਾਦੂ ਵਿੱਚ ਇਕੱਠੇ ਹੋਣੇ ਲੱਗੇ। ਕਿਸਾਨਾਂ ਨੇ ਭਾਜਪਾ ਅਤੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਿਆ ਤੇ ਥੋੜ੍ਹੇ ਹੀ ਸਮੇਂ ਵਿੱਚ ਪਿੰਡ ਦਾਦੂ ਪੁਲਿਸ ਛਾਉਣੀ ‘ਚ ਤਬਦੀਲ ਹੋ ਗਿਆ। ਇਸ ਮਗਰੋਂ ਕਿਸਾਨਾਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਅੱਗੇ ਧਰਨਾ ਲਾ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕਿਸਾਨ ਆਗੂ ਲਖਵਿੰਦਰ ਸਿੰਘ ਔਲਖ, ਗੁਰਦਾਸ ਸਿੰਘ ਲੱਕੜਵਾਲੀ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਪਿੰਡ ਵਿੱਚ ਭਾਜਪਾ ਦੇ ਆਗੂਆਂ ਨੂੰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਜੈ ਸਾਂਪਲਾ ਦੇ ਪਿੰਡ ਦਾਦੂ ਦੇ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕਰਨ ਦੀ ਸੂਹ ਮਿਲਦਿਆਂ ਹੀ ਵੱਡੀ ਗਿਣਤੀ ‘ਚ ਕਿਸਾਨ ਆਪਣੇ ਪੱਧਰ ‘ਤੇ ਇਕੱਠੇ ਹੋ ਗਏ। ਕਿਸਾਨਾਂ ਨੇ ਪਿੰਡ ਦਾਦੂ ਵਿੱਚ ਆਉਣ ਵਾਲੀਆਂ ਸਾਰੀਆਂ ਸੜਕਾਂ ਅਤੇ ਹੋਰ ਰਸਤਿਆਂ ‘ਤੇ ਟਰੈਕਟਰ-ਟਰਾਲੀਆਂ ਲਾ ਕੇ ਰਾਹ ਬੰਦ ਕਰ ਦਿੱਤੇ ਤਾਂ ਜੋ ਕੋਈ ਵੀ ਬਾਹਰੋਂ ਪਿੰਡ ਵਿੱਚ ਦਾਖਲ ਨਾ ਹੋ ਸਕੇ।
ਸਾਂਪਲਾ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖਿਲਾਫ ਕੇਸ ਦਰਜ
ਭਾਜਪਾ ਆਗੂ ਵਿਜੈ ਸਾਂਪਲਾ ਦੀ ਆਮਦ ਖਿਲਾਫ ਕਿਸਾਨਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਮਗਰੋਂ ਕਾਲਾਂਵਾਲੀ ਪੁਲਿਸ ਨੇ 700 ਤੋਂ ਵੱਧ ਕਿਸਾਨਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਏਐੱਸਆਈ ਸੁਖਜੀਤ ਸਿੰਘ ਦੀ ਸ਼ਿਕਾਇਤ ‘ਤੇ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਗਏ ਪਰ ਹਾਲੇ ਤੱਕ ਕਿਸੇ ਕਿਸਾਨ ਦੀ ਗ੍ਰਿਫ਼ਤਾਰੀ ਨਹੀਂ ਹੋਈ। ਦੂਜੇ ਪਾਸੇ ਪਿੰਡ ਦਾਦੂ ਦੇ ਵਸਨੀਕਾਂ ਨੇ ਇਕੱਠ ਕਰਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪਿੰਡ ਵਾਸੀਆਂ ਨੇ ਲਿਖਤੀ ਪੱਤਰ ਵਿੱਚ ਦੱਸਿਆ ਕਿ ਜਥੇਦਾਰ ਦਾਦੂਵਾਲ ਦਾ ਬਾਈਕਾਟ ਕਰ ਦਿੱਤਾ ਗਿਆ ਹੈ।
ਕਿਸਾਨਾਂ ਨੇ ਤਲਵੰਡੀ ਸਾਬੋ ‘ਚ ਵੀ ਸਾਂਪਲਾ ਦਾ ਰਾਹ ਰੋਕਿਆ
ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾ ਰਹੇ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਵਿਜੈ ਸਾਂਪਲਾ ਨੂੰ ਤਲਵੰਡੀ ਸਾਬੋ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਵਰਕਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਭਾਜਪਾ ਆਗੂ ਦਾ ਰਾਹ ਰੋਕ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਦਾ ਪਤਾ ਲੱਗਦਿਆਂ ਹੀ ਭਾਰੀ ਪੁਲਿਸ ਫੋਰਸ ਨੇ ਧੱਕਾ-ਮੁੱਕੀ ਤੇ ਖਿੱਚ-ਧੂਹ ਕਰਕੇ ਕਿਸਾਨਾਂ ਨੂੰ ਰਸਤੇ ਵਿੱਚੋਂ ਹਟਾ ਕੇ ਵਿਜੈ ਸਾਂਪਲਾ ਨੂੰ ਲੰਘਾਇਆ ਤੇ ਪੁਲਿਸ ਭਾਜਪਾ ਆਗੂ ਨੂੰ ਸੁਰੱਖਿਅਤ ਹਰਿਆਣਾ ਦੀ ਹੱਦ ਤੱਕ ਛੱਡ ਕੇ ਆਈ। ਰੋਹ ਵਿੱਚ ਆਏ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ, ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …