ਰਣਜੀਤ ਹੱਤਿਆ ਕਾਂਡ ’ਚ ਸਾਜਿਸ਼ ਰਚਣ ਦਾ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀਆਂ ਮੁਸ਼ਕਲਾਂ ਹੁਣ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਜਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਮੁਖੀ ਹੁਣ ਰਣਜੀਤ ਹੱਤਿਆ ਮਾਮਲੇ ਵਿਚ ਘਿਰਦਾ ਜਾ ਰਿਹਾ ਹੈ ਅਤੇ ਉਸ ਨੂੰ 24 ਅਗਸਤ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਧਿਆਨ ਰਹੇ ਕਿ ਡੇਰੇ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਅੱਜ ਬੁੱਧਵਾਰ ਨੂੰ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਇਸ ਮੌਕੇ ਅਦਾਲਤ ਨੇ ਫੈਸਲਾ ਰਾਖਵਾਂ ਰੱਖਦਿਆਂ ਰਾਮ ਰਹੀਮ ਨੂੰ ਵਿਅਕਤੀਗਤ ਤੌਰ ’ਤੇ 24 ਅਗਸਤ ਨੂੰ ਅਦਾਲਤ ਵਿਚ ਪੇਸ਼ ਲਈ ਕਿਹਾ।
ਜ਼ਿਕਰਯੋਗ ਹੈ ਕਿ 10 ਜੁਲਾਈ 2002 ਨੂੰ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਕੁਰੂਕਸ਼ੇਤਰ ਦੇ ਰਣਜੀਤ ਸਿੰਘ ਦਾ ਕਤਲ ਹੋਇਆ ਸੀ। ਡੇਰਾ ਪ੍ਰਬੰਧਨ ਨੂੰ ਸ਼ੱਕ ਸੀ ਕਿ ਰਣਜੀਤ ਨੇ ਸਾਧਵੀ ਜਿਨਸੀ ਸ਼ੋਸ਼ਣ ਦੀ ਗੁੰਮਨਾਮ ਚਿੱਠੀ ਆਪਣੀ ਭੈਣ ਤੋਂ ਹੀ ਲਿਖਵਾਈ ਸੀ। ਇਸੇ ਦੌਰਾਨ ਆਰੋਪ ਲੱਗੇ ਸਨ ਕਿ ਡੇਰਾ ਸੱਚਾ ਸੌਦਾ ਦੇ ਪੰਜ ਮੈਂਬਰਾਂ ਨੇ ਗੁਰਮੀਤ ਰਾਮ ਰਹੀਮ ਦੇ ਕਹਿਣ ’ਤੇ ਰਣਜੀਤ ਸਿੰਘ ਦੀ ਹੱਤਿਆ ਦੀ ਸਾਜਿਸ਼ ਘੜੀ ਗਈ ਸੀ।
ਧਿਆਨ ਰਹੇ ਕਿ ਗੁਰਮੀਤ ਰਾਮ ਰਹੀਮ ਸਿੰਘ ਨੂੰ ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਪਹਿਲਾਂ 20 ਸਾਲ ਦੀ ਸਜ਼ਾ ਹੋ ਰੱਖੀ ਹੈ ਅਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਹੱਤਿਆ ਮਾਮਲੇ ਵਿਚ ਵੀ ਉਹ ਸੁਨਾਰੀਆ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਸੀਬੀਆਈ ਦੇ ਜੱਜ ਜਗਦੀਪ ਸਿੰਘ ਨੇ ਸਜ਼ਾ ਸੁਣਾਈ ਸੀ ਅਤੇ ਹੁਣ ਉਨ੍ਹਾਂ ਦੀ ਬਦਲੀ ਹੋ ਚੁੱਕੀ ਹੈ। ਉਨ੍ਹਾਂ ਦੀ ਥਾਂ ਹੁਣ ਡਾ. ਸੁਸ਼ੀਲ ਗਰਗ ਨੂੰ ਪੰਚਕੂਲਾ ਦੀ ਸੀਬੀਆਈ ਵਿਸ਼ੇਸ਼ ਅਦਾਲਤ ’ਚ ਨਿਯੁਕਤ ਕੀਤਾ ਗਿਆ ਹੈ।