ਯੂਪੀ ਦੇ ਭਾਜਪਾ ਲੀਡਰ ਨੇ ਕਿਸਾਨਾਂ ਦਾ ਕੀਤਾ ਸਮਰਥਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਅਤੇ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਉਤਰ ਪ੍ਰਦੇਸ਼ ਵਰਕਿੰਗ ਕਮੇਟੀ ਦੇ ਮੈਂਬਰ ਤੇ ਸਾਬਕਾ ਵਿਧਾਇਕ ਰਾਮ ਇਕਬਾਲ ਸਿੰਘ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਾਨੂੰਨ ਵਾਪਸ ਲੈ ਸਕਦੀ ਹੈ।
ਯੂਪੀ ਦੇ ਬਲੀਆ ਜ਼ਿਲ੍ਹੇ ਦੇ ਨਾਗਰਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਮ ਇਕਬਾਲ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸਹੀ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੇ ਕਿਸਾਨਾਂ ਵਿੱਚ ਗੁੱਸੇ ਨੂੰ ਦੇਖਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਸਕਦੀ ਹੈ। ਰਾਮ ਇਕਬਾਲ ਸਿੰਘ ਨੇ ਜਾਸੂਸੀ ਲਈ ਇਜ਼ਰਾਈਲ ਦੇ ਜਾਸੂਸੀ ਸੌਫਟਵੇਅਰ ਪੇਗਾਸਸ ਦੀ ਕਥਿਤ ਵਰਤੋਂ ਨੂੰ ਲੈ ਕੇ ਸੰਸਦ ਵਿੱਚ ਅੜਿੱਕੇ ਨੂੰ ਮੰਦਭਾਗਾ ਕਰਾਰ ਦਿੱਤਾ ਤੇ ਕਿਹਾ ਕਿ ਵਿਰੋਧੀ ਧਿਰ ਦੀ ਮੰਗ ਨੂੰ ਲੋਕਤੰਤਰੀ ਦੇਸ਼ ਵਿੱਚ ਵਿਚਾਰਿਆ ਜਾਣਾ ਚਾਹੀਦਾ ਹੈ।
ਭਾਜਪਾ ਆਗੂ ਰਾਮ ਇਕਬਾਲ ਸਿੰਘ ਨੇ ਕਿਹਾ ਕਿ ਜੇ ਵਿਰੋਧੀ ਧਿਰ ਜਾਸੂਸੀ ਮਾਮਲੇ ਦੀ ਜਾਂਚ ਚਾਹੁੰਦੀ ਹੈ, ਤਾਂ ਸਰਕਾਰ ਨੂੰ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਸੰਸਦ ਦਾ ਸੈਸ਼ਨ ਸੁਚਾਰੂ ਢੰਗ ਨਾਲ ਚੱਲਣਾ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਧਿਆਨ ਰਹੇ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਭਾਜਪਾ ਆਗੂਆਂ ਦਾ ਡਟਵਾਂ ਵਿਰੋਧ ਰਿਹਾ ਹੈ ਅਤੇ ਅਨਿਲ ਜੋਸ਼ੀ ਸਣੇ ਕਈ ਭਾਜਪਾ ਆਗੂ ਕਿਸਾਨਾਂ ਦੀ ਹਮਾਇਤ ਵੀ ਕਰ ਚੁੱਕੇ ਹਨ ਅਤੇ ਜੋਸ਼ੀ ਨੂੰ ਭਾਜਪਾ ਨੇ ਬਾਹਰ ਦਾ ਰਸਤਾ ਵੀ ਦਿਖਾ ਦਿੱਤਾ ਸੀ।