Breaking News
Home / ਮੁੱਖ ਲੇਖ / ਕਿਸਾਨਾਂ ਵੱਲੋਂ ਕਾਲੇ ਕਾਨੂੰਨਾਂ ਖਿਲਾਫ਼ ਸ਼ਹੀਦੀਆਂ ਬਨਾਮ ਪੰਦਰਾਂ ਅਗਸਤ ਦੇ ਜਸ਼ਨ

ਕਿਸਾਨਾਂ ਵੱਲੋਂ ਕਾਲੇ ਕਾਨੂੰਨਾਂ ਖਿਲਾਫ਼ ਸ਼ਹੀਦੀਆਂ ਬਨਾਮ ਪੰਦਰਾਂ ਅਗਸਤ ਦੇ ਜਸ਼ਨ

ਡਾ. ਗੁਰਵਿੰਦਰ ਸਿੰਘ
604-825-1550
ਕੈਨੇਡਾ ਵਿੱਚ ਇਸ ਵਾਰ ਪਹਿਲੀ ਜੁਲਾਈ ਨੂੰ ‘ਕੈਨੇਡਾ ਦਿਹਾੜਾ’ ਨਹੀਂ ਮਨਾਇਆ ਗਿਆ, ਕਿਉਂਕਿ ਲੋਕਾਂ ਦੇ ਮਨਾਂ ਅੰਦਰ ਸੈਂਕੜੇ ਵਰ੍ਹੇ ਪਹਿਲਾਂ ਇੰਡਿਜਿਨਸ ਭਾਈਚਾਰੇ ਦੇ ਬੱਚਿਆਂ ‘ਤੇ ਹੋਏ ਜ਼ੁਲਮ ਦਾ ਦਰਦ ਭਾਰੂ ਸੀ। ਭਾਰਤ ਵਿਚ ਵੀ ਅਜਿਹੇ ਹੀ ਹਾਲਾਤ ਹਨ। ਭਾਰਤ ਸਰਕਾਰ ਵੱਲੋਂ ਕਿਸਾਨਾਂ ਖਿਲਾਫ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਸ਼ਹੀਦੀਆਂ ਪਾ ਰਹੇ ਹਨ। ਵੱਡੀ ਗਿਣਤੀ ਵਿਚ ਕਿਸਾਨ ਦੇਸ਼ ਦੇ ਵੱਖ- ਵੱਖ ਹਿੱਸਿਆਂ ‘ਚ ਸੜਕਾਂ ‘ਤੇ ਉਤਰੇ ਹੋਏ ਹਨ। ਦੇਸ਼-ਵਿਦੇਸ਼ ਵਿੱਚ ਕਿਸਾਨੀ ਸੰਘਰਸ਼ ਨੂੰ ਬਲ ਮਿਲ ਰਿਹਾ ਹੈ। ਕੈਨੇਡਾ ਦੇ ਅਨੇਕਾਂ ਸ਼ਹਿਰਾਂ ਵਿੱਚ ਪਿਛਲੇ ਨੌਂ ਮਹੀਨਿਆਂ ਤੋਂ ਬਾਲ, ਬਜ਼ੁਰਗ ਨੌਜਵਾਨ ਅਤੇ ਬੀਬੀਆਂ ਕਿਸਾਨ ਸੰਘਰਸ਼ ਦੇ ਹੱਕ ਵਿਚ ਅਤੇ ਭਾਰਤੀ ਹਕੂਮਤ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ। ਸੱਤ ਸੌ ਤੋਂ ਵੱਧ ਕਿਸਾਨਾਂ ਦੀਆਂ ਸ਼ਹੀਦੀਆਂ ਦੇ ਬਾਵਜੂਦ ਇੰਡੀਅਨ ਸਟੇਟ ਅਜਿਹੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਤਿਆਰ ਨਹੀਂ। ਇਸਦੇ ਮੱਦੇ-ਨਜ਼ਰ ਦੇਸ਼-ਵਿਦੇਸ਼ ਅੰਦਰ ਲੋਕ ਇਹ ਮੰਗ ਕਰ ਰਹੇ ਹਨ ਕਿ ਪੰਦਰਾਂ ਅਗਸਤ ਦੇ ਜਸ਼ਨਾਂ ਦਾ ਬਾਈਕਾਟ ਕੀਤਾ ਜਾਵੇ ਅਤੇ ਇਨਸਾਫ ਦੀ ਲੜਾਈ ਲਈ ਆਵਾਜ਼ ਉਠਾਈ ਜਾਵੇ।
ਕੈਨੇਡਾ ਰਹਿੰਦੇ ਭਾਰਤੀਆਂ ਵੱਲੋਂ ਕੈਨੇਡਾ ਦਿਹਾੜੇ ਦੇ ਜਸ਼ਨਾਂ ਦਾ ਬਾਈਕਾਟ ਕਰਨਾ, ਪਰ ਪੰਦਰਾਂ ਅਗਸਤ ਦੇ ਜਸ਼ਨ ਮਨਾਉਣੇ ਦੋਗਲੀ ਨੀਤੀ ਹੋਵੇਗੀ। ਜਦੋਂ ਵੀ ਦੇਸ਼ ਦੀ ਆਜ਼ਾਦੀ ਬਾਰੇ ਆਲੋਚਨਾਤਮਿਕ ਅਧਿਐਨ ਕੀਤਾ ਜਾਂਦਾ ਹੈ ਅਤੇ ਦੇਸ਼ ਨੂੰ ਬਰਬਾਦ ਕਰ ਰਹੀਆਂ ਤਾਕਤਾਂ ਉਪਰ ਕਰਾਰੀ ਚੋਟ ਮਾਰੀ ਜਾਂਦੀ ਹੈ, ਤਾਂ ਅਕਸਰ ਇਕ ਸ਼ੇਅਰ ਪੜ੍ਹਿਆ ਜਾਂਦਾ ਹੈ। ਇਹ ਸ਼ੇਅਰ ਅਖਾਣ ਵਾਂਗ ਮਸ਼ਹੂਰ ਹੋ ਚੁੱਕਿਆ ਹੈ। ਇਹ ਸ਼ੇਅਰ ਸ਼ਾਇਰ ਸ਼ੌਕ ਬਹਿਰਾਇਚੀ (1884-1964) ਦਾ ਹੈ, ਜਿਸਨੇ ਪਹਿਲੀ ਵਾਰ ਇਕ ਸਿਆਸੀ ਜਲਸੇ ਮੌਕੇ ਤਿੱਖਾ ਵਿਅੰਗ ਕਰਦਿਆ, ਇਹ ਸ਼ੇਅਰ ਇਉਂ ਪੜ੍ਹਿਆ ਸੀ,
”ਬਸ ਏਕ ਹੀ ਉੱਲੂ ਕਾਫ਼ੀ ਥਾ,
ਬਰਬਾਦ ਗੁਲਸਿਤਾਂ ਕਰਨੇ ਕੋ
ਹਰ ਸ਼ਾਖ਼ ਪੇ ਉਲੂ ਬੈਠਾ ਹੈ,
ਅੰਜਾਮ -ਏ-ਗੁਲਸਿਤਾਂ ਕਿਆ ਹੋਗਾ?”
ਗੁਰਬਤ ਤੇ ਗੁਮਨਾਮੀ ਭਰੀ ਜ਼ਿੰਦਗੀ ਗੁਜ਼ਾਰਨ ਵਾਲੇ ਸ਼ਾਇਰ ਸ਼ੌਕ ਬਹਿਰਾਇਚੀ ਦਾ ਇਹ ਮਸ਼ਹੂਰ ਸ਼ੇਅਰ ਅੱਜ ਭਾਰਤ ਦੇ ਆਜ਼ਾਦੀ ਦੇ 74 ਸਾਲ ਗੁਜ਼ਰ ਜਾਣ ਮਗਰੋਂ ਨਜ਼ਰ ਆ ਰਹੇ ਹਾਲਾਤ ‘ਤੇ ਪੂਰਾ ਢੁੱਕਦਾ ਹੈ। ਇਕ ਪਾਸੇ ‘ਸਰਕਾਰ ਦੇ ਕਾਲੇ ਕਾਨੂੰਨਾਂ’ ਖ਼ਿਲਾਫ਼ ਕਿਸਾਨ ਸ਼ਹੀਦੀਆਂ ਪਾ ਰਹੇ ਹਨ ਦੂਜੇ ਪਾਸੇ ਦੇਸ਼ ਵਿੱਚ ਸਿਆਸਤਦਾਨਾਂ ਵੱਲੋਂ ਮਾਨਵਵਾਦ ਉਤੇ ਫਿਰਕੂਵਾਦ ਅਤੇ ਲੋਕਤੰਤਰ ਉਤੇ ਫਾਸ਼ੀਵਾਦ ਦੀ ਜਿੱਤ ਦਾ, ਨੰਗਾ – ਚਿੱਟਾ ਪ੍ਰਚਾਰ ਕੀਤਾ ਜਾ ਰਿਹਾ ਹੈ। ਢਾਂਚਾਗਤ ਨਸਲਵਾਦ ਦਾ ਬੋਲਬਾਲਾ ਸਿਖ਼ਰਾਂ ਨੂੰ ਛੂਹ ਰਿਹਾ ਹੈ। ਬਹੁ-ਸੰਖਿਆਵਾਦ ਦੀ ਦਹਿਸ਼ਤਗਰਦੀ ਦੇਸ਼ ਦੀਆਂ ਘੱਟ ਗਿਣਤੀਆਂ ਨੂੰ ਆਪਣੇ ਵਿੱਚ ਜਜ਼ਬ ਕਰਨ ਜਾਂ ਮੂਲੋਂ ਹੀ ਮਿਟਾਉਣ ‘ਤੇ ਤੁਲੀ ਹੋਈ ਹੈ। ਦੇਸ਼ ਦੇ ਸੈਂਕੜੇ ਬੁੱਧੀਜੀਵੀ ਯੂ.ਏ.ਪੀ.ਏ. ਵਰਗੇ ਕਾਲੇ ਕਾਨੂੰਨਾਂ ਅਧੀਨ ਜੇਲ੍ਹਾਂ ‘ਚ ਡੱਕੇ ਹੋਏ ਹਨ।ਭਾਰਤ ਵਿਚ ਸਰਕਾਰ ਦੀ ਅਲੋਚਨਾਂ ਕਰਨਾ ਸਭ ਤੋਂ ਵੱਡਾ ਜ਼ੁਰਮ ਹੈ। ਸੰਵਿਧਾਨ ਵਿਚਲੇ ‘ਸੈਕੁਲਰਿਜ਼ਮ’ ਭਾਵ ਧਰਮ ਨਿਰਪੱਖਤਾ ਦੇ ਸ਼ਬਦ ਚਾਹੇ ਲਿਖਤੀ ਰੂਪ ‘ਚ ਅਜੇ ਹਟਾਏ ਨਹੀਂ ਗਏ, ਪਰ ਸੱਤਾ ਤੇ ਸਥਾਪਤੀ ਨੇ ਆਪਣੇ ਵਿਹਾਰ ਤੇ ਕਿਰਦਾਰ ਵਿਚੋਂ ਇਹ ਕਦੋਂ ਦੇ ਖਤਮ ਕਰ ਦਿੱਤੇ ਹਨ। ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗ ਪਵੇ ਅਤੇ ਰੱਖਿਅਕ ਹੀ ਭੱਖਿਅਕ ਬਣ ਜਾਣ, ਤਾਂ ਪੀੜਤ ਦੇ ਬਚ ਸਕਣ ਦੀ ਆਸ ਮੁੱਕ ਜਾਂਦੀ ਹੈ। ਇਉਂ ਹਰ ਟਹਿਣੀ ‘ਤੇ ਬੈਠੇ ਸਿਆਸੀ ਉਲੂਆਂ ਤੋਂ ਦੇਸ਼ ਰੂਪੀ ਬਾਗ਼ ਨੂੰ ਬਰਬਾਦ ਹੋਣੋਂ ਕਿਵੇਂ ਬਚਾਇਆ ਜਾ ਸਕਦਾ ਹੈ? ਅੰਤਾਂ ਦੀ ਦੁਖੀ ਜਨਤਾ ਸ਼ਾਇਰ ‘ਇਰਤਜ਼ਾ ਨਿਸ਼ਾਤ’ ਦੇ ਕਹਿਣ ਵਾਂਗ ਅੱਜ ਮੋਦੀ ਤੋਂ ਇਹ ਮੰਗ ਕਰ ਰਹੀ ਹੈ:
”ਕੁਰਸੀ ਹੈ ਤੁਮਹਾਰਾ ਜਨਾਜ਼ਾ ਤੋਂ ਨਹੀਂ
ਕੁਛ ਕਰ ਨਹੀਂ ਸਕਤੇ ਤੋਂ ਉੱਤਰ ਕਿਉਂ ਨਹੀਂ ਜਾਤੇ।”
ਗ਼ਦਰ ਪਾਰਟੀ ਨੇ ਕੈਨੇਡਾ – ਅਮਰੀਕਾ ਦੀ ਧਰਤੀ ਤੋਂ ਭਾਰਤ ਨੂੰ ਬ੍ਰਿਟਿਸ਼ ਸਾਮਰਾਜ ਤੋਂ ਆਜ਼ਾਦ ਕਰਵਾਉਣ ਦਾ ਬਿਗਲ ਬਜਾਇਆ ਸੀ। ਗ਼ਦਰੀ ਬਾਬਿਆਂ ਨੇ ਆਜ਼ਾਦ ਦੇਸ਼ ਲਈ ਨਾਂ ‘ਯੂਨਾਈਟਿਡ ਸਟੇਟਸ ਆਫ਼ ਇੰਡੀਆ’ ਦਿੱਤਾ ਸੀ, ਜਿਸ ਦਾ ਭਾਵ ਸੀ ਮਜ਼ਬੂਤ ਸੰਘੀ ਢਾਂਚਾ ਭਾਵ ਦੇਸ਼ ਦੇ ਸਮੂਹ ਰਾਜ, ਉਥੋਂ ਦੇ ਭਾਈਚਾਰੇ, ਮੂਲਵਾਸੀ ਤੇ ਘੱਟ ਗਿਣਤੀਆਂ ਆਪਣਾ ਸਭਿਆਚਾਰ, ਪਹਿਰਾਵੇ, ਖਾਣ- ਪੀਣ, ਬੋਲ – ਚਾਲ ਅਤੇ ਰਹਿਣ- ਸਹਿਣ ਦਾ ਪੂਰਨ ਆਨੰਦ ਮਾਣ ਸਕਣ। ਇਸ ਦਾ ਭਾਵ ਇਹ ਵੀ ਸੀ ਕਿ ਨਾ ਤਾਂ ਸੱਤਾ ਦਾ ਭਾਰੀ ‘ਕੇਂਦਰੀਕਰਨ’ ਹੋਵੇ ਅਤੇ ਨਾ ਹੀ ਰਾਜਨੀਤੀ ਦਾ ‘ਧਰੁਵੀਕਰਨ’। ਸੰਘੀ ਢਾਂਚੇ ‘ਚ ਕੇਂਦਰ ਆਪਣੇ ਸੂਬਿਆਂ ਦੀਆਂ ਸਰਕਾਰਾਂ ਧੱਕੇਸ਼ਾਹੀ ਨਾਲ ਤੰਗ ਨਾ ਕਰੇ ਅਤੇ ਕੇਂਦਰੀ ਸਰਕਾਰ ਸੁਆਰਥ ਲਈ, ਸਿਆਸੀ ਵਿਰੋਧੀਆਂ ਦਾ ਅੰਤ ਨਾ ਕਰੇ। ਗ਼ਦਰੀ ਬਾਬਿਆਂ ਦੀ ਇਸ ਸੋਚ ਨਾਲ ਅੱਜ ਜਿਵੇਂ ਖਿਲਵਾੜ ਹੋ ਰਿਹਾ ਹੈ, ਜਿਸ ਦੀਆਂ ਅਨੇਕਾਂ ਮਿਸਾਲਾਂ ਮੌਜੂਦਾ ਆਜ਼ਾਦ ਭਾਰਤ ਦੇ ਸੰਘੀ ਢਾਂਚੇ ‘ਤੇ ਸੁਆਲ ਖੜ੍ਹੇ ਕਰਦੀਆਂ ਹਨ। ਸੱਚ ਤਾਂ ਇਹ ਹੈ ਕਿ ਗ਼ਦਰੀ ਬਾਬਿਆਂ ਦੇ ਸੁਪਨਿਆਂ ਨਾਲ ਉਦੋਂ ਹੀ ਖਿਲਵਾੜ ਹੋ ਗਿਆ ਸੀ, ਜਦੋਂ 14-15 ਅਗਸਤ 1947 ਨੂੰ ਦੇਸ਼ ਦੇ ਦੋ ਟੁਕੜੇ ਹੋਏ ਸਨ। ਲੱਖਾਂ ਲੋਕ ਮਾਰੇ ਗਏ ਸਨ। ਪੰਜਾਬ ਦੋ ਹਿੱਸਿਆਂ ‘ਚ ਵੰਡ ਦਿੱਤਾ ਗਿਆ ਸੀ। ਇਕ ਅੰਦਾਜ਼ੇ ਅਨੁਸਾਰ ਭਾਰਤੀ ਪੰਜਾਬ ਅਤੇ ਪਾਕਿਸਤਾਨੀ ਪੰਜਾਬ ਵਿਚ ਪੰਜ-ਪੰਜ ਲੱਖ ਲੋਕਾਂ ਦੇ ਕਤਲ ਹੋਏ। ਅਜਿਹੇ ਦੁਖਾਂਤ ਨੂੰ ਜਸ਼ਨ ਵਜੋਂ ਮਨਾਉਣਾ ਕਿੱਥੋਂ ਤੱਕ ਜਾਇਜ਼ ਹੈ? ਇਹ ਬੌਧਿਕ ਦੀਵਾਲੀਆ ਨਹੀਂ ਤਾਂ ਹੋਰ ਕੀ ਹੈ? ਅਜਿਹੇ ਦੁਖਾਂਤ ‘ਤੇ ਮਾਤਮ ਮਨਾਉਣ ਦੀ ਲੋੜ ਹੈ ਨਾ ਕਿ ਜਸ਼ਨ ਮਨਾਉਣ ਦੀ।
ਅਖੌਤੀ ਆਜ਼ਾਦੀ ਦੇ ਨਾਂ ‘ਤੇ ਭਾਰਤ ‘ਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ 1975 ਵਿਚ ਐਮਰਜੈਂਸੀ ਲਾ ਕੇ ਲੋਕਰਾਜੀ ਤਾਕਤਾਂ ਨਸ਼ਟ ਕਰਨਾ, ਅਜਿਹੀ ਮੰਦਭਾਗੀ ਕਾਰਵਾਈ ਸੀ, ਜਿਸਨੇ ਆਜ਼ਾਦੀ ਦਾ ਸਿਧਾਂਤ ਹੀ ਬਰਬਾਦ ਕਰ ਦਿੱਤਾ। ਅੱਜ ਦੇਸ਼ ‘ਚ ਵੱਖ-ਵੱਖ ਸੂਬਿਆਂ ਅੰਦਰ ਕੇਂਦਰ ਦੇ ਨੁਮਾਇੰਦੇ ਰਾਜਪਾਲਾਂ ਰਾਹੀ, ਸਰਕਾਰਾਂ ਤੋੜਨ ਅਤੇ ਸਿਆਸੀ ਖਰੀਦੋ-ਫ਼ਰੋਖ਼ਤ ਦਾ ਧੰਦਾ ਜ਼ੋਰਾਂ ‘ਤੇ ਚਲ ਰਿਹਾ ਹੈ। ਐਮਰਜੈਂਸੀ ਵੇਲੇ ਇੰਦਰਾ ਗਾਂਧੀ ਬਾਰੇ ਪ੍ਰਸਿੱਧ ਸ਼ਾਇਰ ਡਾ ਦੁਸ਼ਯੰਤ ਕੁਮਾਰ ਤਿਆਗੀ ਨੇ ਜੋ ਲਿਖਿਆ ਸੀ, ਅੱਜ ਉਹ ਮੋਦੀ ‘ਤੇ ਵੀ ਪੂਰਾ ਢੁੱਕਦਾ ਹੈ
”ਏਕ ‘ਗੁੜੀਆ’ ਕੀ ਕਈ ਕਠਪੁਤਲੀਓਂ ਮੇਂ ਜਾਨ ਹੈ।
”ਆਜ ਸ਼ਾਇਰ ਯੇਹ ਤਮਾਸ਼ਾ ਦੇਖ ਕੇ ਹੈਰਾਨ ਹੈ।
ਮਸਲ ਹਤ ਆਮੇਜ਼ ਹੋਤੇ ਹੈ ਸਿਆਸਤ ਕੇ ਕਦਮ
ਤੂ ਨਾ ਸਮਝੇਗਾ ਅਭੀ ਤੂ ਅਭੀ ਇਨਸਾਨ ਹੈ।
ਕੱਲ੍ਹ ਨੁਮਾਇਸ਼ ਮੇਂ ਮਿਲਾ ਵੋਹ ਚੀਥੜੇ ਪਹਿਨੇ ਹੋਏ
ਮੈਨੇ ਪੂਛਾ ਨਾਮ ਬੋਲਾ ਹਿੰਦੋਸਤਾਨ ਹੈ।”
ਜੰਮੂ- ਕਸ਼ਮੀਰ ਵਿੱਚ ਧਾਰਾ 370, ਪੰਜ ਅਗਸਤ 2019 ਨੂੰ ਖ਼ਤਮ ਕਰ ਦਿੱਤੀ ਗਈ ਤੇ ਉਥੋਂ ਦੀ ਅਤਿ-ਦਰਦਨਾਕ ਹਾਲਤ ‘ਚ ਲੋਕਾਂ ਦੀ ਜ਼ਿੰਦਗੀ ਮੂਲੋਂ ਹੀ ਉਖੜ ਗਈ। ਸਿਤਮਜ਼ਰੀਫੀ ਹੈ ਕਿ 5 ਅਗਸਤ ਦਾ ਦਿਨ ਇਕ ਪਾਸੇ ਕਸ਼ਮੀਰ ਦੇ ਲੋਕਾਂ ਦੀ ਜ਼ੁਬਾਨਬੰਦੀ ਅਤੇ 71 ਸਾਲ ਪਹਿਲਾਂ ਮਿਲੇ ਵਿਸ਼ੇਸ਼ ਰਾਜ ਦੇ ਦਰਜੇ ਦੇ ਹੱਕ ਨੂੰ ਖ਼ਤਮ ਕਰਨ ਦਾ ਦੁਖਦਾਈ ਦਿਨ ਸੀ, ਪਰ 5 ਅਗਸਤ ਦੇ ਦਿਨ ਨੂੰ ਹੀ ਅਯੁੱਧਿਆ ‘ਚ ਬਾਬਰੀ ਮਸਜਿਦ ਢਾਹੇ ਜਾਣ ਵਾਲੇ ਥਾਂ ‘ਤੇ, ਮੰਦਿਰ ਨਿਰਮਾਣ ਦੇ ਭੂਮੀ ਪੂਜਨ ਵਜੋਂ ਚੁਣਨਾ ਖ਼ਾਸ ਫਿਰਕੇ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਸੀ। ਇਹ ਉਹੀ ਪੀੜਾ ਹੈ, ਜਿਹੜੀ ਲੋਕਾਂ ਅੰਦਰ ਫਿਰਕੂ ਸਾਂਝ ਤੋੜਨ ਅਤੇ ਤਨਾਓ ਵਧਾਉਣ ਦੀ ਹਾਲਤ ‘ਚ, ਨਾਸੂਰ ਬਣਦੀ ਹੈ। ਅਜਿਹੇ ਕਦਮ ਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ‘ਆਜ਼ਾਦੀ ਦੀ ਲੜਾਈ’ ਦੇ ਸਮਾਨਾਂਤਰ ਦੱਸਣਾ ਕਿਸੇ ਤਰ੍ਹਾਂ ਵੀ ਉਚਿਤ ਨਹੀਂ। ਅਜਿਹੀ ਹਾਲਤ ਵਿੱਚ ਮਿਰਜ਼ਾ ਗਾਲਿਬ ਸਾਹਿਬ ਦਾ ਇਹ ਸ਼ਿਅਰ ਹੈ :
”ਕਾਅਬੇ ਕਿਸ ਮੂੰਹ ਸੇ ਜਾਓਗੇ ਗਾਲਿਬ
ਸ਼ਰਮ ਤੁਮਕੋ ਮਗਰ ਨਹੀਂ ਆਤੀ।”
ਆਜ਼ਾਦੀ ਦੀ ਜੰਗ ‘ਚ ਸਾਰੇ ਮਿਲਕੇ, ਬਸਤੀਵਾਦ ਅਤੇ ਨਸਲਵਾਦ ਖ਼ਿਲਾਫ਼ ਲੜੇ, ਉਨ੍ਹਾਂ ਦਾ ਮਨੋਰਥ ਆਜ਼ਾਦ ਲੋਕ ਰਾਜ ਸਥਾਪਿਤ ਕਰਨਾ ਸੀ। ਦੂਸਰੇ ਪਾਸੇ ਬਾਬਰੀ ਮਸਜਿਦ ਨੂੰ ਢਾਹੇ ਜਾਣ ਦੀ ਕਾਰਵਾਈ ਲਈ ਨਾਮਜ਼ਦ ਸੰਘ ਦੇ ਆਗੂਆਂ ‘ਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਇਸ ਵੇਲੇ ਵੀ ਮੁਕੱਦਮਾ ਅਦਾਲਤ ‘ਚ ਚੱਲ ਰਿਹਾ ਹੈ। ਉਸ ਜਗ੍ਹਾ ‘ਤੇ ਮੰਦਿਰ ਨਿਰਮਾਣ ਦੇ ਲਈ ਭੂਮੀ ਪੂਜਨ ਨੂੰ ‘ਆਜ਼ਾਦੀ ਦੀ ਲੜਾਈ ਦਾ ਇਤਿਹਾਸ’ ਦੁਹਰਾਉਣ ਵਾਲਾ ਅਧਿਆਇ ਗਰਦਾਨਣਾ ਕਿਵੇਂ ਉਚਿਤ ਹੋ ਸਕਦਾ ਹੈ? ਮਸਜਿਦ ਦਾ ਮਲਬਾ ਢਹਿ ਢੇਰੀ ਕਰਨਾ ਅਤੇ ਸਭ ਵੱਲੋਂ ਮਿਲ ਕੇ ਆਜ਼ਾਦ ਦੇਸ਼ ਦੀ ਸਾਂਝੀ ਉਸਾਰੀ ਕਰਨਾ ਇਕ-ਦੂਜੇ ਤੋਂ ਬਿਲਕੁਲ ਉਲਟ ਹਨ। ਸੱਚ ਤਾਂ ਇਹ ਹੈ ਕਿ ਸੰਘ ਦੇ ਆਗੂ ਸਾਵਰਕਰ ਆਦਿ ਅੰਗਰੇਜ਼ਾਂ ਤੋਂ ‘ਮੁਆਫ਼ੀਆਂ ਮੰਗ’ ਕੇ ਜੇਲ੍ਹਾਂ ‘ਚੋਂ ਬਾਹਰ ਆਏ, ਪਰ ਅੱਜ ਉਹ ‘ਦੇਸ਼ ਭਗਤ’ ਸਦਾਏ ਜਾ ਰਹੇ ਹਨ। ਭਾਰਤ ਦੀ ਆਜ਼ਾਦੀ ਦੇ ਸੰਘਰਸ਼ ‘ਚ ਸਾਂਝਾ ਯੋਗਦਾਨ ਪਾਉਣ ਵਾਲਿਆਂ ਵਿਚੋਂ ਅੱਜ ਘੱਟ ਗਿਣਤੀਆਂ ਨੂੰ ਆਪਣੀ ‘ਦੇਸ਼ ਭਗਤੀ’ ਦਾ ਸਬੂਤ ਦੇਣ ਲਈ ਕਿਹਾ ਜਾ ਰਿਹਾ ਹੈ। ਸਭ ਦੀ ਵੰਨ-ਸੁਵੰਨਤਾ ਨੂੰ ਮਲੀਆਮੇਟ ਕਰਨ ਲਈ ‘ਇਕ ਦੇਸ਼ ਇਕ ਭਾਸ਼ਾ’ ਵਰਗੇ ਨਾਅਰੇ ਦਿੱਤੇ ਜਾ ਰਹੇ ਹਨ। ਬਹੁ- ਗਿਣਤੀਵਾਦ ਦੀ ਆੜ ‘ਚ ਘੱਟ ਗਿਣਤੀ ਭਾਈਚਾਰੇ ਨੂੰ ਪਾਕਿਸਤਾਨ ਚਲੇ ਜਾਣ ਤੱਕ ਦੇ ਤਾਅਨੇ ਮਾਰੇ ਜਾ ਰਹੇ ਹਨ। ਫਿਰਕੂ ਪੱਧਰ ‘ਤੇ ਭਾਈਚਾਰਿਆਂ ਨੂੰ ਹੱਕਾਂ ਪੱਖੋਂ ਵੰਡਣ ਵਾਲੇ, ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋ ਚੁੱਕੇ ਹਨ। ਇਸ ਤੋਂ ਅੱਗੇ ਨੈਸ਼ਨਲ ਰਾਜਿਸਟਰੇਸ਼ਨ ਅਤੇ ਕਈ ਹੋਰ ਘੁਣਤਰਾਂ ਵੀ ਤਿਆਰ ਹੋ ਰਹੀਆਂ ਹਨ। ਦੇਸ਼ ਆਜ਼ਾਦ ਕਰਵਾਉਣ ਵਾਲਿਆਂ ਨੇ ਕਦੇ ਸੋਚਿਆ ਨਹੀਂ ਸੀ ਕਿ ਦੇਸ਼ਵਾਸੀਆਂ ਨੂੰ ਅਜਿਹੇ ਦਿਨ ਵੀ ਵੇਖਣੇ ਪੈਣਗੇ। ਅਜਿਹੇ ਜਬਰ ਦੀ ਖ਼ਤਾ ਲਈ ਨਤੀਜੇ ਭਿਅੰਕਰ ਹੋਣਗੇ, ਜਿਵੇਂ ਕਿ ਸ਼ਾਇਰ ‘ਮੁਜ਼ੱਫਰ ਰਜ਼ਮੀ’ ਦਾ ਪ੍ਰਸਿੱਧ ਸ਼ਿਅਰ ਹੈ:
”ਯੇਹ ਜਬਰ ਭੀ ਦੇਖਾ ਹੈ ਤਾਰੀਖ ਨਜ਼ਰੋਂ ਨੇ
ਲਮਹੋਂ ਨੇ ਖ਼ਤਾ ਕੀ ਥੀ ਸਦੀਓਂ ਨੇ ਸਜ਼ਾ ਪਾਈ।”
ਸੱਤਾ ਦੇ ਧਰੁਵੀਕਰਨ ਦੀ ਕੋਹਝੀ ਤਸਵੀਰ ਦੇਖਣੀ ਹੋਵੇ, ਤਾਂ ਨਵੰਬਰ 1984 ਵਿੱਚ ਸਿੱਖ ਨਸਲਕੁਸ਼ੀ ਦੇ ਦੁਖਾਂਤ ਹੋ ਸਪੱਸ਼ਟ ਹੋ ਜਾਂਦੀ ਹੈ। ਆਜ਼ਾਦ ਭਾਰਤ ‘ਚ ਸਰਕਾਰੀ-ਤੰਤਰ ਦੀ ਆੜ ‘ਚ ਹਜ਼ਾਰਾਂ ਸਿੱਖਾਂ ਦਾ ਕਤਲ ਹੋਇਆ, ਪਰ ਜਵਾਬ ‘ਚ ਬਹੁਗਿਣਤੀ ਵੱਲੋਂ ਉਸ ਸਮੇਂ ਦੀ ‘ਕਾਂਗਰਸ’ ਨੂੰ ਸਭ ਤੋਂ ਵੱਡਾ ਬਹੁਮਤ ਹਾਸਿਲ ਹੋਇਆ। ਇਸ ਵਰਤਾਰੇ ਨੂੰ ਦੁਹਰਾਉਂਦੇ ਹੋਏ, ਸੰਨ 2002 ਵਿੱਚ ਗੁਜਰਾਤ ਅੰਦਰ ਮੁਸਲਿਮ ਕਤਲੇਆਮ ਹੋਇਆ , ਉਸ ਮਗਰੋਂ ‘ਭਾਰਤੀ ਜਨਤਾ ਪਾਰਟੀ’ ਨੂੰ ਬਹੁ ਗਿਣਤੀ ਵੱਲੋਂ ਭਾਰੀ ਬਹੁਮਤ ਨਾਲ ਨਿਵਾਜਿਆ ਗਿਆ। ਅੱਜ ਦੀ ਤਾਰੀਖ਼ ਵਿੱਚ ਧਾਰਾ 370 ਦਾ ਖਾਤਮਾ, ਮਸਜਿਦ ਢਾਹ ਕੇ ਮੰਦਿਰ ਨਿਰਮਾਣ, ਸੀ.ਏ.ਏ. ਵਰਗੇ ਐਕਟ ਆਦਿ ਵੋਟਾਂ ਦੇ ਧਰੁਵੀਕਰਨ ਲਈ ਜ਼ਮੀਨ ਤਿਆਰ ਕਰ ਰਹੇ ਹਨ, ਜੋ ਕਿ ਆਜ਼ਾਦ ਦੇਸ਼ ਨੂੰ ਬਰਬਾਦ ਕਰਨ ਲਈ ਜ਼ਿੰਮੇਵਾਰ ਸਾਬਿਤ ਹੋਣਗੇ। ਦੇਸ਼ ਦੇ ਤਖ਼ਤ ‘ਤੇ ਚੋਰ-ਉਚੱਕੇ ‘ਚੌਧਰੀ’ ਬਣ ਕੇ ਜੋ ਤਬਾਹੀ ਕਰ ਰਹੇ ਹਨ, ਉਸਦਾ ਨਤੀਜਾ ਡਾਕਟਰ ਰਾਹਤ ਇੰਦੌਰੀ ਦੇ ਸ਼ਬਦਾਂ ‘ਚ ਹੀ ਸਹੀ ਬਿਆਨ ਕੀਤਾ ਜਾ ਸਕਦਾ ਹੈ :
”ਬਨ ਕੇ ਹਾਦਸਾ ਬਾਜ਼ਾਰ ਮੇਂ ਆ ਜਾਏਗਾ।
ਜੋ ਨਹੀਂ ਹੋਗਾ ਵੋ ਅਖ਼ਬਾਰ ਮੇਂ ਆ ਜਾਏਗਾ।
ਚੋਰ ਉਚੱਕੋਂ ਕੀ ਕਰੋ ਕਦਰ ਕਿ ਮਾਲੂਮ ਨਹੀਂ
ਕੌਨ ਕਬ ਕੌਨ ਸੀ ਸਰਕਾਰ ਮੇਂ ਆ ਜਾਏਗਾ।”
ਗ਼ਦਰ ਪਾਰਟੀ ਦੇ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਨੂੰ, ਆਜ਼ਾਦੀ ਮਗਰੋਂ ਇਕ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵੱਲੋਂ ਪੁੱਛਿਆ ਇਹ ਸਵਾਲ ਕਿ ਬਾਬਾ ਜੀ, ਤੁਹਾਡੀ ਕਮਰ ਝੁਕ ਗਈ ਹੈ, ਦੇ ਜਵਾਬ ‘ਚ ਬਾਬਾ ਭਕਨਾ ਨੇ ਕਿਹਾ ਸੀ ਕਿ ਅੰਗਰੇਜ਼ ਤਾਂ ਉਨ੍ਹਾਂ ਦੀ ਪਿੱਠ ‘ਚ ਕੁੱਬ ਨਾ ਪਾ ਸਕੇ, ਪਰ ਆਜ਼ਾਦ ਦੇਸ਼ ਦੀ ਆਪਣੀ ਸਰਕਾਰ ਨੇ ਜ਼ਰੂਰ ਪਾ ਦਿੱਤਾ। ਅੱਜ 74 ਵਰ੍ਹੇ ਬੀਤਣ ਮਗਰੋਂ ਜੇਲ੍ਹਾਂ ਅੰਦਰ ਤਾੜੇ ਬੁੱਧੀਜੀਵੀ, ਅਪਾਹਜ ਵਿਅਕਤੀ ਅਤੇ ਸਿਆਸੀ ਆਲੋਚਕ ਵੀ ਬਾਬਾ ਭਕਨਾ ਵਾਂਗ ਹੀ ਮਹਿਸੂਸ ਕਰ ਰਹੇ ਹਨ। ‘ਸ਼ੇਰਾਂ ਦੀ ਮਾਰਾਂ ਤੇ ਗਿੱਦੜਾਂ ਦੀਆਂ ਕਲੋਲਾਂ’ ਵਾਂਗ ਜਿਹੜੇ ਕੋੜਮੇ ਨੇ ਆਜ਼ਾਦੀ ‘ਚ ਹਿੱਸਾ ਪਾਉਣ ਦੀ ਥਾਂ, ਅੰਗਰੇਜ਼-ਪ੍ਰਸਤੀ ਕੀਤੀ, ਅੱਜ ਉਹ ਆਜ਼ਾਦੀ ਦੇ ਪ੍ਰਵਾਨਿਆਂ ਤੋਂ ‘ਦੇਸ਼ ਪਿਆਰ’ ਦੇ ਪ੍ਰਮਾਣ ਮੰਗ ਰਹੇ ਹਨ। ਦੇਸ਼ ਅੰਦਰ ਗਰੀਬੀ, ਅਨਪੜ੍ਹਤਾ, ਬੇਰੁਜ਼ਗਾਰੀ, ਸਿਆਸਤ ਦਾ ਅਪਰਾਧੀਕਰਨ, ਭ੍ਰਿਸ਼ਟਾਚਾਰ, ਜਬਰ- ਜਿਨਾਹ ਅਤੇ ਥਾਂ- ਥਾਂ ਮਨੁੱਖੀ ਕਤਲੇਆਮ ਹੋ ਰਹੇ ਹਨ। ਜਦੋਂ ਕਿਸਾਨ ਦੇਸ਼ ਦੀ ਸਰਕਾਰ ਦੇ ਖ਼ਿਲਾਫ਼ ਸੜਕਾਂ ‘ਤੇ ਰੋਸ ਪ੍ਰਗਟਾ ਰਹੇ ਹੋਣ ਅਜਿਹੇ ਸਮੇਂ ਜਸ਼ਨ ਨਹੀਂ ਮਨਾਏ ਜਾਂਦੇ, ਸਗੋਂ ਵਿਰੋਧ ਕੀਤਾ ਜਾਂਦਾ ਹੈ। ਅਜਿਹੀ ਹਾਲਤ ‘ਚ ਹਰ ਬਸ਼ਰ ਦੇ ਜ਼ਿਹਨ ‘ਚ ਅਲਾਮਾ ਇਕਬਾਲ ਦਾ ਇਹ ਸ਼ੇਅਰ ਚੋਟਾਂ ਮਾਰ ਰਿਹਾ ਹੈ,
”ਮੁੱਦਤੇਂ ਗੁਜ਼ਰੀ ਹੈਂ ਇਤਨੀਂ
ਰੰਜੋ ਗ਼ਮ ਸਹਿਤੇ ਹੂਏ।
ਸ਼ਰਮ ਸੀ ਆਤੀ ਹੈ
ਇਸ ਵਤਨ ਕੋ ਵਤਨ ਕਹਿਤੇ ਹੂਏ।”

ਕੋਆਰਡੀਨੇਟਰ, ਪੰਜਾਬੀ ਸਾਹਿਤ ਸਭਾ ਮੁੱਢਲੀ
(ਰਜਿ.) ਐਬਟਸਫੋਰਡ, ਕੈਨੇਡਾ

Check Also

68ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ‘ਤੇ ਵਿਸ਼ੇਸ਼

ਸਿੱਖ ਸਮਾਜ ਦੀ ਸਿੱਖਿਆ ਚੇਤਨਾ ਤੇ ਸਿੱਖ ਵਿੱਦਿਅਕ ਕਾਨਫ਼ਰੰਸ ਤਲਵਿੰਦਰ ਸਿੰਘ ਬੁੱਟਰ ਮਹਾਰਾਜਾ ਰਣਜੀਤ ਸਿੰਘ …