-1.9 C
Toronto
Thursday, December 4, 2025
spot_img
Homeਹਫ਼ਤਾਵਾਰੀ ਫੇਰੀਖੇਤੀ ਕਾਨੂੰਨ ਰੱਦ ਕਰਾਉਣ ਲਈ ਕੈਪਟਨ ਪਹੁੰਚੇ ਮੋਦੀ ਦੇ ਦਰਬਾਰ

ਖੇਤੀ ਕਾਨੂੰਨ ਰੱਦ ਕਰਾਉਣ ਲਈ ਕੈਪਟਨ ਪਹੁੰਚੇ ਮੋਦੀ ਦੇ ਦਰਬਾਰ

ਅਮਰਿੰਦਰ ਨੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਤਿੰਨੋਂ ਵਿਵਾਦਿਤ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਸਰਹੱਦੀ ਸੂਬੇ ਪੰਜਾਬ ਦੀ ਸੰਵੇਦਨਸ਼ੀਲਤਾ ਦੱਸਦਿਆਂ ਕਿਹਾ ਕਿ ਇਸ ਸੰਘਰਸ਼ ਦਾ ਪੰਜਾਬ ਅਤੇ ਮੁਲਕ ਲਈ ਸੁਰੱਖਿਆ ਦੇ ਲਿਹਾਜ਼ ਤੋਂ ਵੱਡਾ ਖ਼ਤਰਾ ਖੜ੍ਹਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਸ ਮਸਲੇ ਦੀ ਗੰਭੀਰਤਾ ਵੱਲ ਧਿਆਨ ਦੁਆਉਂਦਿਆਂ ਇਹ ਵੀ ਕਿਹਾ ਕਿ ਗੁਆਂਢੀ ਮੁਲਕ ਪਾਕਿਸਤਾਨ ਦੀ ਸ਼ਹਿ ਪਾ ਕੇ ਭਾਰਤ ਵਿਰੋਧੀ ਸਿਰਕੱਢ ਤਾਕਤਾਂ ਸਰਕਾਰ ਪ੍ਰਤੀ ਕਿਸਾਨਾਂ ਦੀ ਨਰਾਜ਼ਗੀ ਦਾ ਨਜਾਇਜ਼ ਲਾਹਾ ਚੁੱਕਣ ਦੀ ਤਾਕ ‘ਚ ਹਨ।
ਕੈਪਟਨ ਅਮਰਿੰਦਰ ਸਿੰਘ ਨੇ 26 ਨਵੰਬਰ ਤੋਂ ਚੱਲ ਰਹੇ ਕਿਸਾਨ ਸੰਘਰਸ਼ ਦਾ ਸਥਾਈ ਹੱਲ ਲੱਭਣ ਲਈ ਪ੍ਰਧਾਨ ਮੰਤਰੀ ਦੀ ਦਖ਼ਲਅੰਦਾਜ਼ੀ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਨਾਲ ਨਾ ਸਿਰਫ਼ ਪੰਜਾਬ ‘ਚ ਆਰਥਿਕ ਕਾਰਵਾਈਆਂ ਪ੍ਰਭਾਵਿਤ ਹੋ ਰਹੀਆਂ ਹਨ, ਸਗੋਂ ਇਸ ਦਾ ਸਮਾਜਿਕ ਤਾਣੇ-ਬਾਣੇ ‘ਤੇ ਵੀ ਅਸਰ ਪੈਣ ਦਾ ਖਦਸ਼ਾ ਵੀ ਪ੍ਰਗਟਾਇਆ। ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੋ ਚਿੱਠੀਆਂ ਵੀ ਸੌਂਪੀਆਂ, ਜਿਨ੍ਹਾਂ ‘ਚ ਇਕ ਚਿੱਠੀ ‘ਚ ਤਿੰਨੋਂ ਵਿਵਾਦਿਤ ਖੇਤੀ ਕਾਨੂੰਨਾਂ ਦਾ ਫੌਰੀ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸੇ ਚਿੱਠੀ ‘ਚ ਕੈਪਟਨ ਨੇ ਕਿਸਾਨ ਅੰਦੋਲਨ ‘ਚ ਜਾਨਾਂ ਗਵਾ ਚੁੱਕੇ ਕਿਸਾਨਾਂ ਦਾ ਵੀ ਜ਼ਿਕਰ ਕਰਦਿਆਂ ਫੌਤ ਹੋਏ ਕਿਸਾਨਾਂ ਦੀ ਗਿਣਤੀ 400 ਤੋਂ ਵੱਧ ਦੱਸੀ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸੰਸਦ ‘ਚ ਪੁੱਛੇ ਇਕ ਸਵਾਲ ਦੇ ਜਵਾਬ ‘ਚ ਕਿਹਾ ਸੀ ਕਿ ਸਰਕਾਰ ਕੋਲ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਬਾਰੇ ਕੋਈ ਅੰਕੜਾ ਨਹੀਂ ਹੈ। ਕੈਪਟਨ ਨੇ ਪ੍ਰਧਾਨ ਮੰਤਰੀ ਤੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਅਤੇ ਡੀ.ਏ.ਪੀ. ਖਾਦ ਦੀ ਘਾਟ ਦੇ ਖਦਸ਼ਿਆਂ ਦਾ ਹੱਲ ਕਰਨ ਦੀ ਵੀ ਮੰਗ ਕੀਤੀ ਤਾਂ ਜੋ ਖੇਤੀ ਸੰਕਟ ਹੋਰ ਡੂੰਘਾ ਨਾ ਹੋ ਸਕੇ। ਮੁੱਖ ਮੰਤਰੀ ਵਲੋਂ ਲਿਖੀ ਦੂਜੀ ਚਿੱਠੀ ‘ਚ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਮਦਦ ਵਾਲੇ ਵਰਗ ‘ਚ ਸ਼ਾਮਿਲ ਕਰਨ ਲਈ ਸਬੰਧਿਤ ਸੋਧ ਕਰਨ ਦੀ ਵੀ ਮੰਗ ਕੀਤੀ। ਕੈਪਟਨ ਨੇ ਮੁੱਦੇ ਦੀ ਤਫ਼ਸੀਲ ਸਾਂਝੀ ਕਰਦਿਆਂ ਕਿਹਾ ਕਿ ਜ਼ਮੀਨਾਂ ਵੰਡੇ ਜਾਣ ਤੇ ਪਟੇ ਉੱਤੇ ਜ਼ਮੀਨਾਂ ਦੇਣ ਵਾਲਿਆਂ ਅਤੇ ਏਜੰਟਾਂ ਨਾਲ ਲਗਾਤਾਰ ਵਿਵਾਦਾਂ ਕਾਰਨ ਅਦਾਲਤੀ ਮਾਮਲਿਆਂ ‘ਚ ਉਲਝਣ ਕਾਰਨ ਕਿਸਾਨਾਂ ‘ਤੇ ਵਿੱਤੀ ਭਾਰ ਬਹੁਤ ਵਧ ਜਾਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਕੇਂਦਰੀ ਕਾਨੂੰਨੀ ਸੇਵਾਵਾਂ ਅਥਾਰਟੀਜ਼ ਕਾਨੂੰਨ-1987 ਤਹਿਤ ਕੁਝ ਖ਼ਾਸ ਵਰਗਾਂ ਨੂੰ ਮੁਫ਼ਤ ਕਾਨੂੰਨੀ ਮਦਦ ਮੁਹੱਈਆ ਕੀਤੀ ਜਾਂਦੀ ਹੈ ਅਤੇ ਇਸ ਕਾਨੂੰਨ ਦੀ ਧਾਰਾ-12 ‘ਚ ਸੋਧ ਕਰਕੇ ਇਨ੍ਹਾਂ ਵਰਗਾਂ ‘ਚ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਸਿਰ ਪਿਆ ਵਾਧੂ ਅਦਾਲਤੀ ਖ਼ਰਚਾ ਉਨ੍ਹਾਂ ਦੇ ਆਰਥਿਕ ਸੰਕਟ ਅਤੇ ਖੁਦਕੁਸ਼ੀਆਂ ਦਾ ਸਬੱਬ ਨਾ ਬਣ ਸਕੇ।
ਅਮਿਤ ਸ਼ਾਹ ਨੂੰ ਵੀ ਮਿਲੇ ਕੈਪਟਨ : ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੀ ਦਿੱਲੀ ਫੇਰੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲੇ। ਉਨ੍ਹਾਂ ਕੇਂਦਰੀ ਮੰਤਰੀ ‘ਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਲਈ ਜ਼ੋਰ ਪਾਇਆ ਹੈ। ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਪੈਣ ਵਾਲੇ ਅਸਰ ਦਾ ਵੀ ਹਵਾਲਾ ਦਿੱਤਾ।
ਕੈਪਟਨ ਦੀ ਮੋਦੀ ਤੇ ਸ਼ਾਹ ਨਾਲ ਮੀਟਿੰਗ ਨੇ ਛੇੜੀ ਨਵੀਂ ਚਰਚਾ
ਕੈਪਟਨ ਅਮਰਿੰਦਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਪੰਜਾਬ ਦੇ ਕੁਝ ਹੋਰ ਮਸਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਨੂੰ ਲੈ ਕੇ ਪੰਜਾਬ ਦੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛਿੜ ਗਈ ਹੈ ਅਤੇ ਇਸ ਮੀਟਿੰਗ ਦੇ ਕਈ ਅਰਥ ਕੱਢੇ ਜਾ ਰਹੇ ਹਨ। ਇਸ ਮੁਲਾਕਾਤ ਨੂੰ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਨੇ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਦੀ ਤਾਰੀਫ ਵੀ ਕੀਤੀ ਸੀ। ਫਿਲਹਾਲ ਚਰਚਾਵਾਂ ਦਾ ਬਜ਼ਾਰ ਗਰਮ ਹੈ।

 

RELATED ARTICLES
POPULAR POSTS