-4.2 C
Toronto
Monday, December 8, 2025
spot_img
Homeਪੰਜਾਬਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਵੀ ਕਾਂਗਰਸ ਦਾ ਕਾਟੋ-ਕਲੇਸ਼ ਸ਼ੁਰੂ

ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਵੀ ਕਾਂਗਰਸ ਦਾ ਕਾਟੋ-ਕਲੇਸ਼ ਸ਼ੁਰੂ

ਕਈ ਸੀਨੀਅਰ ਆਗੂ ਆਪਣਾ ਗੁੱਸਾ ਕਰਨ ਲੱਗੇ ਜ਼ਾਹਿਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਅਜੇ ਨਿਬੜਿਆ ਨਹੀਂ ਸੀ ਕਿ ਰਾਜਧਾਨੀ ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਕਾਰਜਕਾਰਨੀ ਕਮੇਟੀ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਕਾਂਗਰਸ ਵਿੱਚ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ। ਕਈ ਸੀਨੀਅਰ ਕਾਂਗਰਸੀ ਆਗੂ ਸੋਸ਼ਲ ਮੀਡੀਆ ‘ਤੇ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ। ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਨਵੀਂ ਕਾਰਜਕਾਰਨੀ ਦੀ ਚੋਣ ‘ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਦੀ ਚੋਣ ਨੇ ਚੰਡੀਗੜ੍ਹ ਨੂੰ ਕਾਂਗਰਸ ਮੁਕਤ ਕਰਨ ਦੀ ਨਵੀਂ ਪਾਰੀ ਸ਼ੁਰੂ ਕਰ ਦਿੱਤੀ ਹੈ।
ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਚੰਡੀਗੜ੍ਹ ਕਾਂਗਰਸ ਕਮੇਟੀ ਦੀ ਜ਼ਿਲ੍ਹਾ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਜਕਾਰਨੀ ‘ਚ 133 ਜਣਿਆਂ ਨੂੰ ਸ਼ਾਮਲ ਕੀਤਾ ਹੈ। ਇਸ ਵਿੱਚ 8 ਮੀਤ ਪ੍ਰਧਾਨ, ਇਕ ਖ਼ਜ਼ਾਨਚੀ, 9 ਜਨਰਲ ਸਕੱਤਰ, 24 ਸਕੱਤਰ, 23 ਆਰਗੇਨਾਈਜ਼ੇਸ਼ਨਲ ਸਕੱਤਰ, 17 ਪਰਮਾਨੈਂਟ ਇਨਵਾਇਟੀ, 15 ਵਿਸ਼ੇਸ਼ ਇਨਵਾਇਟੀ ਅਤੇ 36 ਜਣਿਆਂ ਨੂੰ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਚੰਡੀਗੜ੍ਹ ਕਾਂਗਰਸ ਦੀ ਨਵੀਂ ਜ਼ਿਲ੍ਹਾ ਕਾਰਜਕਾਰਨੀ ਦੇ ਐਲਾਨ ਤੋਂ ਬਾਅਦ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਕਾਂਗਰਸੀ ਆਗੂਆਂ ਦੇ ਨਾਮ ਖੁੱਲ੍ਹਾ ਪੱਤਰ ਲਿਖ ਕੇ ਸਵਾਲ ਚੁੱਕੇ ਹਨ।
ਛਾਬੜਾ ਨੇ ਕਿਹਾ ਕਿ ਚੰਡੀਗੜ੍ਹ ਕਾਂਗਰਸ ਦੀ ਲੀਡਰਸ਼ਿਪ ਨੇ ਚੰਡੀਗੜ੍ਹ ਨੂੰ ਕਾਂਗਰਸ ਮੁਕਤ ਕਰਨ ਦੀ ਨਵੀਂ ਪਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵੀਂ ਕਾਰਜਕਾਰਨੀ ਵਿੱਚ 30-30 ਸਾਲਾਂ ਤੋਂ ਕੰਮ ਕਰਨ ਵਾਲੇ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲਈ ਲੰਬਾ ਸਮਾਂ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਕੋਈ ਜ਼ਿੰਮੇਵਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮਨੀਮਾਜਰਾ ਵਿੱਚੋਂ ਕੋਈ ਵੀ ਮੀਤ ਪ੍ਰਧਾਨ ਜਾਂ ਜਨਰਲ ਸਕੱਤਰ ਨਹੀਂ ਚੁਣਿਆ ਗਿਆ।
ਸਾਬਕਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਮਹਿਲਾਵਾਂ ਨੂੰ ਬਰਾਬਰ ਅਧਿਕਾਰ ਦੇਣ ਦੀਆਂ ਗੱਲਾਂ ਕਰਦੀ ਹੈ ਪਰ ਕਾਰਜਕਾਰਨੀ ਕਮੇਟੀ ਵਿੱਚ ਤਾਂ 30 ਫ਼ੀਸਦ ਮਹਿਲਾਵਾਂ ਵੀ ਸ਼ਾਮਲ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪਾਰਟੀ ਤਾਨਾਸ਼ਾਹੀ ਨਾਲ ਨਹੀਂ ਨਿਮਰਤਾ ਨਾਲ ਚਲਦੀ ਹੈ। ਕਾਂਗਰਸ ਦੇ ਸੀਨੀਅਰ ਆਗੂ ਨੇ ਕਿਹਾ ਕਿ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਨਜ਼ਰ ਅੰਦਾਜ਼ ਕਰਨਾ ਪਾਰਟੀ ਲਈ ਬਹੁਤ ਘਾਤਕ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੁਰਾਣੇ ਅਤੇ ਨਵੇਂ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੀ ਲੋੜ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਪਹਿਲੇ ਦਿਨ ਤੋਂ ਚਾਵਲਾ ਤੋਂ ਨਾਰਾਜ਼ ਚੱਲੇ ਆ ਰਹੇ ਹਨ।

 

 

RELATED ARTICLES
POPULAR POSTS