ਸੱਚ ਦੀ ਜਿੱਤ ਹੋਈ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਇੱਕ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਨੌਂ ਹੋਰ ‘ਆਪ’ ਆਗੂਆਂ ਨੂੰ ਸਾਬਕਾ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ‘ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਇਹ ਫ਼ੌਜਦਾਰੀ ਮਾਮਲਾ 19 ਫਰਵਰੀ, 2018 ਨੂੰ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੀਟਿੰਗ ਦੌਰਾਨ ਤਤਕਾਲੀ ਮੁੱਖ ਸਕੱਤਰ ਪ੍ਰਕਾਸ਼ ‘ਤੇ ਹੋਏ ਕਥਿਤ ਹਮਲੇ ਨਾਲ ਸਬੰਧਤ ਹੈ। ਇਸ ਕੇਸ ਵਿੱਚ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ 11 ਵਿਧਾਇਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਕੇਸ ਵਿੱਚ ਵਿਧਾਇਕ ਅਮਨਤੁੱਲ੍ਹਾ ਖ਼ਾਨ ਤੇ ਪ੍ਰਕਾਸ਼ ਜਰਵਾਲ ਦੇ ਨਾਮ ਵੀ ਸ਼ਾਮਲ ਸਨ। ਕੇਜਰੀਵਾਲ, ਸਿਸੋਦੀਆ ਅਤੇ 9 ਵਿਧਾਇਕਾਂ ਨੂੰ ਅਕਤੂਬਰ 2018 ‘ਚ ਜ਼ਮਾਨਤ ਦਿੱਤੀ ਗਈ ਸੀ, ਜਦੋਂਕਿ ਅਮਨਤੁੱਲ੍ਹਾ ਖਾਨ ਤੇ ਜਰਵਾਲ ਨੂੰ ਹਾਈਕੋਰਟ ਨੇ ਪਹਿਲਾਂ ਹੀ ਜ਼ਮਾਨਤ ਦੇ ਦਿੱਤੀ ਸੀ। ਹੇਠਲੀ ਅਦਾਲਤ ਦੇ ਫ਼ੈਸਲੇ ਮਗਰੋਂ ‘ਆਪ’ ਆਗੂਆਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਉਪਰ ਸ਼ਬਦੀ ਹੱਲਾ ਬੋਲਿਆ ਹੈ। ਕੇਜਰੀਵਾਲ ਤੇ ਸਿਸੋਦੀਆ ਨੇ ਕਿਹਾ ਕਿ ਸੱਚ ਦੀ ਅਖ਼ੀਰ ਜਿੱਤ ਹੋਈ ਹੈ। ਸਿਸੋਦੀਆ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਮੁੱਖ ਮੰਤਰੀ ਕੇਜਰੀਵਾਲ ਖਿਲਾਫ ਸਾਜ਼ਿਸ਼ ਘੜਨ ਦਾ ਦੋਸ਼ ਲਾਇਆ। ਕੇਜਰੀਵਾਲ ਨੇ ਟਵਿੱਟਰ ‘ਤੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਤੋਂ ਬਾਅਦ ‘ਸਤਿਆਮੇਵ ਜਯਤੇ’ (ਸੱਚ ਦੀ ਜਿੱਤ ਹੋਈ ਹੈ)। ਸਿਸੋਦੀਆ ਨੇ ਵਰਚੁਅਲ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ”ਇਹ ਇਨਸਾਫ਼ ਤੇ ਸੱਚ ਦੀ ਜਿੱਤ ਦਾ ਦਿਨ ਹੈ। ਅਦਾਲਤ ਨੇ ਕਿਹਾ ਕਿ ਸਾਰੇ ਦੋਸ਼ ਝੂਠੇ ਤੇ ਬੇਬੁਨਿਆਦ ਸਨ। ਮੁੱਖ ਮੰਤਰੀ ਉਸ ਝੂਠੇ ਕੇਸ ਵਿੱਚੋਂ ਬਰੀ ਹੋ ਗਏ ਹਨ। ਅਸੀਂ ਪਹਿਲੇ ਦਿਨ ਤੋਂ ਕਹਿ ਰਹੇ ਸੀ ਕਿ ਦੋਸ਼ ਝੂਠੇ ਹਨ।” ਉਨ੍ਹਾਂ ਦੋਸ਼ ਲਾਇਆ, ”ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਰਚੀ ਗਈ ਸਾਜ਼ਿਸ਼ ਸੀ ਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਫ਼ਰਜ਼ੀ ਕੇਸ ਦਰਜ ਕੀਤਾ ਗਿਆ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …