ਕਾਂਗਰਸ ਦੇ ਦਾਗੀ ਮੰਤਰੀਆਂ ਦੀ ਕਰੋ ਛੁੱਟੀ : ‘ਆਪ’
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੇ ਮੰਤਰੀਆਂ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਸਬੰਧੀ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਰਾਜਪਾਲ ਨੂੰ ਮੰਗ ਪੱਤਰ ਦਿੰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਇਸ ਮੌਕੇ ‘ਆਪ’ ਵਿਧਾਇਕਾਂ ਦੇ ਵਫ਼ਦ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਗੁਰਮੀਤ ਸਿੰਘ ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਸਿੰਘ ਰੋੜੀ ਅਤੇ ਮਾਸਟਰ ਬਲਦੇਵ ਸਿੰਘ ਸ਼ਾਮਲ ਸਨ। ਰਾਜਪਾਲ ਨੂੰ ਮਿਲਣ ਉਪਰੰਤ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਦੇ ਅੱਧਾ ਦਰਜਨ ਮੰਤਰੀ ਭ੍ਰਿਸ਼ਟਾਚਾਰ ਦੇ ਵੱਡੇ ਮਾਮਲਿਆਂ ‘ਚ ਘਿਰੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸਣੇ ਕਾਂਗਰਸ ਹਾਈਕਮਾਨ ਭ੍ਰਿਸ਼ਟ ਮੰਤਰੀਆਂ ਨੂੰ ਬਚਾ ਰਹੀ ਹੈ। ਇਸ ਕਰਕੇ ਹੀ ਇਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਹੁੰਦੀ। ‘ਆਪ’ ਆਗੂਆਂ ਨੇ ਕਿਹਾ ਕਿ ਨਵਜੋਤ ਸਿੱਧੂ ਸੂਬੇ ਦਾ ਭਲਾ ਚਹੁੰਦੇ ਹਨ ਤਾਂ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਨੂੰ ਪੰਜਾਬ ਮੰਤਰੀ ਮੰਡਲ ਵਿੱਚੋਂ ਬਾਹਰ ਕਢਵਾਉਣ। ਉਨ੍ਹਾਂ ਕਾਰਵਾਈ ਨਾ ਹੋਣ ‘ਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਵੱਲੋਂ ਰਾਣਾ ਸੋਢੀ, ਸੁੰਦਰ ਸ਼ਾਮ ਅਰੋੜਾ, ਬਲਬੀਰ ਸਿੱਧੂ ਅਤੇ ਭਾਰਤ ਭੂਸ਼ਣ ਆਸ਼ੂ ਦੇ ਘਰਾਂ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ।