ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਰੱਦ ਕਰਨ ਦੇ ਫੈਸਲੇ ਨੂੰ ਹਾਈਕੋਰਟ ’ਚ ਚੁਣੌਤੀ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲੇ ਵਿੱਚ ਸਿੰਗਲ ਜੱਜ ਬੈਂਚ ਦੁਆਰਾ ਕੀਤੀਆਂ ਗਈਆਂ ਟਿੱਪਣੀਆਂ ਦੇ ਵਿਰੁੱਧ ਹਾਈਕੋਰਟ ’ਚ ਅਪੀਲ ਦਾਇਰ ਕੀਤੀ। ਸਿੰਗਲ ਜੱਜ ਦੇ ਬੈਂਚ ਨੇ ਕੁੰਵਰ ਵਿਜੇਪ੍ਰਤਾਪ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਰੱਦ ਕਰ ਦਿੱਤੀ ਸੀ ਅਤੇ ਉਸ ਵਿਰੁੱਧ ਕੁਝ ਸਖਤ ਟਿੱਪਣੀਆਂ ਕੀਤੀਆਂ ਸਨ। ਜਸਟਿਸ ਰਾਜਬੀਰ ਸਹਿਰਾਵਤ ਬੈਂਚ ਵਲੋਂ ਜਾਂਚ ਰੱਦ ਕਰਨ ਤੋਂ ਬਾਅਦ ਕੁੰਵਰ ਵਿਜੇਪ੍ਰਤਾਪ ਨੇ ਅਪ੍ਰੈਲ ਮਹੀਨੇ ਆਪਣੇ ਕਾਗਜ਼ ਦਾਖਲ ਕੀਤੇ ਸਨ।
ਧਿਆਨ ਰਹੇ ਕਿ ਲੰਘੀ 9 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਰਾਜ ਦੁਆਰਾ ਕੀਤੀ ਗਈ ਜਾਂਚ ਨੂੰ ਰੱਦ ਕਰ ਦਿੱਤਾ ਸੀ ਅਤੇ ਨਿਰਦੇਸ਼ ਦਿੱਤਾ ਸੀ ਕਿ ਆਈਪੀਐਸ ਅਧਿਕਾਰੀ ਤੋਂ ਬਿਨਾਂ ਵਿਸ਼ੇਸ਼ ਜਾਂਚ ਟੀਮ ਦਾ ਪੁਨਰਗਠਨ ਕੀਤਾ ਜਾਵੇ। ਹੁਣ ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕਰਦਿਆਂ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ।
ਹਾਈਕੋਰਟ ਨੇ ਸਾਬਕਾ ਪੁਲਿਸ ਅਧਿਕਾਰੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਜਸਟਿਸ ਅਗਸਟੀਨ ਜੌਰਜ ਮਸੀਹ ਤੇ ਜਸਟਿਸ ਏ.ਕੇ.ਵਰਮਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕੇਸ ਦੀ ਅਗਲੀ ਸੁਣਵਾਈ 7 ਦਸੰਬਰ ਲਈ ਨਿਰਧਾਰਿਤ ਕੀਤੀ ਹੈ। ਚੇਤੇ ਰਹੇ ਕਿ ਹਾਈ ਕੋਰਟ ਦੇ ਜਸਟਿਸ ਰਾਜਬੀਰ ਸਹਿਰਾਵਤ ਦੇ ਇਕਹਿਰੇ ਬੈਂਚ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀਕਾਂਡ ਕੇਸ ਨੂੰ ਲੈ ਕੇ ਦਾਖ਼ਲ ਜਾਂਚ ਰਿਪੋਰਟ ਨੂੰ ਖਾਰਜ ਕਰ ਦਿੱਤਾ ਸੀ ਅਤੇ ਸਾਬਕਾ ਪੁਲਿਸ ਅਧਿਕਾਰੀ ਖਿਲਾਫ਼ ਸਖ਼ਤ ਟਿੱਪਣੀਆਂ ਕੀਤੀਆਂ ਸਨ।