-1 C
Toronto
Thursday, December 25, 2025
spot_img
Homeਪੰਜਾਬਪੰਜਾਬ ਲਈ ਅਕਾਲੀ ਦਲ ਨੇ ਖੋਲ੍ਹਿਆ ਵਾਅਦਿਆਂ ਦਾ ਪਿਟਾਰਾ

ਪੰਜਾਬ ਲਈ ਅਕਾਲੀ ਦਲ ਨੇ ਖੋਲ੍ਹਿਆ ਵਾਅਦਿਆਂ ਦਾ ਪਿਟਾਰਾ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ-ਬਸਪਾ ਗੱਠਜੋੜ ਵੱਲੋਂ 13 ਨੁਕਾਤੀ ਚਾਰਟਰ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੇ ਸੂਬੇ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਲਈ ਲੋਕ ਲੁਭਾਊ ਵਾਅਦਿਆਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ-ਬਸਪਾ ਗੱਠਜੋੜ ਸਰਕਾਰ ਦੇ ਸੱਤਾ ਵਿੱਚ ਆਉਣ ‘ਤੇ 13 ਨੁਕਾਤੀ ਏਜੰਡਾ ਲਾਗੂ ਕਰਨ ਦਾ ਐਲਾਨ ਕੀਤਾ। ਇਸ ਏਜੰਡੇ ਵਿੱਚ ਨੀਲਾ ਕਾਰਡ ਧਾਰਕ ਪਰਿਵਾਰਾਂ ਦੀਆਂ ਮੁਖੀ ਬਜ਼ੁਰਗ ਔਰਤਾਂ ਨੂੰ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣਾ, ਖੇਤੀਬਾੜੀ ਖਪਤਕਾਰਾਂ ਨੂੰ ਡੀਜ਼ਲ ਰੇਟ ਵਿੱਚ 10 ਰੁਪਏ ਪ੍ਰਤੀ ਲਿਟਰ ਦੀ ਕਟੌਤੀ, ਸਨਅਤ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਤੇ ਵਿਦਿਆਰਥੀਆਂ ਲਈ ਵਿਆਜ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦੇਣਾ ਸ਼ਾਮਲ ਹੈ।
ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਗੱਠਜੋੜ ਦੇ ਏਜੰਡੇ ਵਿੱਚ ਹਰ ਘਰ ਨੂੰ ਹਰ ਮਹੀਨੇ 400 ਯੂਨਿਟ ਮੁਫ਼ਤ ਬਿਜਲੀ ਦੇਣਾ ਅਤੇ ਸਾਰੇ ਨੀਲੇ ਕਾਰਡ ਧਾਰਕਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨਾ ਵੀ ਸ਼ਾਮਲ ਹੈ। ਅਕਾਲੀ ਦਲ ਦੇ ਪ੍ਰਧਾਨ ਨੇ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦਾ ਵੀ ਐਲਾਨ ਕੀਤਾ, ਜਿਸ ਤਹਿਤ ਸਾਰੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲਾਭਪਾਤਰੀ ਲਈ ਇਲਾਜ, ਦਵਾਈਆਂ, ਟੈਸਟ, ਸਰਜਰੀਆਂ ਉਪਲੱਬਧ ਹੋਣਗੇ।
ਸੁਖਬੀਰ ਸਿੰਘ ਬਾਦਲ ਨੇ ਭਾਰਤ ਤੇ ਵਿਦੇਸ਼ਾਂ ‘ਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਇੱਛੁਕ ਨੌਜਵਾਨਾਂ ਲਈ ਸਟੂਡੈਂਟਸ ਐਜੂਕੇਸ਼ਨ ਕਾਰਡ ਤਹਿਤ 10 ਲੱਖ ਰੁਪਏ ਦਾ ਵਿਆਜ ਰਹਿਤ ਕਰਜ਼ਾ ਦੇਣ ਤੇ ਦਲਿਤ ਵਿਦਿਆਰਥੀਆਂ ਲਈ ਐੱਸਸੀ ਸਕਾਲਰਸ਼ਿਪ ਸਕੀਮ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ।
ਬਾਦਲ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਪੰਜਾਬ ਵਿੱਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਇਸ ਦੇ ਨਾਲ ਹੀ ਗੱਠਜੋੜ ਸਰਕਾਰ ਬਣਨ ‘ਤੇ ਕਿਸਾਨਾਂ ਵਾਸਤੇ ਫ਼ਲਾਂ ਤੇ ਸਬਜ਼ੀਆਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸ਼ੁਰੂ ਕੀਤਾ ਜਾਵੇਗਾ ਤੇ ਘੱਟ ਭਾਅ ਮਿਲਣ ‘ਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਸਿਹਤ ਤੇ ਸਿੱਖਿਆ ‘ਤੇ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰ ਹਰ ਜ਼ਿਲ੍ਹੇ ਵਿੱਚ 500 ਬੈੱਡਾਂ ਵਾਲੇ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰੇਗੀ, ਜੋ ਸੁਪਰ ਸਪੈਸ਼ਲਿਟੀ ਸਹੂਲਤਾਂ ਨਾਲ ਲੈਸ ਹੋਣਗੇ। ਮੈਡੀਕਲ ਕਾਲਜਾਂ ਸਮੇਤ ਸੂਬੇ ਦੇ ਪ੍ਰੋਫੈਸ਼ਨਲ ਕਾਲਜਾਂ ਵਿੱਚ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਲਈ 33 ਫ਼ੀਸਦੀ ਸੀਟਾਂ ਰਾਖਵੀਆਂ ਕੀਤੀਆਂ ਜਾਣਗੀਆਂ। ਅਕਾਲੀ ਦਲ ਦੇ ਪ੍ਰਧਾਨ ਨੇ ਸਰਕਾਰੀ ਖੇਤਰ ਵਿੱਚ ਇੱਕ ਲੱਖ ਤੇ ਪ੍ਰਾਈਵੇਟ ਖੇਤਰ ਵਿੱਚ 10 ਲੱਖ ਨੌਕਰੀਆਂ ਦੇਣ ਤੇ ਸਾਰੀਆਂ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 50 ਫ਼ੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸੈਕਟਰ ਵਿੱਚ 75 ਫ਼ੀਸਦੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਆਂ ਹੋਣਗੀਆਂ। ਸੁਖਬੀਰ ਬਾਦਲ ਨੇ ਸਫ਼ਾਈ ਕਰਮਚਾਰੀਆਂ ਸਮੇਤ ਠੇਕੇ ‘ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ, ਕਾਂਗਰਸ ਸਰਕਾਰ ਵੱਲੋਂ ਬੰਦ ਕੀਤੇ ਸੇਵਾ ਕੇਂਦਰ ਮੁੜ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ।
ਅਕਾਲੀ ਦਲ ਲੋਕਾਂ ਨਾਲ ਕੀਤੇ ਵਾਅਦੇ ਨਿਭਾਏਗਾ: ਸੁਖਬੀਰ
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਨਾਲ ਕੀਤੇ ਵਾਅਦੇ ਨਿਭਾਏ ਹਨ ਤੇ ਅੱਗੇ ਵੀ ਨਿਭਾਏਗਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ ਸਰਕਾਰਾਂ ਨੇ ਹਮੇਸ਼ਾ ਸੂਬੇ ‘ਚ ਸ਼ਾਂਤੀ, ਫਿਰਕੂ ਸਦਭਾਵਨਾ, ਆਪਸੀ ਭਾਈਚਾਰੇ ਤੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਤੇ ਇਹੀ ਏਜੰਡਾ ਅਕਾਲੀ-ਬਸਪਾ ਗੱਠਜੋੜ ਦਾ ਰਹੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਗੁਟਕੇ ਦੀ ਝੂਠੀ ਸਹੁੰ ਚੁੱਕੀ ਤੇ ਵਾਅਦਿਆਂ ਤੋਂ ਮੁੱਕਰ ਗਏ। ਉਨ੍ਹਾਂ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਤੇ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ‘ਤੇ ਦੋਗਲਾ ਸਟੈਂਡ ਅਪਨਾਉਣ ਦੇ ਦੋਸ਼ ਵੀ ਲਾਏ।

RELATED ARTICLES
POPULAR POSTS