ਪੰਜਾਬ ਦੇ ਦਾਗੀ ਕੈਬਨਿਟ ਮੰਤਰੀਆਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਵਫ਼ਦ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਨੂੰ ਮਿਲਿਆ। ਇਸ ਮੌਕੇ ਵਫਦ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ, ਜਿਸ ਵਿਚ ਅਪੀਲ ਕੀਤੀ ਕਿ ਪੰਜਾਬ ਦੇ ਦਾਗੀ ਕੈਬਨਿਟ ਮੰਤਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਦੇ ਵੱਖ-ਵੱਖ ਘੁਟਾਲਿਆਂ ਦੀਆਂ ਖ਼ਬਰਾਂ ਨਸ਼ਰ ਹੋਣ ਦੇ ਬਾਵਜੂਦ ਉਨ੍ਹਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਆਮ ਆਦਮੀ ਪਾਰਟੀ ਦੇ ਸੀਨੀ ਆਗੂੁ ਹਰਪਾਲ ਚੀਮਾ ਨੇ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਦੇ ਪੈਸੇ ਹੜੱਪਣ ਕਾਰਨ ਪੰਜਾਬ ਦੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ’ਚ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੈਂਕੜੇ ਵਾਰ ਚਿਤਾਵਨੀਆਂ ਦੇਣ ਤੋਂ ਬਾਅਦ ਵੀ ਉਨ੍ਹਾਂ ਦੇ ਕੰਨ ’ਤੇ ਜੂੰ ਨਹੀਂ ਸਰਕੀ, ਸਗੋਂ ਇਕ ਕਮੇਟੀ ਬਣਾ ਕੇ ਆਪਣੇ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਮੰਤਰੀ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਜਾਣ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ ’ਤੇ ਵੀ ਸਵਾਲ ਚੁੱਕੇ। ‘ਆਪ’ ਆਗੂਆਂ ਨੇ ਦੱਸਿਆ ਕਿ ਸੁੰਦਰ ਸ਼ਾਮ ਅਰੋੜਾ ਵੱਲੋਂ ਮੁਹਾਲੀ ਵਿਖੇ ਸਰਕਾਰੀ ਜ਼ਮੀਨ ਨੂੰ ਕੌਡੀਆਂ ਦੇ ਭਾਅ ਆਪਣੇ ਚਹੇਤਿਆਂ ਨੂੰ ਦੇਣ ਨਾਲ ਸੂਬੇ ਦੇ ਖਜ਼ਾਨੇ ਨੂੰ ਕਈ ਸੈਂਕੜੇ ਕਰੋੜ ਰੁਪਈਆਂ ਦਾ ਨੁਕਸਾਨ ਹੋਇਆ ਹੈ। ‘ਆਪ’ ਆਗੂਆਂ ਦੀ ਮੰਗ ਹੈ ਕਿ ਜਿਹੜੇ ਵੀ ਮੰਤਰੀ ਭਿ੍ਰਸ਼ਟਾਚਾਰ ਦੇ ਮਾਮਲਿਆਂ ’ਚ ਘਿਰੇ ਹਨ, ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।