-10.4 C
Toronto
Saturday, January 31, 2026
spot_img
Homeਦੁਨੀਆਪਾਕਿਸਤਾਨ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਹੋਈ ਭੰਨਤੋੜ

ਪਾਕਿਸਤਾਨ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਹੋਈ ਭੰਨਤੋੜ

ਸਿੱਖ ਤੇ ਮੁਸਲਿਮ ਭਾਈਚਾਰੇ ਵਿੱਚ ਪਾੜ ਪਾਉਣ ਦੀਆਂ ਹੋ ਰਹੀਆਂ ਹਨ ਕੋਸ਼ਿਸ਼ਾਂ : ਸਤਵੰਤ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ‘ਚ ਲਾਹੌਰ ਦੇ ਸ਼ਾਹੀ ਕਿਲੇ ਵਿਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਕੁਝ ਵਿਅਕਤੀਆਂ ਨੇ ਤੋੜ ਦਿੱਤਾ ਹੈ। ਪੁਲਿਸ ਨੇ ਇਸ ਸਬੰਧ ਵਿਚ ਕੁਝ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਇਸ ਕਾਰਵਾਈ ਨੂੰ ਸਿੱਖ ਅਤੇ ਮੁਸਲਿਮ ਭਾਈਚਾਰੇ ਵਿੱਚ ਪਾੜ ਪਾਉਣ ਦਾ ਯਤਨ ਕਰਾਰ ਦਿੱਤਾ ਹੈ। ਸਤਵੰਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਖਿਲਾਫ ਸਰਕਾਰ ਸਖ਼ਤ ਕਾਰਵਾਈ ਕਰੇਗੀ। ਇਸ ਸਬੰਧ ਵਿੱਚ ਉਨ੍ਹਾਂ ਖੁਦ ਵੀ ਸਬੰਧਤ ਵਿਭਾਗ ਨਾਲ ਗੱਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਵੀ ਦੋ ਵਾਰ ਇਸ ਬੁੱਤ ਨੂੰ ਨੁਕਸਾਨ ਪਹੁੰਚਾਉਣ ਦਾ ਯਤਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪਾਕਿਸਤਾਨ ਵਿਚ ਸਿੱਖ ਮੁਸਲਿਮ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਕਿਸੇ ਇਕ ਵਿਅਕਤੀ ਵੱਲੋਂ ਕੀਤੀ ਇਸ ਕਾਰਵਾਈ ਨੂੰ ਸਮੁੱਚੀ ਕੌਮ ਦੀ ਕਾਰਵਾਈ ਨਹੀਂ ਆਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਅਜਿਹੀ ਘਟਨਾ ਮੁੜ ਨਹੀਂ ਵਾਪਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜੇ ਜਾਣ ਦੀ ਸਖਤ ਨਿੰਦਾ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਲਗਪਗ 9 ਫੁੱਟ ਉਚਾ ਬੁੱਤ 2019 ਵਿਚ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮੌਕੇ ਸਥਾਪਿਤ ਕੀਤਾ ਗਿਆ ਸੀ। ਇਸ ਬੁੱਤ ਵਿਚ ਮਹਾਰਾਜਾ ਰਣਜੀਤ ਸਿੰਘ ਨੂੰ ਘੋੜੇ ‘ਤੇ ਬੈਠਾ ਦਿਖਾਇਆ ਗਿਆ ਸੀ। ਬੁੱਤ ਤੋੜਨ ਵਾਲਿਆਂ ਨੇ ਸਿਰਫ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਹੀ ਤੋੜਿਆ ਹੈ।
ਦੋਸ਼ੀਆਂ ਖਿਲਾਫ ਹੋਵੇ ਸਖਤ ਕਾਰਵਾਈ : ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿਸ਼ਵ ਮਾਨਤਾ ਵਾਲੇ ਸਿੱਖ ਸ਼ਾਸਕ ਦਾ ਬੁੱਤ ਤੋੜ ਕੇ ਨਫਰਤ ਦਾ ਪ੍ਰਗਟਾਵਾ ਕਰਨਾ ਮਨੁੱਖੀ ਸਰੋਕਾਰਾਂ ਵਿਰੁੱਧ ਕਾਰਵਾਈ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਨਿਰਾਦਰੀ ਕਰਨ ਵਾਲੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦਾ ਹਰ ਪਾਸਿਓਂ ਵਿਰੋਧ
ਚੰਡੀਗੜ੍ਹ : ਲਾਹੌਰ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ-ਤੋੜ ਦਾ ਮੁੱਦਾ ਭਖ ਗਿਆ ਹੈ। ਦਿੱਲੀ ਤੋਂ ਲੈ ਕੇ ਪਿਸ਼ਾਵਰ ਤੱਕ ਬੁੱਤ ਤੋੜਨ ਦੀ ਕਾਰਵਾਈ ਦਾ ਵਿਰੋਧ ਹੋ ਰਿਹਾ ਹੈ। ਇੰਗਲੈਂਡ ‘ਚ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਨ ਲਈ ਕੱਟੜਵਾਦੀਆਂ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਅਧਿਕਾਰੀ ਇਸ ਦੀ ਮੁਰੰਮਤ ਲਈ ਤੁਰੰਤ ਕਾਰਵਾਈ ਕਰਨ। ਢੇਸੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਕੋਈ ਵਿਦੇਸ਼ੀ ਧਾੜਵੀ ਨਹੀਂ ਸੀ। ਉਨ੍ਹਾਂ ਨੇ ਆਪਣੇ ਰਾਜ ‘ਚ ਮੁਸਲਮਾਨਾਂ, ਹਿੰਦੂਆਂ, ਈਸਾਈਆਂ ਅਤੇ ਸਿੱਖਾਂ ਨੂੰ ਅਹਿਮ ਅਹੁਦਿਆਂ ‘ਤੇ ਤਾਇਨਾਤ ਕੀਤਾ ਹੋਇਆ ਸੀ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਉਸਾਰੀ ਲਈ ਦਾਨ ਦਿੱਤਾ ਜਾਂਦਾ ਸੀ।

RELATED ARTICLES
POPULAR POSTS