ਕਸ਼ਮੀਰ ਵਿੱਚ ਹਿੰਸਾ ਤੇ ਅੱਤਵਾਦ ਲਈ ਪਾਕਿਸਤਾਨ ਨੂੰ ਦੋਸ਼ੀ ਠਹਿਰਾਇਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਸ਼ਮੀਰ ਵਾਦੀ ਵਿੱਚ ਹਿੰਸਕ ਘਟਨਾਵਾਂ ਤੇ ਅੱਤਵਾਦ ਲਈ ਪਾਕਿਸਤਾਨ ਨੂੰ ਦੋਸ਼ੀ ਕਰਾਰ ਦਿੰਦਿਆਂ ਕਿਹਾ ਕਿ ਉਹ ਦੇਸ਼ ਨੂੰ ਕਮਜ਼ੋਰ ਕਰਨਾ ਚਾਹੁੰਦਾ ਹੈ ਪਰ ਭਾਜਪਾ ਸਰਕਾਰ ਕਿਸੇ ਵੀ ਸੂਰਤ ਵਿਚ ਅਜਿਹਾ ਨਹੀਂ ਹੋਣ ਦੇਵੇਗੀ। ਉਹ ਇਥੇ ਜੱਲ੍ਹਿਆਂਵਾਲਾ ਬਾਗ਼ ਵਿਚ ਤਿਰੰਗਾ ਯਾਤਰਾ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ ਸਨ। ਕੇਂਦਰ ਸਰਕਾਰ ਵੱਲੋਂ ਆਜ਼ਾਦੀ ਦੀ 70ਵੀਂ ਵਰ੍ਹੇਗੰਢ ਸਬੰਧੀ ਦੇਸ਼ ਭਰ ਵਿਚ ਤਿਰੰਗਾ ਯਾਤਰਾ ਕਰਾਈ ਜਾ ਰਹੀ ਹੈ। ਜੰਮੂ ਦੇ ਪਿੰਡ ਸਮਾਇਲਪੁਰ ਵਿਚ ਦੇਸ਼ ਭਗਤ ਤੇ ਭਾਜਪਾ ਆਗੂ ਪੰਡਿਤ ਪ੍ਰੇਮ ਨਾਥ ਨੂੰ ਸ਼ਰਧਾਂਜਲੀ ਦੇਣ ਮਗਰੋਂ ਤਿਰੰਗਾ ਯਾਤਰਾ ਤਹਿਤ ਅੰਮ੍ਰਿਤਸਰ ਪੁੱਜੇ ਜੇਤਲੀ ਨੇ ਇਥੇ ਹਾਲ ਗੇਟ ਤੋਂ ਜੱਲ੍ਹਿਆਂਵਾਲਾ ਬਾਗ਼ ਤੱਕ ਤਿਰੰਗਾ ਯਾਤਰਾ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਜੱਲ੍ਹਿਆਂਵਾਲਾ ਬਾਗ਼ ਵਿਚ ਸ਼ਹੀਦੀ ਸਮਾਰਕ ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਿਸੇ ਵੀ ਸੂਰਤ ਵਿਚ ਦੇਸ਼ ਨੂੰ ਕਮਜ਼ੋਰ ਨਹੀਂ ਹੋਣ ਦੇਵੇਗੀ। ਸਗੋਂ ਲੋਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ ਤਾਂ ਜੋ ਦੇਸ਼ ਵਿਚ ਏਕਤਾ ਤੇ ਅਖੰਡਤਾ ਬਰਕਰਾਰ ਰਹੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦਾ ਮੁੱਖ ਮੰਤਵ ਦੇਸ਼ ਨੂੰ ਵਿਕਾਸ ਦੀ ਲੀਹ ‘ਤੇ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਖ਼ਤਰਿਆਂ ਤੋਂ ਦੂਰ ਕਰਕੇ ਰੱਖਿਆ ਖਰਚ ਘਟਾਉਣ ਦੀ ਲੋੜ ਹੈ ਤਾਂ ਜੋ ਵਿਕਾਸ ਦਰ ਨੂੰ ਵਧਾਇਆ ਜਾ ਸਕੇ। ઠਕੇਂਦਰੀ ਵਿੱਤ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਉਹ ਪ੍ਰਣ ਕਰਨ ਕਿ ਦੇਸ਼ ਨੂੰ ਵਧੇਰੇ ਸੁਰੱਖਿਅਤ ਬਣਾਉਣ ਅਤੇ ਵਿਕਾਸ ਦੀ ਲੀਹ ‘ਤੇ ਲਿਜਾਣ ਲਈ ਸਹਿਯੋਗ ਦੇਣਗੇ। ਉਨ੍ਹਾਂ ਅੰਮ੍ਰਿਤਸਰ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਦੇ ਮੁਕੰਮਲ ਹੋਣ ਮਗਰੋਂ ਸ਼ਹਿਰ ਨੂੰ ਨਵੀਂ ਦਿੱਖ ਮਿਲੇਗੀ। ਸਮਾਗਮ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ, ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਕੈਬਨਿਟ ਮੰਤਰੀ ਅਨਿਲ ਜੋਸ਼ੀ ਅਤੇ ਤਰੁਣ ਚੁੱਘ ਨੇ ਵੀ ਸੰਬੋਧਨ ਕੀਤਾ। ਜ਼ਿਲ੍ਹਾ ਭਾਜਪਾ ਪ੍ਰਧਾਨ ਰਾਜੇਸ਼ ਹਨੀ ਤੇ ਹੋਰਾਂ ਨੇ ਜੇਤਲੀ ਤੇ ਸਾਂਪਲਾ ਦਾ ਸਨਮਾਨ ਕੀਤਾ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …