ਕਈ ਵੱਡੇ ਮੰਤਰੀਆਂ ਦੀ ਹੋਵੇਗੀ ਛੁੱਟੀ, ਕਈ ਨਵੇਂ ਚਿਹਰੇ ਬਣਨਗੇ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ’ਚ ਫੇਰਬਦਲ ਦੀਆਂ ਚਿਰਾਂ ਤੋਂ ਚੱਲ ਰਹੀਆਂ ਅਟਕਲਾਂ ’ਤੇ ਅਗਲੇ ਹਫ਼ਤੇ ਵਿਰਾਮ ਲੱਗ ਸਕਦਾ ਹੈ। ਕਾਂਗਰਸੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ’ਚ ਨਵੇਂ ਚਿਹਰਿਆਂ ਨੂੰ ਲਿਆਉਣ ਦੀ ਗੱਲ ਕੀਤੀ ਹੈ। ਕੈਪਟਨ ਨਾ ਸਿਰਫ਼ ਇਕ ਖਾਲੀ ਸੀਟ ਭਰਨਾ ਚਾਹੁੰਦੇ ਹਨ ਬਲਕਿ ਕੈਬਨਿਟ ’ਚ ਦੋ ਨਵੇਂ ਚਿਹਰਿਆਂ ਨੂੰ ਸ਼ਾਮਲ ਕਰਨਾ ਚਾਹੁੰਦੇ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੈਪਟਨ ਕੈਬਨਿਟ ’ਚ ਦਲਿਤ ਮੰਤਰੀ ਨੂੰ ਉਪ ਮੁੱਖ ਮੰਤਰੀ ਵੀ ਬਣਾਉਣਾ ਚਾਹੁੰਦੇ ਹਨ ਤਾਂ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲਿਤ ਭਾਈਚਾਰੇ ਨੂੰ ਕਾਂਗਰਸ ਵੱਲੋਂ ਇਕ ਵਧੀਆ ਸੰਦੇਸ਼ ਦਿੱਤਾ ਜਾ ਸਕੇ।
ਪਾਰਟੀ ਸੂਤਰਾਂ ਅਨੁਸਾਰ ਕੈਬਨਿਟ ’ਚ ਨਵੇਂ ਚਿਹਰੇ ਦੇ ਰੂਪ ’ਚ ਦਲਿਤ ਕੋਟੇ ਤੋਂ ਰਾਜ ਕੁਮਾਰ ਵੇਰਕਾ ਤੇ ਹਿੰਦੂ ਕੋਟੇ ਤੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੀ ਸ਼ਾਮਲ ਹੋ ਸਕਦੇ ਹਨ। ਪਿਛਲੇ ਦਿਨੀਂ ਰਾਣਾ ਕੇਪੀ ਸਿੰਘ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਤੇ ਇਸ ਤੋਂ ਬਾਅਦ ਉਹ ਕਾਫ਼ੀ ਸੰਤੁਸ਼ਟ ਵੀ ਨਜ਼ਰ ਆ ਰਹੇ ਸਨ। ਤੁਹਾਨੂੰ ਦੱਸ ਦੇਈਏ ਕਿ ਲੰਘੇ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਕੈਬਨਿਟ ’ਚ ਫੇਰ ਬਦਲ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਵੀਓ 03 : ਕੈਪਟਨ ਨੇ ਸੋਨੀਆ ਗਾਂਧੀ ਨਾਲ ਨਵਜੋਤ ਸਿੰਘ ਸਿੱਧੂ ਵਲੋਂ ਸਰਕਾਰ ਖ਼ਿਲਾਫ਼ ਦਿੱਤੇ ਜਾ ਰਹੇ ਬਿਆਨਾਂ ਨੂੰ ਲੈ ਕੇ ਵੀ ਚਰਚਾ ਕੀਤੀ। ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਵੀ ਸਿੱਧੂ ਲਗਾਤਾਰ ਆਪਣੀ ਹੀ ਸਰਕਾਰ ਨੂੰ ਘੇਰ ਰਹੇ ਹਨ। ਕੈਪਟਨ ਨੇ ਸੋਨੀਆ ਗਾਂਧੀ ਨੂੰ ਇਹ ਵੀ ਕਿਹਾ ਕਿ ਇਸ ਨਾਲ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਦੀ ਧੜੇਬੰਦੀ ਸਿਖਰਾਂ ’ਤੇ ਹੈ। ਲੰਘੇ ਕੱਲ੍ਹ ਜਦੋਂ ਕੈਪਟਨ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨੀ ਸੀ ਤਾਂ ਉਸ ਤੋਂ ਪਹਿਲਾਂ ਪੰਜਾਬ ਦੇ ਪੰਜ ਕੈਬਨਿਟ ਮੰਤਰੀਆਂ ਅਤੇ ਤਿੰਨ ਵਿਧਾਇਕਾਂ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਮਿਲਣ ਲਈ ਸਮਾਂ ਮੰਗ ਲਿਆ ਸੀ। ਇਸ ਚਿੱਠੀ ’ਚ ਇਹ ਵੀ ਲਿਖਿਆ ਗਿਆ ਸੀ ਕਿ ਕੈਪਟਨ ਪਾਰਟੀ ਦੇ 18 ਸੂਤਰੀ ਪ੍ਰੋਗਰਾਮ ਨੂੰ ਪੂਰਾ ਕਰਨ ਲਈ ਗੰਭੀਰ ਨਹੀਂ ਹਨ।