Breaking News
Home / ਪੰਜਾਬ / ਅੰਮ੍ਰਿਤਧਾਰੀਆਂ ਨੂੰ ਪਟਵਾਰੀਆਂ ਦੀ ਭਰਤੀ ਲਈ ਪ੍ਰੀਖਿਆ ਦੌਰਾਨ ਕੜੇ ਉਤਾਰਨ ਲਈ ਕੀਤਾ ਗਿਆ ਮਜਬੂਰ

ਅੰਮ੍ਰਿਤਧਾਰੀਆਂ ਨੂੰ ਪਟਵਾਰੀਆਂ ਦੀ ਭਰਤੀ ਲਈ ਪ੍ਰੀਖਿਆ ਦੌਰਾਨ ਕੜੇ ਉਤਾਰਨ ਲਈ ਕੀਤਾ ਗਿਆ ਮਜਬੂਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਟਵਾਰੀਆਂ ਦੀ ਭਰਤੀ ਲਈ ਚੰਡੀਗੜ੍ਹ ਦੇ ਸੈਕਟਰ 32 ‘ਚ ਇਕ ਕਾਲਜ ‘ਚ ਪ੍ਰੀਖਿਆ ਦੇਣ ਗਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਤੇ ਲੜਕੀਆਂ ਨੂੰ ਕੜੇ ਉਤਾਰਨ ਲਈ ਮਜਬੂਰ ਕਰਨ ਦੀ ਘਿਨਾਉਣੀ ਹਰਕਤ ਦਾ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨੋਟਿਸ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਰਹਿਤ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਨੂੰ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਅਜਿਹੇ ‘ਚ ਨੌਜਵਾਨਾਂ ਨੂੰ ਪ੍ਰੀਖਿਆ ‘ਚ ਬੈਠਣ ਲਈ ਕਕਾਰ ਉਤਾਰਨ ਲਈ ਮਜਬੂਰ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਜਗੀਰ ਕੌਰ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਵੀ ਕਿਹਾ ਕਿ ਪੰਜਾਬ ਦੀ ਰਾਜਧਾਨੀ ‘ਚ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਉਹ ਵੀ ਇਸ ‘ਤੇ ਸਖ਼ਤ ਕਾਰਵਾਈ ਕਰਨ।
ਸ਼੍ਰੋਮਣੀ ਕਮੇਟੀ ਨੇ ਜਾਂਚ ਕਮੇਟੀ ਬਣਾਈ
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਦੀ ਭਰਤੀ ਲਈ ਲਏ ਗਏ ਟੈਸਟ ਮੌਕੇ ਚੰਡੀਗੜ੍ਹ ਦੇ ਇੱਕ ਕਾਲਜ ਤੇ ਜਲੰਧਰ ਵਿੱਚ ਗੁਰਸਿੱਖ ਬੱਚਿਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਜਾਂਚ ਲਈ ਸਬ-ਕਮੇਟੀ ਬਣਾਈ ਹੈ। ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਹੇਠ ਬਣਾਈ ਗਈ ਜਾਂਚ ਕਮੇਟੀ ਵਿੱਚ ਮੈਂਬਰ ਅਜਮੇਰ ਸਿੰਘ ਖੇੜਾ, ਅਮਰੀਕ ਸਿੰਘ ਸ਼ਾਹਪੁਰ ਅਤੇ ਗੁਰਚਰਨ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰੀਖਿਆ ਸਮੇਂ ਗੁਰਸਿੱਖ ਬੱਚਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ, ਜਿਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
ਕਕਾਰ ਉਤਰਵਾਉਣ ਵਾਲਿਆਂ ਖਿਲਾਫ ਜਥੇਦਾਰ ਕਰਨ ਕਾਰਵਾਈ : ਬੈਂਸ
ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਪਟਵਾਰੀਆਂ ਦੀ ਭਰਤੀ ਪ੍ਰੀਖਿਆ ਦੌਰਾਨ ਕੁਝ ਥਾਵਾਂ ‘ਤੇ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਤੇ ਲੜਕੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਕਾਰਾ ਨਿੰਦਣਯੋਗ ਹੈ ਅਤੇ ਪਾਰਟੀ ਇਸ ਦਾ ਵਿਰੋਧ ਕਰਦੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

 

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …