ਸ਼ੋ੍ਰਮਣੀ ਕਮੇਟੀ ਨੇ ਖਿਡਾਰੀਆਂ ਦਾ ਕੀਤਾ ਸਨਮਾਨ – ਪੰਜਾਬ ਸਰਕਾਰ ਭਲਕੇ ਵੀਰਵਾਰ ਨੂੰ ਖਿਡਾਰੀਆਂ ਨੂੰ ਕਰੇਗੀ ਸਨਮਾਨਿਤ
ਅੰਮਿ੍ਰਤਸਰ/ਬਿਊਰੋ ਨਿਊਜ਼
ਟੋਕੀਓ ਉਲੰਪਿਕ ’ਚ ਕਾਂਸੀ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਅੰਮਿ੍ਰਤਸਰ ਦੇ ਏਅਰਪੋਰਟ ’ਤੇ ਭਰਵਾਂ ਸਵਾਗਤ ਕੀਤਾ ਗਿਆ। ਜਿਉਂ ਹੀ ਖਿਡਾਰੀ ਏਅਰਪੋਰਟ ਤੋਂ ਬਾਹਰ ਨਿਕਲੇ ਤਾਂ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਏਅਰਪੋਰਟ ਗੂੰਜ ਉੱਠਿਆ ਅਤੇ ਇਸ ਮੌਕੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਵੀ ਪਹੁੰਚੇ ਹੋਏ ਸਨ। ਹਾਕੀ ਖਿਡਾਰੀਆਂ ਦੇ ਗਲਾਂ ਵਿੱਚ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਹਾਕੀ ਟੀਮ ਦੇ ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ।
ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਖਿਡਾਰੀਆਂ ਦਾ ਸਨਮਾਨ ਵੀ ਕੀਤਾ। ਸ਼ੋ੍ਰਮਣੀ ਕਮੇਟੀ ਵਲੋਂ ਮੈਡਲ ਜੇਤੂ ਸਮੁੱਚੀ ਹਾਕੀ ਟੀਮ ਨੂੰ ਇਕ ਕਰੋੜ ਰੁਪਏ ਦਾ ਚੈਕ ਵੀ ਦਿੱਤਾ ਗਿਆ। ਇਸ ਮੌਕੇ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਲਈ 41 ਸਾਲਾਂ ਬਾਅਦ ਉਲੰਪਿਕ ਵਿਚ ਮੈਡਲ ਜਿੱਤਣਾ ਮਾਣ ਵਾਲੀ ਹੈ। ਸਾਰੇ ਹਾਕੀ ਖਿਡਾਰੀਆਂ ਦਾ ਕਹਿਣਾ ਸੀ ਉਹ ਅਗਲੀ ਵਾਰ ਸੋਨੇ ਦਾ ਮੈਡਲ ਜਿੱਤ ਕੇ ਲਿਆਉਣਗੇ। ਧਿਆਨ ਰਹੇ ਕਿ ਹਾਕੀ ਟੀਮ ਵਿਚ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹੀ ਹਨ।
ਧਿਆਨ ਰਹੇ ਕਿ ਉਲੰਪਿਕ ਖੇਡਾਂ ਵਿਚ ਭਾਗ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਦਾ ਭਲਕੇ ਵੀਰਵਾਰ ਨੂੰ ਪੰਜਾਬ ਸਰਕਾਰ ਵਲੋਂ ਸਨਮਾਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਸਮਾਗਮ ਚੰਡੀਗੜ੍ਹ ਵਿਚ ਰੱਖਿਆ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਜੇਤੂ ਖਿਡਾਰੀਆਂ ਦਾ ਸਨਮਾਨ ਕਰਨਗੇ। ਇੱਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਕੈਪਟਨ ਸਰਕਾਰ ਨੇ ਉਲੰਪਿਕ ਵਿਚ ਪੰਜਾਬ ਦੇ ਹਰੇਕ ਜੇਤੂ ਖਿਡਾਰੀ ਲਈ ਇਨਾਮੀ ਰਾਸ਼ੀ 1 ਕਰੋੜ ਤੋਂ ਵਧਾ ਕੇ ਹੁਣ 2 ਕਰੋੜ 51 ਲੱਖ ਰੁਪਏ ਕਰ ਦਿੱਤੀ ਹੈ।