-5.1 C
Toronto
Tuesday, February 3, 2026
spot_img
Homeਪੰਜਾਬਬਰਗਾੜੀ ਮੋਰਚੇ ਸਬੰਧੀ ਸਪੱਸ਼ਟੀਕਰਨ ਦੇਣ ਦਾ ਸਰਕਾਰੀ ਨੁਮਾਇੰਦਿਆਂ ਨੂੰ ਇੱਕ ਹੋਰ ਮੌਕਾ

ਬਰਗਾੜੀ ਮੋਰਚੇ ਸਬੰਧੀ ਸਪੱਸ਼ਟੀਕਰਨ ਦੇਣ ਦਾ ਸਰਕਾਰੀ ਨੁਮਾਇੰਦਿਆਂ ਨੂੰ ਇੱਕ ਹੋਰ ਮੌਕਾ

ਧਿਆਨ ਸਿੰਘ ਮੰਡ ਨੇ ਪੰਜਾਬ ਦੇ ਦੋ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ 11 ਅਗਸਤ ਨੂੰ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਲਈ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਸਬੰਧੀ ਸੂਬਾ ਸਰਕਾਰ ਦੇ ਦੋ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਦਾ ਇੱਕ ਹੋਰ ਮੌਕਾ ਦਿੰਦਿਆਂ 11 ਅਗਸਤ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਮੰਡ ਨੇ ਆਪਣੇ ਸਾਥੀਆਂ ਸਮੇਤ ਪੰਜ ਪਿਆਰਿਆਂ ਦੇ ਰੂਪ ਵਿੱਚ 23 ਜੁਲਾਈ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਨੂੰ 2 ਅਗਸਤ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ ਪਰ ਇਨ੍ਹਾਂ ‘ਚੋਂ ਕੋਈ ਵੀ ਹਾਜ਼ਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੇ ਬਰਗਾੜੀ ਮੋਰਚੇ ਦੌਰਾਨ ਸਰਕਾਰੀ ਨੁਮਾਇੰਦੇ ਬਣ ਕੇ ਸਰਕਾਰ ਵੱਲੋਂ ਮੋਰਚੇ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਇਹ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਸੰਗਤ ਨਾਲ ਕੀਤੇ ਵਾਅਦੇ ਤੋਂ ਭੱਜ ਗਈ ਹੈ ਅਤੇ ਹੁਣ ਤੱਕ ਨਿਆਂ ਨਹੀਂ ਮਿਲਿਆ।
ਬੇਅਦਬੀ ਮਾਮਲੇ ਸਬੰਧੀ ਲਾਏ ਗਏ ਮੋਰਚੇ ਨਾਲ ਮਜ਼ਾਕ ਕਰਨ ਅਤੇ ਸਮੁੱਚੀ ਕੌਮ ਨਾਲ ਧੋਖਾ ਕਰਨ ਦੇ ਦੋਸ਼ ਹੇਠ ਇਨ੍ਹਾਂ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਇੱਥੇ ਆਪਣਾ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਸੀ ਪਰ ਉਨ੍ਹਾਂ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਾ ਜ਼ਰੂਰੀ ਨਹੀਂ ਸਮਝਿਆ। ਇਸ ਤੋਂ ਸਪੱਸ਼ਟ ਹੈ ਕਿ ਉਨ੍ਹਾਂ ਵਿੱਚ ਗੁਰੂ ਦਾ ਭੈਅ ਅਤੇ ਸਤਿਕਾਰ ਨਹੀਂ ਹੈ। ਇਸ ਨਾਲ ਉਹ ਪਹਿਲਾਂ ਕੀਤੀ ਵਾਅਦਾ-ਖਿਲਾਫੀ ਵੀ ਕਬੂਲ ਕਰ ਰਹੇ ਹਨ ਅਤੇ ਪਰੰਪਰਾਵਾਂ ਦੀ ਉਲੰਘਣਾ ਕਰਨ ਦਾ ਗੁਨਾਹ ਵੀ ਕਰ ਰਹੇ ਹਨ। ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਇਹ ਪੰਜ ਸਰਕਾਰੀ ਨੁਮਾਇੰਦੇ 11 ਅਗਸਤ ਨੂੰ ਅਕਾਲ ਤਖ਼ਤ ਸਾਹਿਬ ‘ਤੇ ਹਾਜ਼ਰ ਹੋ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਦੇ ਸਕਦੇ ਹਨ। ਉਨ੍ਹਾਂ ਲਈ ਇਹ ਆਖ਼ਰੀ ਮੌਕਾ ਹੈ। ਇਸ ਤੋਂ ਬਾਅਦ ਸਿੱਖ ਪਰੰਪਰਾਵਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

 

RELATED ARTICLES
POPULAR POSTS