‘ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ’ ਮਨਾਉਣ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਦੋਂ ਦੇ ਵਿਵਾਦਤ ਖੇਤੀ ਕਾਨੂੰਨ ਲਿਆਂਦੇ ਗਏ ਹਨ, ਉਦੋਂ ਦਾ ਹੀ ਕਿਸਾਨਾਂ ਵਲੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 8 ਮਹੀਨਿਆਂ ਤੋਂ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 600 ਤੋਂ ਵੱਧ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ, ਪਰ ਮੋਦੀ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ।
ਇਸੇ ਦੌਰਾਨ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ ਅਤੇ ਇਸੇ ਤਹਿਤ ਕਿਸਾਨਾਂ ਵਲੋਂ 15 ਅਗਸਤ ਨੂੰ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕੀਤੇ ਜਾਣਗੇ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਭਰ ਦੇ ਕਿਸਾਨ 15 ਅਗਸਤ ਨੂੰ ਬਲਾਕ ਅਤੇ ਤਹਿਸੀਲ ਪੱਧਰ ’ਤੇ ਤਿਰੰਗਾ ਰੈਲੀਆਂ ਕੱਢਣਗੇ।