ਰਾਜੇਵਾਲ ਸਣੇ ਸੰਯੁਕਤ ਕਿਸਾਨ ਮੋਰਚਾ ਦੇ ਕਈ ਆਗੂ ਪਹੁੰਚੇ
ਮਹਿਲ ਕਲਾਂ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਹੀਦ ਕਿਰਨਜੀਤ ਕੌਰ ਦੀ 24ਵੀਂ ਬਰਸੀ ਮਹਿਲ ਕਲਾਂ ਵਿਖੇ ਮਨਾਈ ਗਈ। ਇਸ ਬਰਸੀ ਸਮਾਗਮ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਰਾਜਿੰਦਰ ਸਿੰਘ, ਸੋਨੀਆ ਮਾਨ ਅਤੇ ਡਾ. ਸਵੈਮਾਨ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਕਿਸਾਨ ਸੰਘਰਸ਼ ਨੂੰ ਸਮਰਪਿਤ ਇਸ ਵਾਰ ਦੇ ਸਮਾਗਮ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਮੋਰਚਾ ਜਿੱਤ ਵੱਲ ਵੱਧ ਰਿਹਾ ਹੈ ਤੇ ਬੁਖਲਾਹਟ ਵਿੱਚ ਭਾਰਤੀ ਜਨਤਾ ਪਾਰਟੀ ਦਾ ਆਈਟੀ ਸੈੱਲ ਕੋਝੀਆਂ ਹਰਕਤਾਂ ਕਰ ਰਿਹਾ ਹੈ। ਇਸੇ ਦੌਰਾਨ ਸੋਨੀਆ ਮਾਨ ਨੇ ਕਿਹਾ ਕਿ ਹਰ ਪਿੰਡ ਦਾ ਮੋਰਚਾ ਦਿੱਲੀ ਦੇ ਬਾਰਡਰਾਂ ’ਤੇ ਹੋਣਾ ਚਾਹੀਦਾ ਹੈ। ਉਨ੍ਹਾਂ ਬੀਬੀਆਂ ਨੂੰ ਦਿੱਲੀ ਮੋਰਚੇ ਵਿੱਚ ਸ਼ਮੂਲੀਅਤ ਦਾ ਸੱਦਾ ਦਿੱਤਾ। ਇਸ ਦੇ ਚੱਲਦਿਆਂ ਬੂਟਾ ਸਿੰਘ ਬੁਰਜਗਿੱਲ ਨੇ ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਸੰਘਰਸ਼ ਬਾਰੇ ਚਾਨਣਾ ਪਾਂਿੲਆ।
ਇਸ ਮੌਕੇ ਸਾਰੇ ਕਿਸਾਨ ਲੀਡਰਾਂ ਵਲੋਂ ਸ਼ਹੀਦ ਕਿਰਨਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਐਲਾਨ ਕੀਤਾ ਗਿਆ ਕਿ ਜਿੰਨਾ ਚਿਰ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਚਾਰ ਰਾਜਾਂ ਦੀਆਂ ਆ ਰਹੀਆਂ ਚੋਣਾਂ ਨੂੰ ਲੈ ਕੇ ਸੰਯੁਕਤ ਮੋਰਚੇ ਵਲੋਂ ਰਣਨੀਤੀ ਬਣਾ ਲਈ ਗਈ ਹੈ। ਇਨ੍ਹਾਂ ਚੋਣਾਂ ਵਿਚ ਭਾਜਪਾ ਦੇ ਬਾਈਕਾਟ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।