ਪੈਰਾ ਉਲੰਪਿਕ ਖਿਡਾਰੀਆਂ ਨੇ ਨੰਗੇ ਧੜ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ਅੱਜ ਜੰਮ ਕੇ ਰੋਸ ਪ੍ਰਦਰਸ਼ਨ ਹੋਇਆ। ਇਸ ਦੌਰਾਨ ਪੈਰਾ ਉਲੰਪਿਕ ਖਿਡਾਰੀਆਂ ਨੇ ਨੌਕਰੀ ਦੀ ਮੰਗ ਨੂੰ ਲੈ ਕੇ ਕੈਪਟਨ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਖਿਡਾਰੀਆਂ ਨੇ ਆਪੋ ਆਪਣੇ ਮੈਡਲ ਉਤਾਰ ਕੇ ਰੱਖ ਦਿੱਤੇ ਅਤੇ ਆਪਣੀਆਂ ਖੇਡ ਦੇ ਮੈਦਾਨ ਵਾਲੀਆਂ ਟੀ-ਸ਼ਰਟਾਂ ਵੀ ਉਤਾਰ ਦਿੱਤੀਆਂ। ਇਨ੍ਹਾਂ ਖਿਡਾਰੀਆਂ ਨੇ ਨੰਗੇ ਧੜ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਖਿਡਾਰੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਖਿਡਾਰੀਆਂ ਦੇ ਕੋਟੇ ਵਿੱਚ ਰੱਖ ਕੇ ਨੌਕਰੀਆਂ ਦਿੱਤੀਆਂ ਜਾਣ।
ਪੈਰਾ ਉਲੰਪਿਕ ਖਿਡਾਰੀਆਂ ਵਿਚ ਇਹ ਵੀ ਰੋਸ ਹੈ ਕਿ ਉਨ੍ਹਾਂ ਨੂੰ ਅੰਗਹੀਣ ਕੋਟੇ ਦੇ ਆਧਾਰ ’ਤੇ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਜਦਕਿ ਖਿਡਾਰੀ ਕੋਟੇ ਦੀਆਂ ਨੌਕਰੀਆਂ ’ਚ ਵੀ ਉਨ੍ਹਾਂ ਦਾ ਹੱਕ ਬਣਦਾ ਹੈ। ਇਨ੍ਹਾਂ ਖਿਡਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਲੜੀਵਾਰ ਧਰਨਾ ਦਿੰਦੇ ਰਹਿਣਗੇ।
ਦੂਜੇ ਪਾਸੇ ਇਕ ਹੋਮਗਾਰਡ ਦੀ ਨੌਕਰੀ ਦੌਰਾਨ ਹੋਈ ਮੌਤ ਨੂੰ ਲੈ ਕੇ ਉਸਦੇ ਪਰਿਵਾਰਕ ਮੈਂਬਰ ਵੀ ਆਰਥਿਕ ਸਹਾਇਤਾ ਲਈ ਪ੍ਰਦਰਸ਼ਨ ਕਰ ਰਹੇ ਸਨ। ਧਿਆਨ ਰਹੇ ਕਿ ਹੋਮਗਾਰਡ ਦੇ ਪਰਿਵਾਰਕ ਮੈਂਬਰ ਪਹਿਲਾਂ ਮੁਹਾਲੀ ਵਿਚ ਪ੍ਰਦਰਸ਼ਨ ਕਰ ਰਹੇ ਸਨ ਅਤੇ ਜਦ ਸਰਕਾਰ ਨੇ ਉਨ੍ਹਾਂ ਦੀ ਕੋਈ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਪੀੜਤ ਪਰਿਵਾਰ ਦੇ ਇਕ ਮੈਂਬਰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਇਸੇ ਤਰ੍ਹਾਂ ਪ੍ਰਦਰਸ਼ਨ ਕਰਦੇ ਰਹਿਣਗੇ।