ਸਿੱਧੂ ਨੇ ਪਹਿਲਾਂ ਸਲਾਹਕਾਰਾਂ ਦੀ ਵੀ ਕੀਤੀ ਸੀ ਨਿਯੁਕਤੀ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੇ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਕਰੀਬੀ ਸਾਥੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੱਧੂ ਵਲੋਂ ਇਹ ਨਿਯੁਕਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ। ਇਸ ਸਬੰਧੀ ਉਨ੍ਹਾਂ ਇਕ ਪੱਤਰ ਵੀ ਟਵੀਟ ਕੀਤਾ। ਪੱਤਰ ਵਿਚ ਕਿਹਾ ਗਿਆ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂ ਗੋਪਾਲ ਤੇ ਪੰਜਾਬ ਕਾਂਗਰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਮਨਜ਼ੂਰੀ ਤੋਂ ਬਾਅਦ ਮੈਂ ਪਰਗਟ ਸਿੰਘ ਨੂੰ ਤੁੰਰਤ ਪ੍ਰਭਾਵ ਨਾਲ ਪੰਜਾਬ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ। ਹਾਲਾਂਕਿ ਉਨ੍ਹਾਂ ਵਿਚੋਂ ਇਕ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਸਿੱਧੂ ਵਲੋਂ ਦਿੱਤਾ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਪਰਗਟ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕਰਕੇ ਸਿੱਧੂ ਨੇ ਪੰਜਾਬ ਕਾਂਗਰਸ ’ਚ ਵੱਡਾ ਸੰਕੇਤ ਦਿੱਤਾ ਹੈ ਤੇ ਸਾਫ਼ ਕਰ ਦਿੱਤਾ ਹੈ ਕਿ ਸੰਗਠਨ ’ਚ ਹੁਣ ਉਨ੍ਹਾਂ ਦੀ ਹੀ ਚੱਲੇਗੀ।