Breaking News
Home / ਪੰਜਾਬ / ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਦਾ ਅਹੁਦਾ ਸੰਭਾਲਿਆ

ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਦਾ ਅਹੁਦਾ ਸੰਭਾਲਿਆ

ਸਿੱਧੂ ਸਣੇ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਰਹੇ ਹਾਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼
ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਵਿਚ ਜਨਰਲ ਸਕੱਤਰ ਅਹੁਦੇ ਦੀ ਵੱਡੀ ਜ਼ਿੰਮੇਵਾਰੀ ਮਿਲੀ ਹੈ। ਪਰਗਟ ਸਿੰਘ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਜਨਰਲ ਸਕੱਤਰ ਦਾ ਅਹੁਦਾ ਵੀ ਸੰਭਾਲ ਲਿਆ। ਪਰਗਟ ਸਿੰਘ ਨੇ ਇਹ ਅਹੁਦਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ ਸੰਭਾਲਿਆ। ਧਿਆਨ ਰਹੇ ਕਿ ਲੰਘੇ ਕੱਲ੍ਹ ਸਿੱਧੂ ਨੇ ਪਰਗਟ ਸਿੰਘ ਨੂੰ ਜਨਰਲ ਸਕੱਤਰ ਬਣਾਉਣ ਦਾ ਐਲਾਨ ਕੀਤਾ ਸੀ। ਪਰਗਟ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਕੈਪਟਨ ਅਮਰਿੰਦਰ ਸਿੰਘ ਹਾਜ਼ਰ ਨਹੀਂ ਹੋਏ। ਇੱਥੇ ਦੱਸਣਾ ਬਣਦਾ ਹੈ ਕਿ ਪਰਗਟ ਸਿੰਘ ਹਮੇਸ਼ਾ ਹੀ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਦੀ ਕਾਰਜਸ਼ੈਲੀ ’ਤੇ ਸਵਾਲ ਚੁੱਕਦੇ ਰਹੇ ਹਨ।
ਇਸ ਮੌਕੇ ਪਰਗਟ ਸਿੰਘ ਨੇ ਨਵਜੋਤ ਸਿੱਧੂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਇਕ ਟੀਮ ਦਾ ਹਿੱਸਾ ਬਣ ਕੇ ਪਾਰਟੀ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਪਰਗਟ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਸਾਰੇ ਮਿਲ ਕੇ ਕੰਮ ਕਰੀਏ ਤਾਂ ਪੰਜਾਬ ਨੂੰ ਪਹਿਲਾਂ ਵਾਲੇ ਮਾਹੌਲ ਵਿਚ ਲਿਆ ਕੇ ਖੜ੍ਹਾ ਕਰ ਸਕਦੇ ਹਾਂ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਸੰਗਠਿਤ ਹੋਈ ਸ਼ਕਤੀ ਜਿੱਤ ਦਾ ਕਾਰਨ ਬਣਦੀ ਹੈ ਅਤੇ ਵੰਡੀ ਹੋਈ ਸ਼ਕਤੀ ਪਤਨ ਵੱਲ ਨੂੰ ਲਿਜਾਂਦੀ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪਰਗਟ ਸਿੰਘ ਸਾਰਿਆਂ ਨੂੰ ਨਾਲ ਲੈ ਕੇ ਚੱਲਣ। ਉਨ੍ਹਾਂ ਨੇ ਪਰਗਟ ਸਿੰਘ ਨੂੰ ਨਵਾਂ ਅਹੁਦਾ ਸੰਭਾਲਣ ਲਈ ਵਧਾਈ ਵੀ ਦਿੱਤੀ। ਪਰਗਟ ਸਿੰਘ ਦੇ ਤਾਜ਼ਪੋਸ਼ੀ ਸਮਾਗਮ ਵਿਚ ਨਵਜੋਤ ਸਿੱਧੂ ਤੋਂ ਇਲਾਵਾ, ਡਾ. ਅਮਰ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ ਅਤੇ ਮਦਨ ਲਾਲ ਜਲਾਲਪੁਰ ਸਣੇ ਕਈ ਕਾਂਗਰਸੀ ਆਗੂ ਹਾਜ਼ਰ ਰਹੇ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …